ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤੀ ਭਾਸ਼ਾ ਸੰਮੇਲਨ ਅਤੇ ਰਾਸ਼ਟਰੀ ਸੈਮੀਨਾਰ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 22 ਮਾਰਚ2024: ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ ਭਾਰਤੀ ਭਾਸ਼ਾ ਸਮਿਤੀ, ਸਿੱਖਿਆ ਮੰਤਰਾਲਾ, ਭਾਰਤ ਸਰਕਾਰ ਅਤੇ ਭਾਰਤੀ ਅਧਿਆਪਕ ਸੰਘ ਦੇ ਸਾਂਝੇ ਪ੍ਰਬੰਧ ਹੇਠ ਇੱਕ ਰੋਜ਼ਾ ਭਾਰਤੀ ਭਾਸ਼ਾ ਸੰਮੇਲਨ ਅਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਪ੍ਰੋ. ਦਿਨੇਸ਼ ਕੁਮਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਪ੍ਰੋ. ਦਿਨੇਸ਼ ਕੁਮਾਰ ਸਿੰਘ ਨੇ ਕਿਹਾ ਕਿ ਵੱਖ-ਵੱਖ ਖੋਜ ਕਾਰਜਾਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਇੱਕ ਡਾਕਟਰ ਆਪਣੇ ਮਰੀਜ਼ ਦੀ ਬਿਮਾਰੀ ਦੀ ਸਹੀ ਜਾਂਚ ਅਤੇ ਵਧੀਆ ਇਲਾਜ ਉਦੋਂ ਹੀ ਕਰ ਸਕਦਾ ਹੈ ਜਦੋਂ ਉਹ ਮਰੀਜ਼ ਦੀ ਮਾਂ-ਬੋਲੀ ਵਿੱਚ ਬਿਮਾਰੀ ਦੇ ਲੱਛਣਾਂ ਨੂੰ ਜਾਣਨ ਦੀ ਕੋਸ਼ਿਸ਼ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮਾਤ ਭਾਸ਼ਾ ਵਿੱਚ ਸਿੱਖਿਆ ਵਿਦਿਆਰਥੀ ਨੂੰ ਆਪਣੇ ਵਿਸ਼ੇ ਨੂੰ ਡੂੰਘਾਈ ਨਾਲ ਸਮਝਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਭਾਰਤੀ ਭਾਸ਼ਾਵਾਂ ਵਿੱਚ ਸਿਹਤ ਸਿੱਖਿਆ ਦੀ ਤਾਜ਼ਾ ਸਥਿਤੀ ਨੂੰ ਉਜਾਗਰ ਕਰਦੇ ਹੋਏ, ਉਹਨਾਂ ਨੇ ਭਾਸ਼ਾ ਵਿਗਿਆਨੀਆਂ ਅਤੇ ਅਨੁਵਾਦਕਾਂ ਨੂੰ ਭਾਰਤੀ ਭਾਸ਼ਾਵਾਂ ਵਿੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕਿਹਾ ਕਿ ਭਾਸ਼ਾ ਨਾ ਸਿਰਫ਼ ਸੰਚਾਰ ਦਾ ਮਾਧਿਅਮ ਹੈ ਸਗੋਂ ਸਾਡੇ ਸੱਭਿਆਚਾਰ ਦੀ ਵਾਹਕ ਵੀ ਹੈ। ਉਨ੍ਹਾਂ ਚੀਨ, ਜਾਪਾਨ ਅਤੇ ਡੈਨਮਾਰਕ ਦੇ ਵੱਖ-ਵੱਖ ਪ੍ਰਸਿੱਧ ਵਿਗਿਆਨੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਨੇ ਆਪਣੀ ਮਾਤ ਭਾਸ਼ਾ ਵਿੱਚ ਸਿੱਖਿਆ ਪ੍ਰਾਪਤ ਕਰਨ ਉਪਰੰਤ ਮਿਆਰੀ ਖੋਜ ਕਾਰਜ ਕਰਕੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਭਾਸ਼ਾਵਾਂ 'ਤੇ ਪੁਸਤਕਾਂ ਲਿਖਣਾ ਅਤੇ ਅਨੁਵਾਦ ਕਰਨਾ ਅਜੋਕੇ ਸਮੇਂ ਦੀ ਲੋੜ ਹੈ। ਇਸ ਲਈ ਖੋਜਾਰਥੀਆਂ ਅਤੇ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਮਾਂ-ਬੋਲੀ ਵਿੱਚ ਸਾਹਿਤਕ ਸਮੱਗਰੀ ਤਿਆਰ ਕਰਨ ਅਤੇ ਆਪਣੇ ਵਿਸ਼ੇ ਵਿੱਚ ਮੌਜੂਦ ਪ੍ਰਸਿੱਧ ਪੁਸਤਕਾਂ ਦਾ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦਾ ਕੰਮ ਕਰਨ।ਭਾਰਤੀ ਭਾਸ਼ਾਵਾਂ ਬਾਰੇ ਕਰਵਾਈ ਗਈ ਇਸ ਕਾਨਫਰੰਸ ਵਿੱਚ ਚਾਰ ਲੈਕਚਰ ਵੀ ਕਰਵਾਏ ਗਏ ਜਿਸ ਵਿੱਚ ਪ੍ਰੋ. ਨਰੇਸ਼ ਮਿਸ਼ਰਾ, ਰਿਟਾਇਰਡ ਪ੍ਰੋਫ਼ੈਸਰ ਅਤੇ ਚੇਅਰਮੈਨ, ਹਿੰਦੀ ਵਿਭਾਗ, ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ; ਸ੍ਰੀ ਕੀਰਤੀ ਕਿਰਪਾਲ, ਜ਼ਿਲ੍ਹਾ ਭਾਸ਼ਾ ਅਫ਼ਸਰ, ਬਠਿੰਡਾ, ਪ੍ਰੋ. ਜੋਗਾ ਸਿੰਘ, ਸੇਵਾਮੁਕਤ ਪ੍ਰੋਫੈਸਰ ਅਤੇ ਸਾਬਕਾ ਚੇਅਰਮੈਨ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ ਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ; ਅਤੇ ਸ਼੍ਰੀ ਰੁਪਿੰਦਰ ਸ਼ਰਮਾ, ਹਿੰਦੀ ਅਫਸਰ, ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਵਿਸ਼ੇਸ਼ ਬੁਲਾਰਿਆਂ ਵਜੋਂ ਆਪਣੇ ਵਿਚਾਰ ਸਾਂਝੇ ਕੀਤੇ।