ਐਡਮਿੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਸਹਿਣਯੋਗ ਨਹੀਂ: ਬਾਬਾ ਬਲਬੀਰ ਸਿੰਘ
ਸ੍ਰੀ ਅਨੰਦਪੁਰ ਸਾਹਿਬ:- 23 ਅਗਸਤ 2026 ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੀਤੇ ਦਿਨੀ ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿਚ ਇਕ ਵਿਅਕਤੀ ਵਲੋਂ ਦਾਖ਼ਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ ਪ੍ਰੰਤੂ ਮੌਕੇ ਤੇ ਉਸ ਨੂੰ ਮੌਜੂਦਾ ਸੰਗਤ ਤੇ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ।
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਦਸਿਆ ਕਿ ਸਵੇਰ ਸਮੇਂ ਅਰਦਾਸ ਕੀਤੀ ਜਾ ਰਹੀ ਸੀ ਅਤੇ ਬਹੁਤ ਸਾਰੇ ਲੋਕ ਮੌਜੂਦ ਸਨ। ਪੀੜਤਾਂ `ਚੋਂ ਇਕ ਗੁਰਦੁਆਰੇ ਵਿਚ ਗ੍ਰੰਥੀ ਸਿੰਘ ਸੀ ਅਤੇ ਦੂਜਾ ਲੰਬੇ ਸਮੇਂ ਤੋਂ ਸੇਵਾਦਾਰ ਸੀ। ਉਨ੍ਹਾਂ ਕਿਹਾ ਕਿ ਜਦੋਂ ਗੁਰਦੁਆਰੇ ਦੇ ਅੰਦਰ ਲੋਕਾਂ ਨੇ ਹਥਿਆਰਬੰਦ ਨੌਜਵਾਨ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਉਨ੍ਹਾਂ `ਤੇ ਹਮਲਾ ਕਰ ਦਿੱਤਾ। ਦੋਸ਼ੀ ਵਿਅਕਤੀ ਨੇ ਗ੍ਰੰਥੀ ਸਿੰਘ `ਤੇ ਕਈ ਵਾਰ ਪੇਚਕਸ ਨਾਲ ਹਮਲਾ ਕੀਤਾ ਅਤੇ ਬਾਅਦ ਵਿਚ ਬਜ਼ੁਰਗ ਸੇਵਾਦਾਰ ਤੇ ਵੀ ਹਮਲਾ ਕੀਤਾ ਅਤੇ ਜਖਮੀ ਕਰ ਦਿਤਾ।
ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਐਡਮਿੰਟਨ ਪੁਲਿਸ ਨੇ ਗ੍ਰਿਫ਼ਤਾਰ ਤਾਂ ਕਰ ਲਿਆ ਪਰੰਤੂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਕਿਉਂ ਕਿ ਬੀਤੇ ਦਿਨੀਂ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਨੂੰ ਕੁਝ ਧਮਕੀਆਂ ਮਿਲੀਆਂ ਸਨ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੈਲਗਰੀ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਗੁਰਦੁਆਰਾ ਸਾਹਿਬਾਨਾਂ ਤੇ ਸੁਰੱਖਿਆ ਦੇ ਪੂਰਨ ਪ੍ਰਬੰਧ ਕਰਨੇ ਚਾਹੀਦੇ ਹਨ। ਸੁਰੱਖਿਆ ਅਤੇ ਪਹਿਰੇਦਾਰੀ ਦੇ ਪੁਖਤਾ ਪ੍ਰਬੰਧ ਰੱਖਣੇ ਗੁਰਦੁਆਰਾ ਪ੍ਰਬੰਧਕਾਂ ਦੀ ਮੁੱਢਲੀ ਅਹਿਮ ਜ਼ਿੰਮੇਵਾਰੀ ਹੈ ਉਨ੍ਹਾਂ ਕਿਹਾ ਕਿ ਹਰ ਇਕ ਸਿੱਖ ਨੂੰ ਸ਼ਸਤਰਧਾਰੀ ਹੋਣਾ ਚਾਹੀਦਾ ਤਾਂ ਜੋ ਇਹੋ ਜਿਹੇ ਅਨਸਰਾਂ ਨੂੰ ਰੋਕਿਆ ਜਾ ਸਕੇ ਅਤੇ ਉਨ੍ਹਾਂ ਅਕਾਲ ਪੁਰਖ ਅੱਗੇ ਜਖਮੀ ਹੋਏ ਸੇਵਾਦਾਰਾਂ ਦੀ ਸੇਹਤਯਾਬ ਦੀ ਅਰਦਾਸ ਕੀਤੀ।
- Download Babushahi App
-
-