'ਅਕਾਲ ਤਖ਼ਤ ਦੁਨੀਆ ਦਾ ਸਰਵਉੱਚ ਨਿਆਂ ਦਾ ਤਖ਼ਤ' : ਜਥੇਦਾਰ ਕੁਲਦੀਪ ਸਿੰਘ ਗੜਗੱਜ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 5 ਜੁਲਾਈ 2026 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਅੱਜ ਸ੍ਰੀ ਧਾਰਮਿਕ ਸਮਾਗਮ ਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ । ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹੀ ਦੇ ਦਿਨ ਸੰਨ 1606 ਵਿੱਚ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ-ਪੀਰੀ ਦੇ ਸਿਧਾਂਤ ਨੂੰ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ ਸੀ।
ਉਨ੍ਹਾਂ ਕਿਹਾ ਕਿ ਉਸ ਸਮੇਂ ਜਦੋਂ ਜ਼ੁਲਮ ਅਤੇ ਅਨਿਆ ਦਾ ਦੌਰ ਸੀ ਅਤੇ ਦੁਨਿਆਵੀ ਤਖ਼ਤਾਂ ਤੋਂ ਇਨਸਾਫ਼ ਦੀ ਆਸ ਮੁੱਕ ਚੁੱਕੀ ਸੀ, ਉਦੋਂ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਸਰਵਉੱਚ ਨਿਆਂ ਦਾ ਤਖ਼ਤ ਬਖ਼ਸ਼ਿਆ। ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਸਿੱਖਾਂ ਦਾ ਧਾਰਮਿਕ ਕੇਂਦਰ ਹੀ ਨਹੀਂ, ਸਗੋਂ ਸਮੁੱਚੇ ਖਾਲਸਾ ਪੰਥ ਦੀ ਧਾਰਮਿਕ, ਸਮਾਜਿਕ ਅਤੇ ਰਾਜਸੀ ਅਗਵਾਈ ਕਰਨ ਵਾਲਾ ਸਰਵਉੱਚ ਤਖ਼ਤ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸਿੱਖ ਹਰ ਵੱਡੇ ਮਸਲੇ 'ਤੇ ਅਕਾਲ ਤਖ਼ਤ ਸਾਹਿਬ ਵੱਲ ਹੀ ਦੇਖਦੇ ਹਨ ਅਤੇ ਇੱਥੋਂ ਹਮੇਸ਼ਾ ਹੱਕ, ਸੱਚ ਅਤੇ ਇਨਸਾਫ਼ ਦੀ ਆਵਾਜ਼ ਉੱਠਦੀ ਰਹੀ ਹੈ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਜੋ ਤਾਕਤਾਂ ਸਿੱਖ ਕੌਮ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਆਉਣ ਵਾਲੀਆਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨਾ ਚਾਹੀਦਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਬੇਕਸੂਰ ਲੋਕਾਂ ਨਾਲ ਅਨਿਆਂ ਹੋਇਆ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਮੁਕਾਬਲਿਆਂ ਅਤੇ ਨਿਰਦੋਸ਼ਾਂ ਦੀਆਂ ਹੱਤਿਆਵਾਂ ਵਰਗੀਆਂ ਘਟਨਾਵਾਂ ਮਨੁੱਖਤਾ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਾਕਮਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਨਿਆਂ ਅਤੇ ਇਨਸਾਫ਼ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਕਿਸੇ ਵੀ ਬੇਕਸੂਰ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਸਾਰੀ ਮਨੁੱਖਤਾ ਨੂੰ ਆਪਣੇ ਕਲਾਵੇ ਵਿੱਚ ਲੈਣ, ਆਪਸੀ ਭਾਈਚਾਰੇ ਅਤੇ "ਸਰਬੱਤ ਦੇ ਭਲੇ" ਦਾ ਸੰਦੇਸ਼ ਦਿੰਦਾ ਆਇਆ ਹੈ। ਗੁਰੂ ਸਾਹਿਬਾਨ ਦੀ ਸਿੱਖਿਆ ਅਨੁਸਾਰ ਹਰ ਇਨਸਾਨ ਵਿੱਚ ਪਰਮਾਤਮਾ ਨੂੰ ਵੇਖਦਿਆਂ ਸੱਚ, ਨਿਆਂ ਅਤੇ ਮਨੁੱਖਤਾ ਦੀ ਸੇਵਾ ਦੇ ਰਾਹ 'ਤੇ ਚੱਲਣਾ ਹੀ ਸਿੱਖੀ ਦਾ ਅਸਲ ਮੰਤਵ ਹੈ।
- Download Babushahi App
-
-