ਨਵੀਂ ਦਿੱਲੀ, 18 ਫਰਵਰੀ 2019 - ਭਾਰਤੀ ਫ਼ਿਲਮ ਉਦਯੋਗ ਨੇ ਅੱਜ ਸੋਮਵਾਰ ਨੂੰ ਪਾਕਿਸਤਾਨੀ ਕਲਾਕਾਰਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਹੈ। ਭਾਰਤੀ ਫ਼ਿਲਮ ਉਦਯੋਗ ਲਈ ਨਿਯਮਾਂ ਅਤੇ ਕਾਨੂੰਨਾਂ ਦੀ ਪੈਰਵੀ ਕਰਨ ਵਾਲੀ ਜਥੇਬੰਦੀ ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ AICWA ਨੇ ਪਾਕਿਸਤਾਨੀ ਕਲਾਕਾਰਾਂ ਨੂੰ ਫ਼ਿਲਮ ਉਦਯੋਗ ਚ ਕੰਮ ਦੇਣ ਦਾ ਬਾਈਕਾਟ ਕਰ ਦਿੱਤਾ ਹੈ।
ਪ੍ਰੈਸ ਬਿਆਨ ਜਾਰੀ ਕਰਦਿਆਂ AICWA ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਚ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 40 ਜਵਾਨਾਂ ਦੀ ਸ਼ਹਾਦਤ ਕਾਰਨ ਪੂਰਾ ਭਾਰਤ ਇਸ ਵੇਲੇ ਪਾਕਿਸਤਾਨ ਖਿਲਾਫ਼ ਜ਼ਬਰਦਸਤ ਗੁੱਸੇ ਦਾ ਇਜ਼ਹਾਰ ਕਰ ਰਿਹਾ ਹੈ। ਇਹ ਹਮਲਾ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਵਲੋਂ ਕਰਵਾਇਆ ਗਿਆ ਸੀ। ਜਿਸਨੂੰ ਲੈ ਕੇ ਪਾਕਿਸਤਾਨ ਸਰਕਾਰ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੁਲਵਾਮਾ ਚ ਹੋਏ ਇਸ ਅੱਤਵਾਦੀ ਹਮਲੇ ਨੂੰ ਦੇਖਦਿਆਂ ਅਸੀਂ ਪਾਕਿਸਤਾਨੀ ਕਲਾਕਾਰਾਂ ਦਾ ਬਾਈਕਾਟ ਕਰਦੇ ਹਾਂ ਕਿਉਂਕਿ ਸਾਡੇ ਲਈ ਦੇਸ਼ ਸਭ ਤੋਂ ਪਹਿਲਾਂ ਹੈ ਤੇ ਅਸੀਂ ਆਪਣੇ ਦੇਸ਼ ਨਾਲ ਖੜ੍ਹੇ ਹਾਂ।