'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਰੱਲਾ ਵਿੱਚ ਨਸ਼ੇੜੀਆਂ ਦਾ ਅੱਡਾ ਬਣੀ ਇਮਾਰਤ ਢਾਹੀ
ਅਸ਼ੋਕ ਵਰਮਾ
ਮਾਨਸਾ, 28 ਨਵੰਬਰ 2026:ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਠਿਕਾਣਿਆਂ ਵਿਰੁੱਧ ਸਖ਼ਤ ਕਾਰਵਾਈ ਵਿੱਢੀ ਗਈ ਹੈ। ਇਸੇ ਲੜੀ ਤਹਿਤ ਬਲਾਕ ਮਾਨਸਾ ਦੇ ਪਿੰਡ ਰੱਲਾ ਦੇ ਡਰੱਗ ਹੋਟ ਸਪੋਟ ਖੇਤਰ ਵਿੱਚ ਸਥਿਤ ਇੱਕ ਪੁਰਾਣੀ ਅਤੇ ਖੰਡਰ ਹੋ ਚੁੱਕੀ ਪੰਚਾਇਤੀ ਇਮਾਰਤ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜੇਸੀਬੀ ਦੀ ਮਦਦ ਨਾਲ ਨਿਯਮਾਂ ਅਨੁਸਾਰ ਢਾਹ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕ੍ਰਿਤਿਕਾ ਗੋਇਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਰੱਗ ਹੋਟ ਸਪੋਟ ਥਾਵਾਂ ਵਿੱਚ ਲਗਾਤਾਰ ਅਜਿਹੀਆਂ ਲੋਕ-ਪੱਖੀ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਰੱਗ ਹੋਟ ਸਪੋਟ ਥਾਵਾਂ ਦੀ ਕਾਇਆ ਕਲਪ ਕਰਨ ਦੇ ਉਦੇਸ਼ ਨਾਲ 60 ਰੋਜ਼ਾ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਏ.ਡੀ.ਸੀ. ਕ੍ਰਿਤਿਕਾ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲਾਂ ਜ਼ਿਲ੍ਹੇ ਦੀਆਂ ਅਜਿਹੀਆਂ ਥਾਵਾਂ ਦੀ ਪਛਾਣ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਇੱਕ ਵਿਸ਼ੇਸ਼ ਸਰਵੇਖਣ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਵੇਖਣ ਦੌਰਾਨ ਵਿਭਾਗੀ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ ਕਿ ਕਈ ਪਿੰਡਾਂ ਵਿੱਚ ਅਜਿਹੀਆਂ ਖੰਡਰ ਤੇ ਅਣਵਰਤੀਆਂ ਇਮਾਰਤਾਂ ਜਾਂ ਸੰਘਣੀਆਂ ਝਾੜੀਆਂ ਵਾਲੀਆਂ ਥਾਵਾਂ ਮੌਜੂਦ ਹਨ, ਜਿਨ੍ਹਾਂ ਓਹਲੇ ਬੈਠ ਕੇ ਮਾੜੇ ਅਨਸਰ ਕਥਿਤ ਤੌਰ 'ਤੇ ਨਸ਼ਿਆਂ ਦਾ ਸੇਵਨ ਕਰਦੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਗ਼ੈਰ-ਸਮਾਜਿਕ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਸਥਾਈ ਤੌਰ ਉੱਤੇ ਠੱਲ੍ਹ ਪਾਉਣ ਲਈ ਇਨ੍ਹਾਂ ਥਾਵਾਂ ਨੂੰ ਤੁਰੰਤ ਸਾਫ਼ ਕਰਵਾਉਣਾ ਅਤੇ ਢੁਕਵੀਂ ਕਾਰਵਾਈ ਕਰਨਾ ਬੇਹੱਦ ਜ਼ਰੂਰੀ ਸੀ।ਏਡੀਸੀ ਸ੍ਰੀਮਤੀ ਕ੍ਰਿਤਿਕਾ ਗੋਇਲ ਨੇ ਸਪੱਸ਼ਟ ਕੀਤਾ ਕਿ ਪਛਾਣ ਕੀਤੀਆਂ ਗਈਆਂ ਸਾਰੀਆਂ ਥਾਵਾਂ ਸਬੰਧੀ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਆਪਸੀ ਤਾਲਮੇਲ ਕਰਕੇ ਅਜਿਹੀਆਂ ਖੰਡਰ ਇਮਾਰਤਾਂ ਨੂੰ ਢਾਹੁਣ ਜਾਂ ਲੋੜ ਅਨੁਸਾਰ ਨਵੀਨੀਕਰਨ ਕੀਤੇ ਜਾਣ ਅਤੇ ਝਾੜੀਆਂ ਦੀ ਸਫ਼ਾਈ ਕਰਨ ਦੀ ਕਾਰਵਾਈ ਨਿਰੰਤਰ ਜਾਰੀ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਇੱਕ ਸੁਰੱਖਿਅਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
- Download Babushahi App
-
-