ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਹਰਜੀਤ ਸਿੰਘ ਗਰੇਵਾਲ ਦਾ ਵੱਡਾ ਬਿਆਨ, ਵੀਡੀਓ ਵੀ ਸੁਣੋ
ਕਿਹਾ, "ਪੁਰਾਣੇ ਭਾਜਪਾਈ ਇਕੱਲੇ ਚੋਣ ਲੜਨ ਦੇ ਹੱਕ 'ਚ, ਬਾਹਰੀ ਆਗੂ ਚਾਹੁੰਦੇ ਹਨ ਗੱਠਜੋੜ"; 17 ਨਵੰਬਰ ਨੂੰ ਪੰਜਾਬ ਆਉਣਗੇ ਚੋਣ ਇੰਚਾਰਜ ਸੀ.ਆਰ. ਪਾਟਿਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 14 ਨਵੰਬਰ, 2026: ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਕਾਰ ਮੁੜ ਗੱਠਜੋੜ ਅਤੇ ਸੀਟਾਂ ਦੀ ਵੰਡ ਦੇ ਫਾਰਮੂਲੇ ਨੂੰ ਲਗਭਗ ਅੰਤਿਮ ਰੂਪ ਦਿੱਤੇ ਜਾਣ ਦੀਆਂ ਖ਼ਬਰਾਂ ਦਰਮਿਆਨ ਪੰਜਾਬ ਭਾਜਪਾ ਅੰਦਰ ਅੰਦਰੂਨੀ ਮਤਭੇਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਗੱਠਜੋੜ ਦੇ ਰਸਮੀ ਐਲਾਨ ਤੋਂ ਪਹਿਲਾਂ ਜਿੱਥੇ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ 17 ਨਵੰਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ, ਉੱਥੇ ਹੀ ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਗੱਠਜੋੜ ਵਿਰੁੱਧ ਵੱਡਾ ਬਿਆਨ ਦੇ ਕੇ ਸਿਆਸੀ ਹਲਚਲ ਮਚਾ ਦਿੱਤੀ ਹੈ। ਇੱਕ ਮੀਡੀਆ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਟਕਸਾਲੀ ਅਤੇ ਪੁਰਾਣੇ ਆਗੂ ਇਕੱਲੇ ਚੋਣਾਂ ਲੜਨ ਦੇ ਹੱਕ ਵਿੱਚ ਹਨ, ਜਦੋਂ ਕਿ ਦੂਜੀਆਂ ਪਾਰਟੀਆਂ ਵਿੱਚੋਂ ਆਏ ਬਾਹਰੀ ਆਗੂ ਹੀ ਅਕਾਲੀ ਦਲ ਨਾਲ ਗੱਠਜੋੜ ਦੀ ਵਕਾਲਤ ਕਰ ਰਹੇ ਹਨ।
ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਾਰਟੀ ਦੇ ਰਵਾਇਤੀ ਆਗੂ ਅਤੇ ਵਰਕਰ ਮੁੜ ਅਕਾਲੀ ਦਲ ਨਾਲ ਹੱਥ ਮਿਲਾਉਣ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਨੂੰ ਆਪਣੇ ਦਮ 'ਤੇ ਇਕੱਲਿਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ, ਤਾਂ ਜੋ ਪੰਜਾਬ ਵਿੱਚ ਇੱਕ ਮਜ਼ਬੂਤ ਰਾਸ਼ਟਰਵਾਦੀ ਸੋਚ ਅਤੇ ਮਾਨਸਿਕਤਾ ਸਥਾਪਤ ਕੀਤੀ ਜਾ ਸਕੇ।
ਗਰੇਵਾਲ ਨੇ ਸਿੱਧੇ ਤੌਰ 'ਤੇ ਕਾਂਗਰਸ ਅਤੇ ਹੋਰ ਦਲਾਂ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਿਰਫ਼ ਬਾਹਰੋਂ ਆਏ ਆਗੂ ਹੀ ਗੱਠਜੋੜ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਨੇ ਲੈਣਾ ਹੈ ਅਤੇ ਸਥਾਨਕ ਆਗੂਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
- Download Babushahi App
-
-