'ਰਾਹੁਲ ਗਾਂਧੀ ਸਾਡੇ ਬੌਸ, ਅਪਸ਼ਬਦ ਬਰਦਾਸ਼ਤ ਨਹੀਂ': ਸਾਬਕਾ ਮੰਤਰੀ ਕੋਟਲੀ ਦਾ ਭਾਜਪਾ 'ਤੇ ਤਿੱਖਾ ਹਮਲਾ
ਰਵਿੰਦਰ ਢਿੱਲੋਂ
ਖੰਨਾ/ਲੁਧਿਆਣਾ, 7 ਫਰਵਰੀ: ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਚੱਲ ਰਹੇ ਵਿਵਾਦ 'ਤੇ ਆਪਣੀ ਚੁੱਪ ਤੋੜੀ ਹੈ। ਆਪਣੇ ਚਚੇਰੇ ਭਰਾ ਰਵਨੀਤ ਬਿੱਟੂ ਦੀ ਬਿਆਨਬਾਜ਼ੀ ਦੇ ਉਲਟ ਕੋਟਲੀ ਨੇ ਰਾਹੁਲ ਗਾਂਧੀ ਦੇ ਹੱਕ ਵਿੱਚ ਡਟਦਿਆਂ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ।
ਗੁਰਕੀਰਤ ਕੋਟਲੀ ਨੇ ਕਿਹਾ ਕਿ ਰਾਹੁਲ ਗਾਂਧੀ ਸਾਡੇ 'ਬੌਸ' ਹਨ ਅਤੇ ਦੇਸ਼ ਦੀ ਰਾਜਨੀਤੀ ਵਿੱਚ ਉਨ੍ਹਾਂ ਦਾ ਇੱਕ ਅਹਿਮ ਸਥਾਨ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਰਾਹੁਲ ਗਾਂਧੀ ਦੇ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਗਲਤ ਟਿੱਪਣੀ ਜਾਂ ਅਪਸ਼ਬਦ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਆਪਣੇ ਆਗੂ ਦੇ ਸਨਮਾਨ ਲਈ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗਾ।
ਕੋਟਲੀ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਰ ਮਾਮਲੇ ਨੂੰ ਜਾਣਬੁੱਝ ਕੇ ਫਿਰਕਾਪ੍ਰਸਤੀ ਦਾ ਰੰਗ ਦੇਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਮਾਜ ਵਿੱਚ ਨਫ਼ਰਤ ਅਤੇ ਵੰਡੀਆਂ ਪਾ ਕੇ ਸਿਆਸੀ ਰੋਟੀਆਂ ਸੇਕਣਾ ਭਾਜਪਾ ਦੀ ਪੁਰਾਣੀ ਨੀਤੀ ਹੈ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਖ਼ਤਰਨਾਕ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਟਿੱਪਣੀ 'ਤੇ ਵੀ ਸਾਬਕਾ ਮੰਤਰੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ। ਕੋਟਲੀ ਨੇ ਕਿਹਾ ਕਿ, "ਪ੍ਰਧਾਨ ਮੰਤਰੀ ਵਰਗੇ ਉੱਚੇ ਅਤੇ ਜ਼ਿੰਮੇਵਾਰ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਆਪਣੀ ਭਾਸ਼ਾ ਵਿੱਚ ਸੰਜਮ ਰੱਖਣਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਮੌਜੂਦਾ ਵਿਵਾਦ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਬੇਹੱਦ ਮੰਦਭਾਗੀਆਂ ਹਨ ਅਤੇ ਜਨਤਾ ਹੁਣ ਇਨ੍ਹਾਂ ਗੱਲਾਂ ਦੇ ਪਿੱਛੇ ਦੀ ਸਿਆਸਤ ਨੂੰ ਚੰਗੀ ਤਰ੍ਹਾਂ ਸਮਝਣ ਲੱਗ ਪਈ ਹੈ। ਕੋਟਲੀ ਨੇ ਅਖੀਰ ਵਿੱਚ ਕਿਹਾ ਕਿ ਜੋ ਵੀ ਰਾਹੁਲ ਗਾਂਧੀ ਦੇ ਖਿਲਾਫ਼ ਗਲਤ ਭਾਸ਼ਾ ਦੀ ਵਰਤੋਂ ਕਰੇਗਾ, ਕਾਂਗਰਸੀ ਵਰਕਰ ਉਸ ਦਾ ਡਟ ਕੇ ਵਿਰੋਧ ਕਰਨਗੇ।