ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਵੱਖ-ਵੱਖ ਗਤੀਵਿਧੀਆਂ ਨਾਲ ਮਨਾਇਆ ਬਾਲ ਦਿਵਸ
ਅਸ਼ੋਕ ਵਰਮਾ
ਭਗਤਾ ਭਾਈ, 20 ਨਵੰਬਰ 2026: 'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈ ਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿੱਚ ਹਰ ਵਿਸ਼ੇਸ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ।ਇਸ ਤਰ੍ਹਾਂ ਇਸ ਸੰਸਥਾ ਵਿੱਚ ਬਾਲ ਦਿਵਸ ਵੀ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ।ਜਿਸ ਵਿੱਚ ਭੰਗੜਾ, ਗਿੱਧਾ, ਡਾਂਸ, ਯੋਗਾ ਅਤੇ ਪੀ.ਟੀ ਸ਼ਾਮਲ ਸਨ।ਦੂਸਰੀਂ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੈਰੇਮੋਨੀਅਲ ਲੰਚ ਦਾ ਪ੍ਰਬੰਧ ਕੀਤਾ ਗਿਆ।ਵਿਦਿਆਰਥੀਆਂ ਨੇ ਫਨ ਗੇਮਜ਼, ਸਪੋਰਟਸ ਗੇਮਜ਼ ਦਾ ਖੂਬ ਆਨੰਦ ਮਾਣਿਆ। ਨੰਨੇ ਮੁੰਨੇ ਵਿਦਿਆਰਥੀਆਂ ਵੱਲੋਂ ਕਾਰਟੂਨ ਮੂਵੀ ਦਾ ਬਹੁਤ ਆਨੰਦ ਮਾਣਿਆ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਛੋਟੇ-ਛੋਟੇ ਗਿਫ਼ਟ ਦੇ ਕੇ ਇਸ ਦਿਨ ਨੂੰ ਯਾਦਗਰੀ ਦਿਵਸ ਬਣਾਇਆ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ਼ ਨੇ ਇਸ ਦੌਰਾਨ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਨੇ ਸ੍ਰੀ ਨਹਿਰੂ ਦੀਆਂ ਦੇਸ਼ ਲਈ ਯੋਜਨਾਵਾਂ ਅਤੇ ਦੇਸ਼ ਨੂੰ ਦੇਣ ਦਾ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਦੇਸ਼ ਨੂੰ ਪਿਆਰ ਕਰਨ ਅਤੇ ਆਪਾ ਵਾਰਨ ਦਾ ਸੰਦੇਸ਼ ਵੀ ਦਿੱਤਾ।ਸਕੂਲ ਦੇ ਪ ਸ੍ਰੀ ਬਾਂਸਲ਼ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਉਨ੍ਹਾਂ ਨੂੰ ਉੱਚਾ-ਸੁੱਚਾ ਅਤੇ ਮਿਹਨਤੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ) , ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ) , ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਨੇ ਵੀ ਬਾਲ ਦਿਵਸ ਦੀ ਵਧਾਈ ਦਿੱਤੀ ।
- Download Babushahi App
-
-