ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਦੀ ਕੀਤੀ ਗਈ ਚੋਣ
- ਅਗਲਾ ਰੋਜ਼ਗਾਰ ਕੈਂਪ 28 ਜੂਨ ਨੂੰ
ਹਰੀਸ਼ ਕਾਲੜਾ
ਰੂਪਨਗਰ, 24 ਜੂਨ 2022: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਗਿਆ ਜਿਸ ਦੋਰਾਨ 11 ਉਮੀਦਵਾਰਾਂ ਨੂੰ ਸਵਰਾਜ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਨਿਯੋਜਕਾਂ ਵੱਲੋਂ ਐਸੋਸੀਏਟ ਟ੍ਰੇਨੀ ਤੇ ਉਪਰੇਟਰ ਦੀਆਂ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਬਾਰਵ੍ਹੀ ਅਤੇ ਆਈ.ਟੀ.ਆਈ ਪਾਸ ਰੱਖੀ ਗਈ ਸੀ। ਇਸ ਕੈਂਪ ਵਿੱਚ ਸਿਰਫ਼ ਲੜਕਿਆਂ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਵਿੱਚ 18 ਉਮੀਦਵਾਰਾਂ ਵੱਲੋਂ ਹਿੱਸਾ ਲਿਆ ਗਿਆ ਅਤੇ 11 ਉਮੀਦਵਾਰਾਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ।
ਪਲੇਸਮੈਂਟ ਅਫ਼ਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਹਰ ਹਫਤੇ 2 ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਅਤੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਕਿ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਜਾਣਕਾਰੀ ਐਨ.ਸੀ.ਐਸ ਪੋਰਟਲ ਤੇ ਅਪਲੋਡ ਕੀਤੀ ਜਾਂਦੀ ਹੈ, ਤਾਂ ਜੋ ਉਮੀਦਵਾਰ ਸਮੇਂ ਸਿਰ ਆਪਣੀ ਯੋਗਤਾ ਦੇ ਅਨੁਸਾਰ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਣ।
ਅਰੁਣ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਅਗਲਾ 28 ਜੂਨ ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਹਰਬਲ ਹੈਲਥ ਪ੍ਰਾਈਵੇਟ ਲਿਮੀਟਡ ਦੇ ਨਿਯੋਜਕਾਂ ਵੱਲੋਂ ਵੈਲਨੈਸ ਐਡਵਾਈਜ਼ਰ ਦੀਆਂ ਅਸਾਮੀਆਂ ਲਈ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਬਾਰਵ੍ਹੀ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ ਅਤੇ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 25 ਸਾਲ ਹੋਣੀ ਚਾਹੀਦੀ ਹੈ।
ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ ਲੈ ਕੇ ਸਮੇਂ ਸਿਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਹਾਜ਼ਰ ਹੋਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।