ਐੱਸ ਡੀ ਐਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਰੋਹਿਤ ਗੁਪਤਾ
ਬਟਾਲਾ, 10 ਅਗਸਤ

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਮੀਟਿੰਗ ਕੀਤੀ ਗਈ ਅਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ ਅਤੇ ਪਿ੍ੰਸੀਪਲ ਦਵਿੰਦਰ ਸਿੰਘ ਭੱਟੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਐੱਸ.ਡੀ.ਐੱਮ ਬਟਾਲਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਗਰਾਊਂਡ ਦੀ ਤਿਆਰੀ, ਪੀਣ ਲਈ ਸਾਫ ਪਾਣੀ ਅਤੇ ਦੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਉਨਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਦੇ ਪ੍ਰਬੰਧਾਂ ਦਾ ਖਾਸ ਖਿਆਲ ਰੱਖਣ ਲਈ ਕਿਹਾ। ਉਨ੍ਹਾਂ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਟੀਮਾਂ ਲਗਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੁਲਿਸ ਜਵਾਨਾਂ, ਪੰਜਾਬ ਹੋਮਗਾਰਡ ਅਤੇ ਐੱਨ.ਐੱਨ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਦੇ ਮਾਰਚ ਪਾਸਟ ‘ਚ ਹਿੱਸਾ ਲਿਆ ਜਾਵੇਗਾ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
- Download Babushahi App
-
-