ਅਮਿਤ ਸ਼ਾਹ ਨਾਲ ਮੁਲਾਕਾਤ 'ਤੇ MP ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ: ਬੋਲੇ- "ਇਹ ਮੀਟਿੰਗ ਸਿਆਸੀ ਨਹੀਂ, ਪੰਜਾਬ ਦੀ ਸੁਰੱਖਿਆ ਅਤੇ ਸਰਹੱਦੀ ਮੁੱਦਿਆਂ 'ਤੇ ਸੀ"
Babushahi Network
ਚੰਡੀਗੜ੍ਹ/ਨਵੀਂ ਦਿੱਲੀ, 3 ਜੁਲਾਈ 2026- ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ (MP) ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਹੁਣ ਇਸ ਮੁਲਾਕਾਤ ਨੂੰ ਲੈ ਕੇ ਖੁਦ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਹ ਬੈਠਕ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਸੀ ਅਤੇ ਇਸ ਦੇ ਕੋਈ ਸਿਆਸੀ ਮਾਇਨੇ ਨਹੀਂ ਕੱਢੇ ਜਾਣੇ ਚਾਹੀਦੇ।
ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ MP ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁਲਾਕਾਤ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪਹਿਲਾਂ ਹੀ ਸਮਾਂ ਲਿਆ ਹੋਇਆ ਸੀ। ਉਨ੍ਹਾਂ ਕਿਹਾ, "ਮੇਰੀ ਇਹ ਮੁਲਾਕਾਤ ਪੰਜਾਬ ਦੀ ਮੌਜੂਦਾ ਸੁਰੱਖਿਆ ਵਿਵਸਥਾ (Law and Order) ਨੂੰ ਲੈ ਕੇ ਸੀ। ਸਰਹੱਦੀ ਜ਼ਿਲ੍ਹਾ ਹੋਣ ਦੇ ਨਾਤੇ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।" ਰੰਧਾਵਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਗੈਂਗਸਟਰਵਾਦ ਅਤੇ ਜੇਲ੍ਹਾਂ ਦੇ ਅੰਦਰੋਂ ਚੱਲ ਰਹੇ ਮੋਬਾਈਲ ਫ਼ੋਨਾਂ ਦੇ ਨੈੱਟਵਰਕ ਵਰਗੇ ਗੰਭੀਰ ਮੁੱਦਿਆਂ ਦਾ ਜ਼ਿਕਰ ਕੇਂਦਰੀ ਗ੍ਰਹਿ ਮੰਤਰੀ ਕੋਲ ਕੀਤਾ ਹੈ।
ਉਨ੍ਹਾਂ ਕਿਹਾ, "ਮੈਂ ਕਾਂਗਰਸ ਪਾਰਟੀ ਵਿੱਚ ਜਿਸ ਉੱਚੇ ਅਹੁਦੇ ਅਤੇ ਪੁਜ਼ੀਸ਼ਨ 'ਤੇ ਹਾਂ, ਉੱਥੇ ਰਹਿ ਕੇ ਮੈਂ ਆਪਣੀ ਪਾਰਟੀ ਦਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਿਹਾ ਹਾਂ ਅਤੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਿਹਾ ਹਾਂ।" ਸੂਬਾ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਈਕਮਾਂਡ ਨਾਲ ਕਥਿਤ ਨਾਰਾਜ਼ਗੀ ਬਾਰੇ ਪੁੱਛੇ ਗਏ ਸਵਾਲ 'ਤੇ ਰੰਧਾਵਾ ਨੇ ਕਿਹਾ ਕਿ ਇਸ ਬਾਰੇ ਮੇਰੇ ਨਾਲੋਂ ਬਿਹਤਰ ਚੰਨੀ ਖੁਦ ਹੀ ਦੱਸ ਸਕਦੇ ਹਨ, ਇਹ ਸਵਾਲ ਉਨ੍ਹਾਂ ਨੂੰ ਹੀ ਕੀਤਾ ਜਾਣਾ ਚਾਹੀਦਾ ਹੈ।
ਰੰਧਾਵਾ ਨੇ ਚੁਟਕੀ ਲੈਂਦਿਆਂ ਕਿਹਾ ਕਿ ਜੇਕਰ ਇੰਨੀਆਂ ਅਹਿਮ ਮੀਟਿੰਗਾਂ ਤੋਂ ਬਾਅਦ ਵੀ ਕੋਈ ਨਾਰਾਜ਼ਗੀ ਜਾਂ ਅਜਿਹੀ ਬੇਪ੍ਰਵਾਹੀ ਹੈ, ਤਾਂ ਫਿਰ ਕੀ ਕੀਤਾ ਜਾ ਸਕਦਾ ਹੈ? ਇਸ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਆਏ ਬਿਆਨਾਂ 'ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ, ਹਾਲਾਂਕਿ ਇਸ ਪੂਰੀ ਗੱਲਬਾਤ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਕਈ ਨਿੱਜੀ ਅਤੇ ਵਿਵਾਦਿਤ ਸਿਆਸੀ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆਏ।
- Download Babushahi App
-
-