'ਯੁੱਧ ਨਸ਼ਿਆਂ ਵਿਰੁੱਧ': ਨਸ਼ਾ ਤਸਕਰ ਦੀ ਗੈਰ ਕਾਨੂੰਨੀ ਇਮਾਰਤ 'ਤੇ ਚੱਲਿਆ ਸਰਕਾਰੀ ਬੁਲਡੋਜ਼ਰ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 14ਅਪ੍ਰੈਲ 2026:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਬਰੀਵਾਲਾ ਅੰਦਰ ਆਉਂਦੇ ਪਿੰਡ ਮਰਾੜ੍ਹ ਕਲਾਂ ਦੇ ਗੁਰਜੀਤ ਸਿੰਘ ਉਰਫ ਨਿੱਕੂ ਪੁੱਤਰ ਕਾਰਜ ਸਿੰਘ ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।
ਇਸ ਮਾਮਲੇ ਵਿੱਚ ਸ਼੍ਰੀ ਮਨਮੀਤ ਢਿੱਲੋ, ਐਸ.ਪੀ (ਡੀ) ਜੀ ਨੇ ਦੱਸਿਆ ਕਿ ਗੁਰਜੀਤ ਸਿੰਘ ਉਰਫ ਨਿੱਕੂ ਪੁੱਤਰ ਕਾਰਜ ਸਿੰਘ ਤੇ ਨਸ਼ਾ ਤਸਕਰੀ ਦੇ 02 ਮੁਕਦਮੇ ਦਰਜ ਹਨ ।
ਸ਼੍ਰੀ ਮਨਮੀਤ ਢਿੱਲੋ, ਐਸ.ਪੀ.ਡੀ ਜੀ ਨੇ ਦੱਸਿਆ ਕਿ ਸ਼੍ਰੀ ਅਭਿਮੰਨਿਊ ਰਾਣਾ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਜੀ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਕੰਪੀਟੈਂਟ ਅਥੋਰਿਟੀ ਦਿੱਲੀ ਤੋਂ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ , ਸ. ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਪ੍ਰਸ਼ਾਸਨ ਵੀ ਹਾਜ਼ਰ ਸਨ।
Click to Follow Babushahi Facebook page →