ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਤਿਆਰੀ ਮੀਟਿੰਗ ਹੋਈ
ਅਸ਼ੋਕ ਵਰਮਾ
ਗਿੱਦੜਬਾਹਾ ਦੋਦਾ 17 ਅਗਸਤ 2026 : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਿੱਦੜਬਾਹਾ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਗੁਪਤਸਰ ਛੱਤੇਆਣਾ ਵਿਖੇ ਬਲਾਕ ਦੇ ਸੀਨੀਅਰ ਮੀਤ ਅਜੈਬ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਜ਼ਦੂਰਾਂ ਕਿਸਾਨਾਂ ਵੱਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ 20 ਅਗਸਤ ਤੋਂ ਲਗਾਤਾਰ ਦਿਨ ਰਾਤ ਧਰਨਾ ਦੇਣ ਲਈ ਪਿੰਡ ਪਿੰਡ ਮੀਟਿੰਗਾਂ ਤੇ ਰਾਸ਼ਨ ਇੱਕਠ ਕਰਨ ਟਰੈਕਟਰ ਟਰਾਲੀਆਂ ਹੋਰ ਵਹੀਕਲਾਂ ਨਾਲ ਤਿਆਰੀਆਂ ਮੁਕੰਮਲ ਉਨ੍ਹਾਂ ਮੰਗ ਕੀਤੀ ਕਿ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਫਸਲਾਂ ਤੇ ਘਰਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਤੇ ਖੇਤੀ ਨੀਤੀ ਲਾਗੂ ਕਰਨ ਵਰਗੇ ਵਾਅਦੇ ਪੂਰੇ ਨਾਂ ਕਰਨ ਦੇ ਦੋਸ਼ ਵੀ ਲਾਏ। ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਬੰਸ ਸਿੰਘ ਕੋਟਲੀ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਆਪ ਸਰਕਾਰ ਬਣਨ ਸਾਰ 28 ਮਾਰਚ 2022 ਨੂੰ ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦੇ ਮੁਆਵਜ਼ੇ ਦੀ ਮੰਗ ਸਬੰਧੀ ਪ੍ਰਦਰਸ਼ਨ ਕਰਦੇ ਮਜ਼ਦੂਰਾਂ ਕਿਸਾਨਾਂ 'ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਥੇਬੰਦੀਆਂ ਦੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਅੰਦੋਲਨਾਂ ਦੌਰਾਨ ਬਣੇ ਸਾਰੇ ਕੇਸ ਵਾਪਸ ਲੈਣ ਅਤੇ ਬਣਦਾ ਮੁਆਵਜਾ ਦੇਣ ਦਾ ਫੈਸਲਾ ਕੀਤਾ ਗਿਆ ਸੀ ।
ਉਨ੍ਹਾਂ ਕਿਹਾ ਕਿ ਕੇਸ ਵਾਪਸ ਲੈਣ ਦੀ ਥਾਂ ਆਗੂਆਂ ਦੇ ਅਦਾਲਤੀ ਵਰੰਟ ਜ਼ਾਰੀ ਕਰਵਾ ਦਿੱਤੇ ਗਏ ਹਨ। ਉਹਨਾਂ ਦੋਸ਼ ਲਾਇਆ ਕਿ ਖੇਤੀਬਾੜੀ ਮੰਤਰੀ ਵੱਲੋਂ ਕਈ ਵਾਰ ਕੇਸ ਵਾਪਸ ਲੈਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਸਿਆਸੀ ਰੰਜ਼ਿਸ਼ ਤਹਿਤ ਕੇਸ ਵਾਪਸ ਨਹੀਂ ਲਏ ਜਾ ਰਹੇ । ਉਹਨਾਂ ਆਖਿਆ ਕਿ ਪੁਲਿਸ ਵੱਲੋਂ ਵਾਰ ਵਾਰ ਕਿਸਾਨ ਮਜ਼ਦੂਰ ਆਗੂਆਂ ਨੂੰ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਦੋਸ਼ ਲਾਇਆ ਕਿ ਲੰਬਾ ਸਮਾਂ ਬੀਤਣ ਤੇ ਵਾਰ ਵਾਰ ਮੰਗ ਕਰਨ ਦੇ ਬਾਵਜੂਦ ਅਜੇ ਵੀ ਕਈ ਹੱਕਦਾਰਾਂ ਨੂੰ ਨਰਮੇ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਉਹਨਾਂ ਆਖਿਆ ਕਿ 20 ਅਗਸਤ ਤੋਂ ਲਾਏ ਜਾ ਰਹੇ ਧਰਨੇ ਦੌਰਾਨ ਹੋਰਨਾਂ ਅੰਦੋਲਨਾਂ ਦੌਰਾਨ ਬਣੇ ਕੇਸਾਂ ਸਮੇਤ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ਼ ਕੇਸ ਵਾਪਸ ਲੈਣ,
ਰਹਿੰਦਾ ਮੁਆਵਜ਼ਾ ਅਦਾ ਕਰਨ , ਮੀਹਾਂ ਅਤੇ ਗੜੇਮਾਰੀ ਕਾਰਨ ਡਿੱਗੇ ਮਕਾਨਾਂ ਤੇ ਫਸਲਾਂ ਦਾ ਮੁਆਵਜ਼ਾ ਦੇਣ, ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ, ਪੰਚਾਇਤੀ ਤੇ ਸਾਮਲਾਟ ਜ਼ਮੀਨਾਂ ਤੇ ਕਾਬਜ਼ ਮਜ਼ਦੂਰਾਂ ਕਿਸਾਨਾਂ ਦਾ ਉਜਾੜਾ ਰੋਕਣ, ਮਜ਼ਦੂਰਾਂ ਨੂੰ ਕੱਟੇ ਪਲਾਟਾਂ ਦੇ ਕਬਜ਼ੇ ਦੇਣ, ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ, ਘਰਾਂ ਚੋਂ ਪੁੱਟੇ ਮੀਟਰ ਬਿਨਾਂ ਸ਼ਰਤ ਲਾਉਣ , ਲਿਫਟ ਪੰਪਾਂ ਨੂੰ ਪਾਏ ਨਜਾਇਜ਼ ਜੁਰਮਾਨੇ ਖ਼ਤਮ ਕਰਨ ਅਤੇ ਆਈ ਟੀ ਆਈ ਬਾਦਲ ਨੂੰ ਮੁੜ ਚਾਲੂ ਕਰਨ ਦੀ ਮੰਗਾਂ ਲਾਗੂ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ਪ੍ਰਧਾਨ ਹਰਮੰਦਰ ਸਿੰਘ ਭੋਲਾ ਬੁੱਟਰ ਸਰੀਂਹ ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ ਅਜੈਬ ਸਿੰਘ ਛੱਤੇਆਣਾ ਸੁਖਜਿੰਦਰ ਸਿੰਘ ਜਗਰਾਜ ਸਿੰਘ ਸੁਖ਼ਨਾ ਰਣਜੀਤ ਸਿੰਘ ਖਾਲਸਾ ਬੁੱਟਰ ਬਖੂਹਾ ਸੁਖਦੇਵ ਸਿੰਘ ਖੂਨਣ ਖੁਰਦ ਮਿੱਠਾ ਲਾਲ ਆਦਿ ਕਿਸਾਨ ਆਗੂ ਹਾਜ਼ਰ ਸਨ।
- Download Babushahi App
-
-