ਇੰਡਿਅਨ ਜਰਨਲਿਸਟ ਯੂਨੀਅਨ ਨੇ ਰਾਜਪਾਲ ਪੰਜਾਬ ਨੂੰ ਦਿੱਤਾ ਮੰਗ ਪੱਤਰ
ਬਿਆਸ:-
ਬਲਰਾਜ ਸਿੰਘ ਰਾਜਾ
ਇੰਡਿਅਨ ਜਰਨਲਿਸਟ ਯੂਨੀਅਨ (ਆਈਜੇਯੂ) ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ ਪੁਲਿਸ ਬੀਤੇ ਦਿਨ ਪੱਤਰਕਾਰਾਂ ਦੇ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਨੂੰ ਰੱਦ ਕਰਨ ਲਈ ਮੰਗ ਪੱਤਰ ਦਿੱਤਾ। ਯੂਨੀਅਨ ਨੇ ਸੂਬਾ ਸਰਕਾਰ ਦੀ ਇਸ ਕਾਰਵਾਈ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਦੱਸਿਆ ਹੈ।
ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਨੇ ਰਾਜਪਾਲ ਧਿਆਨ ਵਿਚ ਲਿਆਂਦਾ ਕਿ ਸੂਬੇ ’ਚ ਪ੍ਰੈੱਸ ਦੀ ਅਜ਼ਾਦੀ ਨੂੰ ਖ਼ਤਰਾ ਹੈ ਅਤੇ ਪੱਤਰਕਾਰਾਂ ਦੀ ਅਵਾਜ਼ ਬੰਦ ਕਰਨ ਲਈ ਝੂਠੇ ਕੇਸ ਦਰਜ਼ ਕੀਤੇ ਜਾ ਰਹੇ ਹਨ। ਜੰਮੂ ਨੇ ਕਿਹਾ ਕਿ ਪੱਤਰਕਾਰ ਲੋਕਾਂ ਦੀ ਆਵਾਜ਼ ਹੁੰਦੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨਾ ਲੋਕਤੰਤਰ ਦੀ ਆਤਮਾ ਨੂੰ ਨੁਕਸਾਨ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਆਲੋਚਨਾ ਕਰਨਾ ਜਾਂ ਜਨਤਕ ਮੁੱਦਿਆਂ ਨੂੰ ਉਠਾਉਣਾ ਕੋਈ ਅਪਰਾਧ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਪੱਤਰਕਾਰਾਂ ਨੇ ਸਿਰਫ਼ ਆਪਣੀ ਡਿਊਟੀ ਨਿਭਾਉਂਦਿਆਂ ਜਨਹਿੱਤ ਨਾਲ ਜੁੜੀਆਂ ਗੱਲਾਂ ਸਾਹਮਣੇ ਲਿਆਂਦੀਆਂ ਸਨ, ਜਿਸ ਤੋਂ ਨਾਰਾਜ਼ ਹੋ ਕੇ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਇਹ ਰੁਝਾਨ ਬਹੁਤ ਚਿੰਤਾਜਨਕ ਹੈ ਅਤੇ ਇਸ ਨਾਲ ਮੀਡੀਆ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਯੂਨੀਅਨ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ ਇਸ ਮਾਮਲੇ ਵਿਚ ਦਖ਼ਲ ਦੇਣ ਤਾਂ ਜੋ ਪੱਤਰਕਾਰਾਂ ਨੂੰ ਇਨਸਾਫ਼ ਮਿਲ ਸਕੇ ਅਤੇ ਭਵਿੱਖ ਵਿੱਚ ਅਜਿਹੀ ਕਾਰਵਾਈ ਤੋਂ ਬਚਿਆ ਜਾ ਸਕੇ।
ਯੂਨੀਅਨ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਇਹ ਕੇਸ ਵਾਪਸ ਨਾ ਲਏ ਗਏ ਤਾਂ ਦੇਸ਼ ਭਰ ਵਿੱਚ ਪੱਤਰਕਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਕਾਇਮ ਨਹੀਂ ਰਹਿ ਸਕਦਾ ਅਤੇ ਇਸ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਇਸ ਮੌਕੇ ਸਕੱਤਰ ਬਲਬੀਰ ਸਿੰਘ ਜੰਡੂ ਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਜੈ ਸਿੰਘ ਛਿੱਬਰ ਵੀ ਹਾਜ਼ਰ ਸਨ।