ਐਸਕੇਐਮ ਦੇ ਸੱਦੇ ਤੇ ਭਾਕਿਯੂ ਏਕਤਾ ਡਕੌਂਦਾ ਨੇ 13 ਜ਼ਿਲ੍ਹਿਆਂ ਵਿੱਚ ਫੂਕੇ ਭਾਜਪਾ ਅਤੇ ਰਾਜਪਾਲ ਦੇ ਪੁਤਲੇ।
15 ਮਈ ਨੂੰ ਕਿਸਾਨਾਂ ਤੇ ਲਾਠੀਚਾਰਜ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦਾ ਕੀਤਾ ਵਿਰੋਧ।
ਅਸ਼ੋਕ ਵਰਮਾ
ਬਰਨਾਲਾ, 16 ਮਈ 2026 :ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ 13 ਜ਼ਿਲਿਆਂ ਵਿੱਚ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਗਏ। ਵੱਖ ਵੱਖ ਥਾਵਾਂ ਤੇ ਇਕੱਠੇ ਹੋ ਕੇ ਕਿਸਾਨਾਂ ਨੇ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਸਾੜ ਕੇ 15 ਮਈ ਨੂੰ ਕਿਸਾਨਾਂ ਤੇ ਕੀਤੇ ਜਬਰ ਦਾ ਵਿਰੋਧ ਕੀਤਾ। ਵੱਖ-ਵੱਖ ਥਾਵਾਂ ਤੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ 15 ਮਈ ਨੂੰ ਆਪਣੀਆਂ ਮੰਗਾਂ ਵਾਸਤੇ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਦੇ ਸ਼ਾਂਤਮਈ ਮੁਜਾਹਰੇ ਤੇ ਚੰਡੀਗੜ੍ਹ ਪੁਲਿਸ ਵੱਲੋਂ ਅਣਮਨੁੱਖੀ ਤਸ਼ੱਦਦ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਤੇ ਚੰਡੀਗੜ੍ਹ ਪੁਲਿਸ ਰਾਹੀਂ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਉਹਨਾਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ।
ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ 15 ਮਈ ਨੂੰ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਫੇਸ ਅੱਠ ਮੋਹਾਲੀ ਤੋਂ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਸੀ। ਚੰਡੀਗੜ੍ਹ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਉੱਤੇ ਜਬਰ ਕੀਤਾ ਅਤੇ 24 ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਜਬਰ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਾਰੇ ਪੰਜਾਬ ਵਿੱਚ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਸਾੜੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਨੂੰ ਲਾਗੂ ਕਰਦਿਆ ਜਥੇਬੰਦੀ ਵੱਲੋਂ ਪੰਜਾਬ ਦੇ 13 ਜ਼ਿਲਿਆਂ ਵਿੱਚ ਪੁਤਲੇ ਫੂਕੇ ਗਏ।ਕਿਸਾਨ ਆਗੂਆਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕਰਨ ਤੋਂ ਇਲਾਵਾ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਸਤੇ ਸਾਫ ਨਹਿਰੀ ਪਾਣੀ ਦੇਣ, ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਰਾਵਾਂ 78,79 ਅਤੇ 80 ਨੂੰ ਰੱਦ ਕਰਨ ਅਤੇ ਸੂਬੇ ਨਾਲ ਹੋਏ ਸਾਰੇ ਗੈਰ ਸੰਵਿਧਾਨਕ ਅਤੇ ਵਿਤਕਰੇਪੂਰਨ ਕਾਨੂੰਨੀ ਸਮਝੌਤੇ ਤੇ ਅਵਾਰਡ ਰੱਦ ਕਰਨ ਦੀ ਮੰਗ ਕੀਤੀ। ਕੇਂਦਰ ਸਰਕਾਰ ਨੂੰ ਸਾਉਣੀ ਦੀਆਂ ਫ਼ਸਲਾਂ ਲਈ ਨਾਬਾਰਡ ਬੈਂਕ ਰਾਹੀਂ ਸੂਬੇ ਦੇ ਰੋਕੇ ਗਏ 2400 ਕਰੋੜ ਰੁਪਏ ਜਾਰੀ ਕਰਨ ਅਤੇ ਪੰਜਾਬ ਸਰਕਾਰ ਨੂੰ ਹੱਦ ਕਰਜ਼ਿਆਂ ਦੇ ਵਾਧੇ ਨੂੰ ਲਾਗੂ ਕਰਨ ਦੀ ਮੰਗ ਅਤੇ ਤੇਲ ਤੇ ਗੈਸ ਦੇ ਰੇਟਾਂ ਵਿੱਚ ਕੀਤੇ ਵਾਧੇ ਦੀ ਨਿੰਦਾ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਡੈਮ ਸੇਫਟੀ ਐਕਟ ਖਿਲਾਫ ਇੱਕ ਸ਼ਬਦ ਵੀ ਨਾ ਬੋਲਣ ਅਤੇ ਜਲ ਸੋਧ ਐਕਟ ਲਾਗੂ ਕਰਨ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਸਾਨਾਂ ਨੇ ਮੰਗ ਕੀਤੀ ਕਿ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਕੀਤੇ ਹੋਏ ਵਾਅਦੇ ਅਨੁਸਾਰ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਵਧੇ ਹੋਏ ਹੱਦ ਕਰਜੇ ਦਾ ਨਵਾਂ ਨੋਟੀਫਿਕੇਸ਼ਨ ਦੁਬਾਰਾ ਜਾਰੀ ਕਰੇ। ਜਬਰ ਦੇ ਮਾਮਲੇ ਵਿੱਚ ਪੰਜਾਬ ਦੀ ਆਮ ਆਦਮੀ ਸਰਕਾਰ ਵੀ ਭਾਜਪਾ ਦੇ ਕਦਮਾਂ ਤੇ ਹੀ ਚੱਲ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਤੇ ਜਬਰ ਕਰਨ ਵਾਲਿਆਂ ਨੂੰ ਸਬਕ ਸਿਖਾਇਆ ਜਾਵੇਗਾ। ਇਹਨਾਂ ਮੁਜਾਹਰਿਆਂ ਨੂੰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਗੁਰਦੇਵ ਸਿੰਘ ਮਾਂਗੇਵਾਲ, ਅੰਗਰੇਜ਼ ਸਿੰਘ ਭਦੌੜ ਅਤੇ ਜ਼ਿਲਿਆਂ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ।
- Download Babushahi App
-
-