'ਲਾਰੈਂਸ ਆਫ ਪੰਜਾਬ' ਵੈੱਬ ਸੀਰੀਜ਼ 'ਤੇ ਪਾਬੰਦੀ ਦੀ ਮੰਗ: ਰਾਜਾ ਵੜਿੰਗ ਨੇ PM Modi ਨੂੰ ਲਿਖਿਆ ਪੱਤਰ
Ravi Jakhu
ਚੰਡੀਗੜ੍ਹ, 23 ਅਪ੍ਰੈਲ, 2026
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ 'ਲਾਰੈਂਸ ਆਫ ਪੰਜਾਬ' ਨਾਮ ਦੀ ਆਉਣ ਵਾਲੀ ਵੈੱਬ ਸੀਰੀਜ਼ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਵੈੱਬ ਸੀਰੀਜ਼ ਸਮਾਜ ਵਿੱਚ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਅਪਰਾਧ ਨੂੰ ਵਡਿਆਉਂਦੀ ਹੈ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਵੀ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਇਸ ਸੀਰੀਜ਼ ਦੀ ਰਿਲੀਜ਼ 'ਤੇ ਰੋਕ ਲਗਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕਰਨ।

ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਪੰਜਾਬ ਦੇ ਅਮੀਰ ਵਿਰਸੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਗੁਰੂਆਂ, ਰਿਸ਼ੀਆਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਅਤੇ ਇੱਥੋਂ ਦਾ ਇਤਿਹਾਸ ਕੁਰਬਾਨੀਆਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਭਰਪੂਰ ਹੈ। ਉਨ੍ਹਾਂ ਅੱਗੇ ਲਿਖਿਆ ਕਿ ਅਜਿਹੀ ਪਵਿੱਤਰ ਧਰਤੀ ਨੂੰ ਕਿਸੇ ਭਿਆਨਕ ਅਪਰਾਧੀ ਦੇ ਨਾਮ ਨਾਲ ਜੋੜ ਕੇ ਪੇਸ਼ ਕਰਨਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਸੱਭਿਆਚਾਰ ਦਾ ਸਿੱਧਾ ਅਪਮਾਨ ਹੈ। ਕਾਂਗਰਸ ਪ੍ਰਧਾਨ ਨੇ ਚਿੰਤਾ ਪ੍ਰਗਟਾਈ ਕਿ ਅਜਿਹੀਆਂ ਵੈੱਬ ਸੀਰੀਜ਼ ਨੌਜਵਾਨਾਂ ਨੂੰ ਗਲਤ ਰਾਹ 'ਤੇ ਤੋਰਨ ਅਤੇ ਗੈਂਗਸਟਰਾਂ ਨੂੰ ਹੀਰੋ ਵਜੋਂ ਪੇਸ਼ ਕਰਨ ਦਾ ਕੰਮ ਕਰਦੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਪੰਜਾਬ ਦੇ ਸੱਭਿਆਚਾਰਕ ਮਾਣ-ਸਤਿਕਾਰ ਨੂੰ ਬਚਾਉਣ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਏਗੀ।
Click to Follow Babushahi Facebook page →