ਆਰਐਮਪੀਆਈ ਅਤੇ ਲਿਬਰੇਸ਼ਨ ਵੱਲੋਂ ਲੋਕਤੰਤਰ ਦੀ ਰਾਖੀ ਲਈ ਗਿਆਨੇਸ਼ ਕੁਮਾਰ ਨੂੰ ਗ੍ਰਿਫਤਾਰ ਕਰਨ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ 4 ਅਕਤੂਬਰ 2026 : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਤੇ ਸੀ.ਪੀ.ਆਈ.(ਐਮ.ਐਲ.) ਲਿਬ੍ਰੇਸ਼ਨ ਵਲੋਂ ਆਉਣ ਵਾਲੀ 7 ਤੇ 8 ਅਕਤੂਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ 'ਤੇ ਭਰਵੇਂ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਕ ਸਾਂਝੇ ਬਿਆਨ ਰਾਹੀਂ ਆਰ.ਐਮ.ਪੀ.ਆਈ. ਦੇ ਸੂਬਾ ਪ੍ਰਧਾਨ ਤੇ ਸਕੱਤਰ ਸਾਥੀ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਅਤੇ ਲਿਬ੍ਰੇਸ਼ਨ ਦੇ ਸੂਬਾਈ ਕਾਰਜਕਾਰੀ ਸਕੱਤਰ ਤੇ ਸੂਬਾ ਸਕੱਤਰੇਤ ਦੇ ਮੈਂਬਰ ਸਾਥੀ ਰਾਜਬਿੰਦਰ ਸਿੰਘ ਰਾਣਾ ਤੇ ਗੁਲਜ਼ਾਰ ਸਿੰਘ ਭੁੰਬਲੀ ਨੇ ਦੱਸਿਆ ਹੈ ਕਿ ਇਨ੍ਹਾਂ ਮੁਜ਼ਾਹਰਿਆਂ ਦੌਰਾਨ ਆਪਣੇ ਗੈਰ-ਕਾਨੂੰਨੀ ਕਾਰਿਆਂ ਰਾਹੀਂ ਲੋਕ-ਰਾਜੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਤਬਾਹ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਦੀ ਬਰਖਾਸਤਗੀ ਤੇ ਉਸ ਨੂੰ ਗ੍ਰਿਫਤਾਰ ਕਰਕੇ ਫੌਰੀ ਜੇਲ੍ਹ 'ਚ ਸੁੱਟੇ ਜਾਣ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ।
ਦੇਸ਼ ਦੇ ਗਰੀਬਾਂ, ਘੱਟ ਗਿਣਤੀ ਵਸੋਂ, ਦਲਿਤਾਂ-ਔਰਤਾਂ ਤੇ ਹਾਸ਼ੀਆਗਤ ਲੋਕਾਂ ਨੂੰ ਵੋਟ ਦੇ ਹੱਕ ਤੋਂ ਵਾਂਝੇ ਕਰਨ ਦੀ ਆਰ.ਐਸ.ਐਸ. ਤੇ ਭਾਜਪਾ ਦੀ ਚਿਰੋਕਣੀ ਸਾਜ਼ਿਸ਼ ਤਹਿਤ ਕੀਤੀ ਜਾ ਰਹੀ ਵੋਟ ਸੂਚੀਆਂ ਦੀ 'ਡੂੰਘਾਈ ਨਾਲ ਵਿਸ਼ੇਸ਼ ਸੁਧਾਈ' (ਐਸ.ਆਈ.ਆਰ.) ਪੰਜਾਬ ਸਮੇਤ ਸਾਰੇ ਦੇਸ਼ 'ਚ ਫੌਰੀ ਬੰਦ ਕੀਤੇ ਜਾਣ ਦੀ ਵੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿ ਐਸ.ਆਈ.ਆਰ. ਤਹਿਤ ਕੱਟੀਆਂ 13 ਕਰੋੜ ਤੋਂ ਵੱਧ ਵੋਟਾਂ ਬਹਾਲ ਕੀਤੇ ਜਾਣ, ਐਸ.ਆਈ.ਆਰ. ਤੋਂ ਪਿੱਛੋਂ ਹੋਈਆਂ ਸਾਰੀਆਂ ਚੋਣਾਂ ਰੱਦ ਕੀਤੇ ਜਾਣ ਅਤੇ ਅੱਗੇ ਤੋਂ ਈ.ਵੀ.ਐਮ. ਦੀ ਬਜਾਏ ਬੈਲਟ ਪੇਪਰ ਨਾਲ ਵੋਟਾਂ ਪਵਾਉਣ ਲਈ ਵੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।
ਕਮਿਊਨਿਸਟ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸੀ.ਈ.ਸੀ. ਗਿਆਨੇਸ਼ ਕੁਮਾਰ ਦੇਸ਼ ਦੇ ਸੰਵਿਧਾਨ ਤੋਂ ਸੇਧ ਲੈਣ ਦੀ ਬਜਾਏ ਆਰ.ਐਸ.ਐਸ. ਦੀ ਹੱਥਠੋਕਾ ਮੋਦੀ ਸਰਕਾਰ ਦੇ ਜ਼ਰ ਖ੍ਰੀਦ ਗੁਲਾਮ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਦੀ ਚੋਣ ਪ੍ਰਣਾਲੀ ਨੂੰ ਅਪੰਗ ਬਣਾਉਣ ਦੇ ਅਸਲ ਦੋਸ਼ੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਹੁਦੇ 'ਤੇ ਬਣੇ ਰਹਿਣ ਦਾ ਨੈਤਿਕ ਹੱਕ ਗਵਾ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਫੌਰੀ ਅਸਤੀਫਾ ਦੇ ਦੇਣਾ ਚਾਹੀਦਾ ਹੈ।ਆਗੂਆਂ ਨੇ ਜੰਤਰ-ਮੰਤਰ, ਨਵੀਂ ਦਿੱਲੀ ਵਿਖੇ ਸੰਵਿਧਾਨਕ ਦਾਇਰੇ 'ਚ ਸ਼ਾਂਤਮਈ ਲੋਕਾਂ 'ਤੇ ਜਬਰ ਢਾਹੁਣ ਦੀ ਵੀ ਕਰੜੀ ਨਿਖੇਧੀ ਕੀਤੀ ਹੈ। ਉਨ੍ਹਾਂ ਪਾਰਟੀ ਕਮੇਟੀਆਂ ਤੇ ਜਨ ਸੰਗਠਨਾਂ ਨੂੰ ਉਕਤ ਰੋਸ ਮੁਜ਼ਾਹਰਿਆਂ ਦੀ ਜ਼ੋਰਦਾਰ ਤਿਆਰੀ ਦਾ ਸੱਦਾ ਦਿੰਦਿਆਂ ਸਮੂਹ ਪੰਜਾਬੀਆਂ ਨੂੰ ਇਨ੍ਹਾਂ ਐਕਸ਼ਨਾਂ 'ਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ ਹੈ।
- Download Babushahi App
-
-