ਤੈਰਾਕੀ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਨੀਤ ਕੁਮਾਰ ਨਾਲ ਡੀ.ਈ.ਓ ਮਲਕੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਸ਼ਰਮਾ ਤੇ ਹੋਰ।
ਫ਼ਿਰੋਜ਼ਪੁਰ, 14 ਅਗਸਤ, 2017 : ਓਲੰਪਿਕ ਖੇਡਣ ਜਿਹੇ ਉੱਚੇ ਸੁਪਨੇ ਲੈ ਕੇ ਸਕੂਲੀ ਪੜ੍ਹਾਈ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਸਰੀਰਕ ਸ਼ਕਤੀ ਝੋਕਣ ਵਾਲੇ ਸਕੂਲੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਆਜ਼ਾਦੀ ਦਿਵਸ ਮੌਕੇ ਸਨਮਾਨਿਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਕੁਝ ਸਮਾਂ ਨਾ ਕੱਢ ਸਕਿਆ ਜਦ ਕਿ ਖਿਡਾਰੀਆਂ ਦੇ ਰੋਹ ਨੂੰ ਭਾਂਪਦਿਆਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸਨਮਾਨਿਤ ਹੋਣ ਵਾਲੇ ਸਕੂਲੀ ਖਿਡਾਰੀਆਂ ਨੂੰ ਪ੍ਰਸਾਸ਼ਨ ਇੱਕ ਦਿਨ ਪਹਿਲਾਂ ਹੀ ਸਰਟੀਫਿਕੇਟ ਦੇ ਕੇ ਆਪਣੀ ਜਿੰਮੇਵਾਰੀ ਤੋਂ ਸੁਰਖੁਰੂ ਹੋ ਗਿਆ। ਉੱਧਰ ਅੱਜ ਆਜ਼ਾਦੀ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰਸਾਸ਼ਨ ਉਹਨਾਂ ਨੂੰ ਅਣਗਿਣਤ ਸ਼ਖਸ਼ੀਅਤਾਂ ਨੂੰ ਸਨਮਾਨਿਤ ਕਰਨ ਵਿੱਚ ਖੁਸ਼ੀ ਮਹਿਸੂਸ ਕਰੇਗਾ ਜਿਹਨਾਂ ਵਿੱਚ ਉਹਨਾਂ ਦੇ ਆਪਣੇ ਚਹੇਤੇ ਅਤੇ ਉਹ ਸਰਕਾਰੀ ਮੁਲਾਜ਼ਮ ਹਨ ਜੋ ਸਰਕਾਰੀ ਡਿਊਟੀ ਕਰਨ ਬਦਲੇ ਸਰਕਾਰ ਤੋਂ ਮਨ੍ਹਾ ਮੂੰਹੀ ਤਨਖਾਹਾਂ ਪ੍ਰਾਪਤ ਕਰ ਰਹੇ ਹਨ। ਭਾਂਵੇ ਕਿ ਆਜ਼ਾਦੀ ਦਿਵਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨਾ ਸ਼ਾਮਲ ਹੋਣ ਵਾਲੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਅਦ ਦੁਪਿਹਰ ਫ਼ਿਰੋਜ਼ਪਰ ਵਿਖੇ ਪਹੁੰਚ ਗਏ ਸਨ ਪਰ ਪ੍ਰਸਾਸ਼ਨ ਨੇ ਵੱਡੇ ਵੱਡੇ ਸੁਪਨੇ ਸੰਜੋਈ ਬੈਠੇ ਨੰਨ੍ਹੇ ਖਿਡਾਰੀਆਂ ਨਾਲ ਨਾ ਇਨਸਾਫੀ ਕਰਦਿਆਂ ਪ੍ਰਸਾਸਨ ਤਰਫੋਂ ਆਪਣਾ ਅੱਧਾ ਕੰਮ ਨਿਬੇੜਨ ਲਿਆ।
ਵਧੀਕ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਖੇਡਾਂ ਵਿੱਚ ਨਾਮਣਾ ਖੱਟਣ ਵਾਲੇ ਵੱਡੀ ਗਿਣਤੀ ਵਿੱਚ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀ ਕੀਤੀ ਸਖ਼ਤ ਮਿਹਨਤ ਸਦਕਾ ਹੀ ਜ਼ਿਲ੍ਹੇ ਦਾ ਨਾਮ ਰੌਸ਼ਨ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਉਹ ਹੋਰ ਸਖ਼ਤ ਮਿਹਨਤ ਕਰਨ ਅਤੇ ਅਗਾਂਹ ਨੈਸ਼ਨਲ ਪੱਧਰ ਤੱਕ ਪਹੁੰਚਣ ਅਤੇ ਆਪਣੇ ਮਾਤਾ ਪਿਤਾ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਤਾਂ ਜੋ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਨਾ ਲੈ ਕੇ ਹੋਰ ਖਿਡਾਰੀ ਵੀ ਖੇਡਾਂ ਵਿੱਚ ਆਪਣੀ ਦਿਲਚਸਪੀ ਦਿਖਾਉਣ । ਉਨ੍ਹਾਂ ਕਿਹਾ ਕਿ ਇਹ ਖਿਡਾਰੀ ਦੂਸਰਿਆਂ ਲਈ ਰੋਲ ਮਾਡਲ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਅਗਾਂਹ ਵਧਣ ਦੀ ਪ੍ਰੇਰਨਾ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਖਿਡਾਰੀਆਂ ਨੂੰ ਹਰ ਤਰ੍ਹਾਂ ਦਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਇਨ੍ਹਾਂ ਦਾ ਸਾਰਾ ਧਿਆਨ ਖੇਡ ਵੱਲ ਹੀ ਆਕਰਸ਼ਿਤ ਰਹੇ ਤਾਂ ਜੋ ਇਨ੍ਹਾਂ ਨੂੰ ਖੇਡਾਂ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਪ੍ਰਗਟ ਸਿੰਘ ਬਰਾੜ ਡਿਪਟੀ ਡੀ.ਈ.ਓ, ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ/ਵਿਦਿਆਰਥੀ ਵੀ ਹਾਜ਼ਰ ਸਨ।