'ਸਤਲੁਜ' ਫਿਲਮ 'ਤੇ ਪਾਬੰਦੀ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਦੁਆਰਾ ਦਮਦਮਾ ਸਾਹਿਬ 'ਚ ਵਿਸ਼ੇਸ਼ ਸਕ੍ਰੀਨਿੰਗ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 8 ਜੁਲਾਈ 2026
ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਸਤਲੁਜ' ਦੀ ਵਿਸ਼ੇਸ਼ ਸਕ੍ਰੀਨਿੰਗ ਕਰਵਾਈ ਗਈ। ਇਹ ਉਪਰਾਲਾ ਸਮਾਜ ਸੇਵੀ ਡਾ. ਜਸਵਿੰਦਰ ਕੌਰ ਸੋਹਲ ਵੱਲੋਂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਫਿਲਮ ਦੇਖੀ। ਸਕ੍ਰੀਨਿੰਗ ਦੌਰਾਨ ਬੋਲਣ ਵਾਲੇ ਵੱਖ-ਵੱਖ ਬੁਲਾਰਿਆਂ ਨੇ ਦਾਅਵਾ ਕੀਤਾ ਕਿ ਫਿਲਮ ਵਿੱਚ ਪੰਜਾਬ ਦੇ 1980-90 ਦੇ ਦਹਾਕੇ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਘਟਨਾਵਾਂ ਅਤੇ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੇ ਗਏ ਕੰਮ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਨੇ ਫਿਲਮ 'ਤੇ ਲੱਗੀ ਪਾਬੰਦੀ ਦਾ ਵਿਰੋਧ ਕਰਦਿਆਂ ਕਿਹਾ ਕਿ ਇਤਿਹਾਸ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਇਸ ਮੌਕੇ ਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਵਿੱਚ ਫਿਲਮ ਨੂੰ ਬੈਨ ਨਹੀਂ ਕੀਤਾ ਜਾਣਾ ਚਾਹੀਦਾ ਸੀ ਅਤੇ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਇਸਨੂੰ ਦੇਖਣ ਦਾ ਅਧਿਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਫਿਲਮ ਵਿੱਚ ਦਰਸਾਏ ਗਏ ਵਿਸ਼ਿਆਂ 'ਤੇ ਖੁੱਲ੍ਹੀ ਚਰਚਾ ਹੋਣੀ ਚਾਹੀਦੀ ਹੈ। ਪੂਜਾ ਸ਼ਰਮਾ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਦੂਜਿਆਂ ਦੇ ਅਧਿਕਾਰਾਂ ਲਈ ਸੰਘਰਸ਼ ਕੀਤਾ ਅਤੇ ਅਜਿਹੀਆਂ ਫਿਲਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਵੀ ਫਿਲਮ 'ਤੇ ਪਾਬੰਦੀ ਦਾ ਵਿਰੋਧ ਕੀਤਾ।
ਸਮਾਜ ਸੇਵੀ ਅਤੇ ਐਸ.ਏ. ਪੰਜਾਬ ਦੀ ਚੇਅਰਪਰਸਨ ਡਾ. ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮੁਹਿੰਮ ਗੁਰਦੁਆਰਾ ਦਮਦਮਾ ਸਾਹਿਬ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਅੱਗੇ ਸਕੂਲਾਂ, ਕਾਲਜਾਂ ਅਤੇ ਹੋਰ ਥਾਵਾਂ 'ਤੇ ਵੀ ਫਿਲਮ ਦੀ ਸਕ੍ਰੀਨਿੰਗ ਕਰਕੇ ਲੋਕਾਂ ਨੂੰ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਨੇ ਫਿਲਮ 'ਤੇ ਲੱਗੀ ਪਾਬੰਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਦਿਲਚਸਪੀ ਹੋਰ ਵਧੀ ਹੈ।
- Download Babushahi App
-
-