ਫਤਹਿਗੜ੍ਹ ਸਾਹਿਬ 07 ਨਵੰਬਰ 2019: ਪਿਛਲੇ ਦਿਨੀਂ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਪ੍ਰਾਇਮਰੀ ਅਧਿਆਪਕਾਂ ਬਾਰੇ ਰੈਸ਼ਨੇਲਾਈਜੇਸ਼ਨ ਨੀਤੀ ਵਿੱਚ ਅਨੇਕਾਂ ਤਰੁੱਟੀਆਂ ਦਾ ਨੋਟਿਸ ਲੈਂਦਿਆਂ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ ਵੱਲੋਂ ਸੂਬਾ ਪ੍ਰਧਾਨ ਦਵਿੰਦਰ ਪੂਨੀਆ, ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜਿਲ੍ਹਾ ਪ੍ਰਧਾਨ ਲਖਵਿੰਦਰ ਰੁੜਕੀ ਅਤੇ ਜਿਲ੍ਹਾ ਸਕੱਤਰ ਜੋਸ਼ੀਲ ਤਿਵਾੜੀ ਨੇ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਪਾਸੋਂ ਇਸ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਦੀ ਮੰਗ ਕੀਤੀ।
ਆਗੂਆਂ ਨੇ ਦੱਸਿਆ ਕਿ ਇਸ ਨੀਤੀ ਤਹਿਤ ਹੈੱਡ ਟੀਚਰ ਦੀ ਪੋਸਟ ਲਈ ਘੱਟੋ ਘੱਟ ੫੧ ਵਿਦਿਆਰਥੀਆਂ ਦੀ ਸ਼ਰਤ ਰੱਖੀ ਗਈ ਹੈ ਜੋ ਕਿ ਸਹੀ ਨਹੀਂ ਹੈ। ਹਰ ਸਕੂਲ ਦੇ ਪ੍ਰਬੰਧ ਨੂੰ ਚਲਾਉਣ ਲਈ ਹੈੱਡ ਟੀਚਰ ਦਾ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਹਰ ਸਕੂਲ ਵਿੱਚ ਹੈੱਡ ਟੀਚਰ ਦੀ ਪੋਸਟ ਜ਼ਰੂਰ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਸੈਂਟਰ ਹੈੱਡ ਟੀਚਰ ਜਿਸ ਨੇ ਕਿ ਪੂਰੇ ਸੈਂਟਰ ਦੀ ਡਾਕ ਦਾ ਅਤੇ ਹੋਰ ਕੰਮਾਂ ਦਾ ਪ੍ਰਬੰਧ ਕਰਨਾ ਹੁੰਦਾ ਹੈ ਅਤੇ ਧਿਆਨ ਰੱਖਣਾ ਹੁੰਦਾ ਹੈ, ਦੀ ਪੋਸਟ ਨੂੰ ਪ੍ਰਬੰਧਕੀ ਪੋਸਟ ਗਿਣਿਆ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗਿਣਤੀ ਨੂੰ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਸ਼ਾਮਲ ਕਰਕੇ ਹੀ ਅਸਾਮੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਲੋੜਾਂ ਨੂੰ ਅਣਗੌਲਿਆਂ ਕਰਕੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਉੱਤੇ ਅਧਿਆਪਕਾਂ ਨੂੰ ਸਰਪਲੱਸ ਕਰ ਕੇ ਇੱਕ ਅਫਰਾ-ਤਫਰੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਪ੍ਰਾਇਮਰੀ ਕਾਡਰ ਦੇ ਜ਼ਿਲ੍ਹਾ ਕਾਡਰ ਹੋਣ ਦੀ ਜਾਣਕਾਰੀ ਦਿੰਦਿਆਂ ਮੰਗ ਕੀਤੀ ਕਿ ਪ੍ਰਾਇਮਰੀ ਅਧਿਆਪਕਾਂ ਨੂੰ ਜ਼ਿਲ੍ਹੇ ਵਿੱਚ ਹੀ ਅਡਜਸਟ ਕੀਤਾ ਜਾਵੇ, ਇਸ ਲਈ ਵਿਭਾਗ ਨੂੰ ਵਿਦਿਆਰਥੀ ਅਧਿਆਪਕ ਅਨੁਪਾਤ ਘੱਟ ਕਰਕੇ ਅਧਿਆਪਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਿੱਖਿਆ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਕਲਾਸ ਲਈ ਘੱਟੋ ਘੱਟ ਇੱਕ ਅਧਿਆਪਕ ਜ਼ਰੂਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਹ ਨੀਤੀ ਸਿੱਖਿਆ ਦੀ ਗੁਣਵੱਤਾ ਨੂੰ ਧਿਆਨ ਵਿੱਚ ਨਹੀਂ ਰੱਖਦੀ, ਇੱਕ ਅਧਿਆਪਕ ਨੂੰ ਦੋ ਜਾਂ ਦੋ ਤੋਂ ਵੱਧ ਕਲਾਸਾਂ ਦੇਣ ਨੂੰ ਠੀਕ ਐਲਾਨਦੀ ਹੈ, ਇਸ ਨੀਤੀ ਤਹਿਤ ਜਿੱਥੇ ਸਿੱਖਿਆ ਦੀ ਗੁਣਵੱਤਾ ਤੇ ਮਾੜਾ ਅਸਰ ਪਏਗਾ, ਉੱਥੇ ਅਧਿਆਪਕਾਂ ਨਾਲ ਵੀ ਇਸ ਨੀਤੀ ਤਹਿਤ ਧੱਕਾ ਹੋਣ ਦੀ ਸੰਭਾਵਨਾ ਬਣਦੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਇਸ ਨੀਤੀ ਤਹਿਤ ਅਧਿਆਪਕਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਿੱਖਿਆ ਵਿਭਾਗ ਵਿਰੁੱਧ ਸੰਘਰਸ਼ ਦਾ ਬਿਗਲ ਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਡੀ ਟੀ ਐੱਫ ਵੱਲੋਂ ਐਲਾਨੇ ਜਾ ਚੁੱਕੇ ੧੮ ਤੋਂ ੨੪ ਨਵੰਬਰ ਤੱਕ ਤਹਿਸੀਲ ਪੱਧਰੀ ਐਕਸ਼ਨ ਅਤੇ ਪਹਿਲੀ ਦਸੰਬਰ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਕੀਤੇ ਜਾਣ ਵਾਲੇ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਵੱਲੋਂ ਸ਼ਮੂਲੀਅਤ ਕਰਕੇ ਸਰਕਾਰ ਦੀਆਂ ਸਿੱਖਿਆ ਵਿਰੋਧੀ ਅਤੇ ਲੋਕ-ਮਾਰੂ ਨੀਤੀਆਂ ਨੂੰ ਭਾਂਜ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ ਸਿੰਘ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਧਰਮ ਸਿੰਘ ਸੂਜਾਪੁਰ, ਓਮ ਪ੍ਰਕਾਸ਼ ਮਾਨਸਾ, ਰਾਜੀਵ ਕੁਮਾਰ ਬਰਨਾਲਾ ਤੇ ਜਗਪਾਲ ਸਿੰਘ ਬੰਗੀ, ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ, ਜਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ ਤੇ ਰੁਪਿੰਦਰਪਾਲ ਸਿੰਘ ਗਿੱਲ, ਸੰਯੁਕਤ ਸਕੱਤਰ ਕੁਲਵਿੰਦਰ ਸਿੰਘ ਜੋਸਨ ਤੇ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸਹਾਇਕ ਵਿੱਤ ਸਕੱਤਰ ਅਸ਼ਵਨੀ ਕੁਮਾਰ ਟਿੱਬਾ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ ਵੀ ਹਾਜ਼ਰ ਰਹੇ।
ਪ੍ਰੈੱਸ ਸਕੱਤਰ: ਪਵਨ ਕੁਮਾਰ ਮੁਕਤਸਰ, ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ