ਇੰਪਰੂਵਮੈਂਟ ਟਰੱਸਟ ਵਲੋਂ ਪਿੰਡ ਦੀ ਪਾਰਕ ਲਈ 50 ਲੱਖ ਦੀ ਗਰਾਂਟ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ
ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਜੀਵ ਸ਼ਰਮਾ ਵੱਲੋਂ ਪਿੰਡ ਭੱਟੀਆਂ ਦੇ ਵਿਕਾਸ ਲਈ ਕਰੀਬ 50 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਪਿੰਡ ਵਿੱਚ ਇੱਕ ਸੁੰਦਰ ਪਾਰਕ ਤਿਆਰ ਕਰਨ ਦੇ ਨਾਲ-ਨਾਲ ਓਪਨ ਜਿਮ ਵੀ ਸਥਾਪਿਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਰਜੀਵ ਸ਼ਰਮਾ ਨੇ ਦੱਸਿਆ ਕਿ ਪਿੰਡ ਭੱਟੀਆਂ ਦੇ ਲੋਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਕ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਦੇ ਸਰਪੰਚ ਮਨੀਸ਼ ਨਾਲ ਗੱਲਬਾਤ ਕੀਤੀ ਗਈ ਅਤੇ ਪਾਰਕ ਬਣਾਉਣ ਲਈ ਐਸਟੀਮੇਟ ਤਿਆਰ ਕਰਵਾਇਆ ਗਿਆ। ਇਸ ਉਪਰੰਤ ਇੰਪਰੂਵਮੈਂਟ ਟਰੱਸਟ ਵੱਲੋਂ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਕੁਝ ਹੀ ਦਿਨਾਂ ਵਿੱਚ ਇਸ ਕੰਮ ਦਾ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਰਜੀਵ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦਾ ਵਿਕਾਸ ਕਰਨਾ ਹੈ। ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਜਤਾਇਆ ਹੈ ਅਤੇ ਸਾਡਾ ਫਰਜ਼ ਹੈ ਕਿ ਅਸੀਂ ਲੋਕਾਂ ਦੇ ਇਸ ਵਿਸ਼ਵਾਸ ’ਤੇ ਖਰਾ ਉਤਰੀਏ।
ਉਨ੍ਹਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ਅਤੇ ਪਿੰਡਾਂ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਗੁਰਦਾਸਪੁਰ ਸ਼ਹਿਰ ਵਿੱਚ ਟਰੈਫਿਕ ਲਾਈਟਾਂ, ਭਗਵਾਨ ਸ੍ਰੀ ਪਰਸ਼ੂਰਾਮ ਚੌਂਕ, ਨਵੇਂ ਗੇਟਾਂ ਤੋਂ ਇਲਾਵਾ ਪਿੰਡ ਗੋਤ ਪੋਖਰ, ਹਾਜ਼ਰ ਨਗਰ ਅਤੇ ਹੋਰ ਇਲਾਕਿਆਂ ਵਿੱਚ ਵੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਗੁਰਦਾਸਪੁਰ ਦਾ ਤੇਜ਼ੀ ਨਾਲ ਵਿਕਾਸ ਹੋ ਸਕੇ।
ਚੇਅਰਮੈਨ ਰਜੀਵ ਸ਼ਰਮਾ ਨੇ ਗੁਰਦਾਸਪੁਰ ਦੇ ਐਮ.ਸੀਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਵਾਰਡ ਵਿੱਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਲੋੜ ਹੈ ਤਾਂ ਇੰਪਰੂਵਮੈਂਟ ਟਰੱਸਟ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੰਮ ਦੀ ਰਕਮ ਭਾਵੇਂ ਕਿੰਨੀ ਵੀ ਹੋਵੇ, ਟਰੱਸਟ ਵੱਲੋਂ ਵਿਕਾਸ ਕਾਰਜਾਂ ਵਿੱਚ ਸਹਿਯੋਗ ਦਿੱਤਾ ਜਾਵੇਗਾ।
ਉੱਥੇ ਹੀ ਪਿੰਡ ਭੱਟੀਆਂ ਦੇ ਸਰਪੰਚ ਮਨੀਸ਼ ਨੇ ਇੰਪਰੂਵਮੈਂਟ ਟਰੱਸਟ ਅਤੇ ਚੇਅਰਮੈਨ ਰਜੀਵ ਸ਼ਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰਜੀਵ ਸ਼ਰਮਾ ਨਾਲ ਸਿਰਫ਼ ਇੱਕ ਵਾਰ ਗੱਲਬਾਤ ਕਰਨ ’ਤੇ ਹੀ ਉਨ੍ਹਾਂ ਵੱਲੋਂ ਪਿੰਡ ਵਿੱਚ ਪਾਰਕ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਹੁਣ ਟਰੱਸਟ ਵੱਲੋਂ ਇਸ ਕੰਮ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।
ਸਰਪੰਚ ਮਨੀਸ਼ ਨੇ ਕਿਹਾ ਕਿ ਗੁਰਦਾਸਪੁਰ ਦੇ ਵਿਕਾਸ ਲਈ ਇਸ ਤਰ੍ਹਾਂ ਦੇ ਲੋਕ-ਪੱਖੀ ਆਗੂਆਂ ਦੀ ਬਹੁਤ ਜ਼ਰੂਰਤ ਹੈ।
- Download Babushahi App
-
-