ਅੰਮ੍ਰਿਤਸਰ: ਦੋ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼
ਕੁਲਵਿੰਦਰ ਸਿੰਘ
ਅੰਮ੍ਰਿਤਸਰ 16 ਜੁਲਾਈ 2026- ਜੰਡਿਆਲਾ ਗੁਰੂ/ਅੰਮ੍ਰਿਤਸਰ ਦੇ ਕਸਬਾ ਜੰਡਿਆਲਾ ਗੁਰੂ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜੀਟੀ ਰੋਡ ਨੇੜੇ ਪਿੰਡ ਮੱਲੀਆਂ ਵਿਖੇ ਦਾਣਾ ਪਾਣੀ ਢਾਬੇ ਦੇ ਸਾਹਮਣੇ ਖੇਤਾਂ ਵਿੱਚ ਬਣੇ ਮੋਟਰ ਦੇ ਕਮਰੇ ਵਿੱਚੋਂ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਕਸ਼ਮੀਰ ਸਿੰਘ, ਵਾਸੀ ਪਿੰਡ ਥੋਥੀਆ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ।
ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ 13 ਜੁਲਾਈ ਦੀ ਸ਼ਾਮ ਆਪਣੇ ਮੋਟਰਸਾਈਕਲ PB-18-Q-1661 'ਤੇ ਘਰੋਂ ਕਿਸੇ ਨਿੱਜੀ ਕੰਮ ਲਈ ਜੰਡਿਆਲਾ ਗੁਰੂ ਗਿਆ ਸੀ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂਥਾਣਾ ਜੰਡਿਆਲਾ ਵਿਖੇ ਦਰਖਾਸਤ ਦੇਣ ਤੋਂ ਬਾਅਦ ਦੋ ਦਿਨ ਤੱਕ ਉਸ ਦੀ ਹਰ ਸੰਭਵ ਥਾਂ 'ਤੇ ਭਾਲ ਕੀਤੀ ਗਈ, ਪਰ ਕੋਈ ਸੁਰਾਗ ਨਹੀਂ ਮਿਲਿਆ। ਬੁੱਧਵਾਰ ਸਵੇਰੇ ਉਸ ਦੀ ਲਾਸ਼ ਖੇਤਾਂ ਵਿੱਚ ਬਣੇ ਮੋਟਰ ਦੇ ਕਮਰੇ ਵਿੱਚੋਂ ਮਿਲਣ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ, ਜੋ ਪਿੰਡ ਥੋਥੀਆ ਦੀ ਮੌਜੂਦਾ ਪੰਚਾਇਤ ਮੈਂਬਰ ਹਨ, ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪੇਂਟ ਦਾ ਕੰਮ ਕਰਦਾ ਸੀ ਅਤੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਰਹਿੰਦਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਿਆ ਹੈ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟੀ ਧੀ ਦਾ ਜਨਮ ਸਿਰਫ਼ ਪੰਜ ਦਿਨ ਪਹਿਲਾਂ ਹੀ ਹੋਇਆ ਸੀ।
ਘਟਨਾ ਸਥਾਨ 'ਤੇ ਮੌਜੂਦ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਕਿਸੇ ਵੀ ਸੰਭਾਵਨਾ ਦੀ ਪੁਸ਼ਟੀ ਨਹੀਂ ਕੀਤੀ ਅਤੇ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਧਾਰਾ 174 . ਅਧੀਨ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਪੋਸਟਮਾਰਟਮ ਜਾਂ ਜਾਂਚ ਦੌਰਾਨ ਕਿਸੇ ਅਪਰਾਧਿਕ ਸਾਜ਼ਿਸ਼ ਜਾਂ ਕਤਲ ਦੇ ਸਬੂਤ ਮਿਲਦੇ ਹਨ ਤਾਂ ਉਸੇ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- Download Babushahi App
-
-