ਨਾਈਟ ਡੋਮੀਨੇਸ਼ਨ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ,
ਪਿਛਲੇ 149 ਦਿਨਾਂ ਦੌਰਾਨ ਨਸ਼ਿਆਂ ਤਹਿਤ 946 ਮੁਕੱਦਮੇ ਦਰਜ ਕਰਕੇ 1394 ਵਿਅਕਤੀ ਗ੍ਰਿਫ਼ਤਾਰ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, ਨਵੰਬਰ 2026: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰਾਂ ’ਤੇ ਨਕੇਲ ਕੱਸਣ, ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਨਾਈਟ ਡੋਮੀਨੇਸ਼ਨ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।ਇਸੇ ਲੜੀ ਤਹਿਤ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਰਾਤ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੀ ਪ੍ਰਕਿਰਿਆ ਨੂੰ ਬਾਰੀਕੀ ਨਾਲ ਦੇਖਿਆ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਚੌਕਸੀ, ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵੱਖ-ਵੱਖ ਥਾਵਾਂ ’ਤੇ ਤਕਰੀਬਨ 35 ਪੁਲਿਸ ਨਾਕੇ ਲਗਾਏ ਗਏ ਹਨ, ਜਿੱਥੇ 350 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਨਾਕਿਆਂ ਰਾਹੀਂ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਅਤੇ ਜ਼ਿਲ੍ਹੇ ਵਿੱਚੋਂ ਬਾਹਰ ਜਾਣ ਵਾਲੇ ਵਾਹਨਾਂ ਦੀ ਰਾਤ ਸਮੇਂ ਵਿਸ਼ੇਸ਼ ਤੌਰ ’ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਸਦੀਕ ਕਰਨ ਦੇ ਨਾਲ-ਨਾਲ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਇਸ ਮੌਕੇ ਐਸ.ਐਸ.ਪੀ. ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਿਤੀ 01 ਜੁਲਾਈ 2026 ਤੋਂ 26 ਨਵੰਬਰ 2026 ਤੱਕ, ਕੁੱਲ 149 ਦਿਨਾਂ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਮੇਂ ਦੌਰਾਨ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 946 ਮੁਕੱਦਮੇ ਦਰਜ ਕਰਕੇ 1,394 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ।ਇਸ ਤੋਂ ਇਲਾਵਾ ਨਸ਼ਾ ਤਸਕਰੀ ਰਾਹੀਂ ਕਮਾਈ ਗਈ ਰਕਮ ਦੀ ਬਰਾਮਦਗੀ, ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
01 ਜੁਲਾਈ 2026 ਤੋਂ 26 ਨਵੰਬਰ 2026 ਤੱਕ ਨਸ਼ਿਆਂ ਖਿਲਾਫ ਕੀਤੀ ਗਈ ਕਾਰਵਾਈ ਅਤੇ ਬਰਾਮਦਗੀਆਂ ਦਾ ਵੇਰਵਾ:
ਨਸ਼ਿਆਂ ਖਿਲਾਫ ਦਰਜ ਮੁਕੱਦਮੇ – 946
ਗ੍ਰਿਫ਼ਤਾਰ ਕੀਤੇ ਦੋਸ਼ੀ – 1,394
ਅਫੀਮ – 1.716 ਕਿਲੋਗ੍ਰਾਮ
ਚੂਰਾ ਪੋਸਤ – 363.185 ਕਿਲੋਗ੍ਰਾਮ
ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ – 13,368
ਗਾਂਜਾ – 995 ਗ੍ਰਾਮ
ਨਸ਼ੀਲਾ ਪਾਊਡਰ – 8 ਗ੍ਰਾਮ
ਹੈਰੋਇਨ – 2.968 ਕਿਲੋਗ੍ਰਾਮ
ਡਰੱਗ ਮਨੀ – ₹9,30,030
ਪ੍ਰੈਗਾਬਾਲਿਨ ਕੈਪਸੂਲ – 52,140
ਉਨ੍ਹਾਂ ਇਹ ਵੀ ਦੱਸਿਆ ਕਿ 01 ਜੁਲਾਈ 2026 ਤੋਂ 26 ਨਵੰਬਰ 2026 ਤੋਂ ਅੱਜ ਤੱਕ ਪੁਲਿਸ ਅਤੇ ਵੀਡੀਸੀ ਦੇ ਸਾਂਝੇ ਯਤਨਾਂ ਸਦਕਾ ਓਟ ਸੈਂਟਰਾਂ ਵਿੱਚ 377 ਨਸ਼ਾ ਪੀੜਤ ਵਿਅਕਤੀਆਂ ਨੂੰ ਦਵਾਈ ਮੁਹੱਈਆ ਕਰਵਾਈ ਗਈ, ਜਦਕਿ 265ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾ ਕੇ ਇਲਾਜ ਸ਼ੁਰੂ ਕਰਵਾਇਆ ਗਿਆ।
ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ਿਆਂ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ, ਨਸ਼ਾ ਤਸਕਰੀ ਰਾਹੀਂ ਬਣਾਈ ਗਈ ਗੈਰ-ਕਾਨੂੰਨੀ ਜਾਇਦਾਦ ਅਤੇ ਨਸ਼ਿਆਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਨਾਲ ਜੋੜਨ ਲਈ ਵੀ ਪੁਲਿਸ ਵੱਲੋਂ ਯਤਨ ਕੀਤੇ ਜਾ ਰਹੇ ਹਨ।
ਨਾਈਟ ਡੋਮੀਨੇਸ਼ਨ ਮੁਹਿੰਮ ਦੌਰਾਨ ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ, ਕਾਰਾਂ ਅਤੇ ਹੋਰ ਵਾਹਨਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ। ਅਜਿਹੇ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਦੀ ਤਸਦੀਕ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੋਡੀਫਾਈਡ ਸਿਲੈਂਸਰ, ਡਿਮ ਲਾਈਟਾਂ, ਟ੍ਰਿਪਲ ਰਾਈਡਿੰਗ ਅਤੇ ਹੋਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।ਜ਼ਿਲ੍ਹੇ ਵਿੱਚ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਪੁਲਿਸ ਰਿਕਾਰਡ ਦੀ ਜਾਂਚ ਲਈ PAIS ਐਪ ਅਤੇ ਸ਼ੱਕੀ ਵਾਹਨਾਂ ਦੀ ਤਸਦੀਕ ਲਈ VAHAN ਐਪ ਦੀ ਵਰਤੋਂ ਕੀਤੀ ਜਾ ਰਹੀ ਹੈ।
ਅਪੀਲ
ਐਸ.ਐਸ.ਪੀ. ਜੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਭਾਵਿਤ ਕਰਦਾ ਹੈ, ਇਸ ਲਈ ਨਸ਼ਿਆਂ ਵਿਰੁੱਧ ਲੜਾਈ ਵਿੱਚ ਹਰ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ।ਉਨ੍ਹਾਂ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ ਅਤੇ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ ਦੀ ਵੀ ਅਪੀਲ ਕੀਤੀ।
ਪੁਲਿਸ ਕੰਟਰੋਲ ਰੂਮ: 80549-42100
ਐਮਰਜੈਂਸੀ ਹੈਲਪਲਾਈਨ: 112
- Download Babushahi App
-
-