ਭਾਜਪਾ ਦੀ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪੈਦਲ ਯਾਤਰਾ
ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕੀਤੀ ਸ਼ਮੂਲੀਅਤ
ਰੋਹਿਤ ਗੁਪਤਾ
ਗੁਰਦਾਸਪੁਰ , 3 ਨਵੰਬਰ 2026 :
ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਗੁਰਦਾਸਪੁਰ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਦੇ ਨਾਅਰੇ ਹੇਠ ਇੱਕ ਵਿਸ਼ਾਲ ਪੈਦਲ ਯਾਤਰਾ ਕੱਢੀ ਗਈ। ਇਹ ਯਾਤਰਾ ਪੁਰਾਣੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਹਨੂੰਮਾਨ ਚੌਕ ਵਿਖੇ ਸਮਾਪਤ ਹੋਈ। ਇਸ ਮੌਕੇ ਭਾਜਪਾ ਦੇ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰਾਂ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰਕੇ ਵਿਕਾਸ ਦੀ ਰਫ਼ਤਾਰ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਲਗਾਤਾਰ ਤਰੱਕੀ ਕਰ ਰਿਹਾ ਹੈ। ਅਤੇ ਦੇਸ਼ ਦੀ ਆਰਥਿਕ ਤਾਕਤ ਦੇ ਨਾਲ-ਨਾਲ ਸੱਭਿਆਚਾਰਕ ਵਿਰਸੇ ਨੂੰ ਵੀ ਵਿਸ਼ਵ ਪੱਧਰ ’ਤੇ ਨਵੀਂ ਪਛਾਣ ਮਿਲ ਰਹੀ ਹੈ। ਪਰ ਵਿਰੋਧੀ ਪਾਰਟੀਆਂ ਇਸ ਤਰੱਕੀ ਨੂੰ ਸਵੀਕਾਰ ਨਹੀਂ ਕਰ ਪਾ ਰਹੀਆਂ।ਉਨ੍ਹਾਂ ਕਾਂਗਰਸ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਰਾਜਕਾਲ ਦੌਰਾਨ ਸੰਵਿਧਾਨ ਦੀ ਮਰਿਆਦਾ ਅਤੇ ਲੋਕਤੰਤਰਿਕ ਸੰਸਥਾਵਾਂ ਦੀ ਭੂਮਿਕਾ ’ਤੇ ਸਵਾਲ ਉੱਠੇ ਸਨ। ਉਹ ਅੱਜ ਲੋਕਤੰਤਰ ਦੀ ਰਾਖੀ ਕਰਨ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਵਿਰੋਧੀ ਧਿਰਾਂ ’ਤੇ ਸੰਵਿਧਾਨਕ ਸੰਸਥਾਵਾਂ ਨੂੰ ਲੈ ਕੇ ਬੇਵਜ੍ਹਾ ਵਿਵਾਦ ਖੜ੍ਹੇ ਕਰਨ ਦੇ ਦੋਸ਼ ਵੀ ਲਾਏ।ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਗੱਲ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਨਸ਼ਾ-ਮੁਕਤ ਅਤੇ ਭੈਅ-ਮੁਕਤ ਬਣਾਉਣ ਲਈ ਭਾਜਪਾ ਵਚਨਬੱਧ ਹੈ। ਅਤੇ ਪਾਰਟੀ ਹੀ ਸੂਬੇ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਦੇ ਸਮਰੱਥ ਹੈ।ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੇਸ਼ ਦੀ ਸੁਰੱਖਿਆ, ਏਕਤਾ ਅਤੇ ਵਿਕਾਸ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਨਕਸਲਵਾਦ ਵਿਰੁੱਧ ਕੀਤੀ ਕਾਰਵਾਈ, ਧਾਰਾ 370 ਨੂੰ ਖ਼ਤਮ ਕਰਨ ਅਤੇ ਤਿੰਨ ਤਲਾਕ ਵਿਰੁੱਧ ਕਾਨੂੰਨ ਬਣਾਉਣ ਵਰਗੇ ਫ਼ੈਸਲਿਆਂ ਨੂੰ ਕੇਂਦਰ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਕਰਾਰ ਦਿੱਤਾ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਏਕਤਾ, ਅਖੰਡਤਾ, ਲੋਕਤੰਤਰ ਅਤੇ ਪੰਜਾਬ ਦੀ ਬਿਹਤਰੀ ਲਈ ਆਪਣੀ ਲੜਾਈ ਜਾਰੀ ਰੱਖੇਗੀ। ਪੈਦਲ ਯਾਤਰਾ ਦੌਰਾਨ ਵਰਕਰਾਂ ਵੱਲੋਂ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ।
- Download Babushahi App
-
-