ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਕਰਨ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ, 25 ਫਰਵਰੀ 2026 : ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ ਵਿੱਚ 20-20 ਸਾਲਾਂ ਤੋਂ ਕੰਮ ਕਰਦੇ ਸਮਗਰਾ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀਆਂ ਨੂੰ ਮਿਲਦੀ 50-50 ਹਜ਼ਾਰ ਤਨਖਾਹ ਨੂੰ ਘਟਾ ਕੇ 19 ਹਜ਼ਾਰ 'ਤੇ ਪੱਕੇ ਕਰਨ ਦਾ ਵਿਰੋਧ ਕਰਦੇ ਕਰਮਚਾਰੀਆਂ 'ਤੇ ਪੁਲਿਸ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ। ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ 20 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀ ਇਹਨਾਂ ਉੱਪਰ 3 ਸਾਲ ਦਾ ਪਰਖ ਕਾਲ ਪੂਰਾ ਕਰਨ ਦੀ ਸ਼ਰਤ ਮੜ ਦਿੱਤੀ ਹੈ ਜੋਕਿ ਇਹਨਾਂ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ|
ਉਹਨਾਂ ਕਿਹਾ ਕਿ ਬੀ.ਪੀ. ਈ. ਓ. ਦਫਤਰਾਂ ਅਤੇ ਡੀ. ਈ. ਓ. ਦਫਤਰਾਂ ਵਿੱਚ ਕੰਮ ਕਰਦੇ ਇਹ ਮੁਲਾਜ਼ਮ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਵਿੱਚ ਇੱਕ ਕੜੀ ਵਜੋਂ ਕੰਮ ਕਰਦੇ ਹਨ ਅਤੇ ਨਿੱਤ ਦਿਨ ਸਕੂਲਾਂ ਦੇ ਗ੍ਰਾਂਟਾ, ਮਿਡ ਡੇ ਮੀਲ ਅਤੇ ਹੋਰ ਅੰਕੜੇ ਇਕੱਠੇ ਕਰਕੇ ਵਿਭਾਗ ਨੂੰ ਭੇਜਦੇ ਹਨ| ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ 15-01-2015 ਦਾ ਮੁਲਾਜ਼ਮ ਮਾਰੂ ਪੱਤਰ ਪਿਛਲੇ ਦਸ ਸਾਲ ਤੋਂ ਨਵੇਂ ਭਰਤੀ ਹੋਣ ਵਾਲੇ ਠੇਕੇ ਤੋਂ ਪੱਕੇ ਹੋਣ ਵਾਲੇ ਮੁਲਾਜ਼ਮਾਂ ਦਾ ਸੋਸ਼ਣ ਕਰ ਰਿਹਾ ਹੈ ਸਿਤਮਜ਼ਰੀਫੀ ਇਹ ਹੈ ਕਿ ਹਾਈਕੋਰਟ ਤੇ ਸੁਪਰੀਮ ਕੋਰਟ ਨੇ ਵੀ ਪ੍ਰੋਬੇਸ਼ਨ ਪੀਰਡ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦਾ ਫ਼ੈਸਲਾ ਦਿੱਤਾ ਹੋਇਆ ਹੈ |ਹਾਸੋਹੀਣੀ ਗੱਲ ਇਹ ਹੈ ਕਿ ਗੱਲ-ਗੱਲ ਬਾਦਲ ਸਰਕਾਰ ਨੂੰ ਕੋਸਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਦਲ ਸਰਕਾਰ ਦੇ ਫੈਸਲਿਆਂ ਨੂੰ ਸੁਪਰੀਮ ਕੋਰਟ ਚ ਡਿਫੈਂਡ ਕਰ ਰਹੀ ਹੈ। ਅਧਿਆਪਕ ਆਗੂਆਂ ਨੇ ਦਫਤਰੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।
Click to Follow Babushahi Facebook page →