ਗੁਰਿੰਦਰ ਸਿੰਘ
ਫਿਰੋਜ਼ਪੁਰ 30 ਜਨਵਰੀ 2018 :
ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਦੇਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਐਸ.ਡੀ.ਐਮ ਫਿਰੋਜ਼ਪੁਰ ਹਰਜੀਤ ਸਿੰਘ ਸੰਧੂ ਨੇ ਸ਼ਿਰਕਤ ਕੀਤੀ।
ਸ੍ਰ: ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਮੁੱਖ ਮਕਸਦ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਰੁਜ਼ਗਾਰ ਮੇਲਾ ਵੱਖ-ਵੱਖ ਕੰਪਨੀਆਂ/ਉਦਯੋਗਿਕ ਅਦਾਰਿਆਂ ਦੀ ਸਹਾਇਤਾ ਨਾਲ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਗਾਏ ਗਏ ਇਸ ਰੁਜ਼ਗਾਰ ਮੇਲੇ ਵਿੱਚ 213 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਵੱਖ-ਵੱਖ ਕੰਪਨੀਆਂ ਦੁਆਰਾ 48 ਯੋਗ ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ ਹੈ। ਇਸ ਤੋਂ ਇਲਾਵਾ ਰੁਜ਼ਗਾਰ ਮੇਲੇ ਦੌਰਾਨ ਐਲ.ਡੀ.ਐਮ ਸ਼੍ਰੀ ਆਰ.ਕੇ ਗੁਪਤਾ ਵੱਲੋਂ ਉਮੀਦਵਾਰਾਂ ਨੂੰ ਸਵੈ-ਰੁਜ਼ਗਾਰ ਲਈ ਲੋਨ ਸਬੰਧੀ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਅਸ਼ੋਕ ਜਿੰਦਲ ਸੁਪਰਡੰਟ, ਸ਼੍ਰੀਮਤੀ ਚੰਚਲਾ ਦੇਵੀ, ਸ਼੍ਰੀਮਤੀ ਬੇਅੰਤ ਕੌਰ, ਕੁਲਵਿੰਦਰ ਸਿੰਘ, ਪੰਕੁਸ਼ ਵਾਟਸ ਅਤੇ ਸਰਬਜੀਤ ਸਿੰਘ ਮਿਸ਼ਨ ਮੈਨੇਜ਼ਰ ਪੀ.ਐਸ.ਡੀ.ਐਮ ਆਦਿ ਹਾਜ਼ਰ ਸਨ।