ਕਥਿਤ ਭ੍ਰਿਸ਼ਟਾਚਾਰ ਮਾਮਲਾ: CBI ਨੇ AAP ਆਗੂ ਬੀਰ ਦਵਿੰਦਰ ਤੋਂ 10 ਘੰਟੇ ਕੀਤੀ ਪੁੱਛਗਿੱਛ (ਵੇਖੋ ਵੀਡੀਓ)
Ravi Jakhu
ਚੰਡੀਗੜ੍ਹ, 18 ਅਕਤੂਬਰ 2026: ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਬੀਰ ਦਵਿੰਦਰ ਸਿੰਘ ਤੋਂ ਲਗਭਗ 10 ਘੰਟੇ ਪੁੱਛਗਿੱਛ ਕੀਤੀ। ਉਹ ਸਵੇਰੇ 11:30 ਵਜੇ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਜਾਂਚ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ 60 ਤੋਂ 70 ਸਵਾਲ ਪੁੱਛੇ ਗਏ।
ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਸੀਬੀਆਈ ਵੱਲੋਂ ਉਨ੍ਹਾਂ ਨੂੰ ਦੁਬਾਰਾ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ ਅਤੇ ਇਸ ਸਬੰਧੀ ਇੱਕ ਹੋਰ ਨੋਟਿਸ ਜਾਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਵੀ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਜਾਵੇਗਾ, ਉਹ ਪੇਸ਼ ਹੋਣਗੇ ਅਤੇ ਜਾਂਚ ਏਜੰਸੀ ਦੇ ਸਵਾਲਾਂ ਦੇ ਜਵਾਬ ਦੇਣਗੇ।
ਪੁੱਛਗਿੱਛ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਇਸ ਰਾਹੀਂ ਇਨਸਾਫ਼ ਮਿਲੇਗਾ।
ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਘੁੰਮਣ ਵੀ ਹੋਣਗੇ ਪੇਸ਼
ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਵੀਰ ਘੁੰਮਣ ਤੋਂ ਵੀ ਸੀਬੀਆਈ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਉਹ ਸੋਮਵਾਰ ਨੂੰ ਮੁੜ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਹੋਈ ਪੁੱਛਗਿੱਛ ਦੌਰਾਨ ਰਾਜਵੀਰ ਘੁੰਮਣ ਨੂੰ ਲਗਭਗ 40 ਸਵਾਲ ਪੁੱਛੇ ਗਏ ਸਨ। ਹੁਣ ਉਨ੍ਹਾਂ ਨੂੰ ਦੁਬਾਰਾ ਬੁਲਾਏ ਜਾਣ ਨਾਲ ਜਾਂਚ ਦੇ ਅਗਲੇ ਪੜਾਅ ਬਾਰੇ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਉਨ੍ਹਾਂ ਤੋਂ ਅਗਲੀ ਪੁੱਛਗਿੱਛ ਦੌਰਾਨ ਕਿਹੜੇ ਮੁੱਦਿਆਂ ’ਤੇ ਸਵਾਲ ਕੀਤੇ ਜਾਣਗੇ ਅਤੇ ਜਾਂਚ ਅਧਿਕਾਰੀਆਂ ਕੋਲ ਕਿੰਨੇ ਸਵਾਲ ਬਾਕੀ ਹਨ, ਇਸ ਬਾਰੇ ਹਾਲੇ ਕੋਈ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ।
ਸੀਬੀਆਈ ਵੱਲੋਂ ਜਾਂਚਿਆ ਜਾ ਰਿਹਾ ਇਹ ਮਾਮਲਾ CMO ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹੈ। ਜਾਣਕਾਰੀ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ। ਜਾਂਚ ਏਜੰਸੀ ਨੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਕੋਠੀ ਨੰਬਰ 50 ਤੋਂ ਜਾਂਚ ਦੀ ਕਾਰਵਾਈ ਸ਼ੁਰੂ ਕੀਤੀ ਸੀ। ਇਸ ਮਾਮਲੇ ਵਿੱਚ ਹੁਣ ਤੱਕ 6 ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਹੋਣ ਦੀ ਜਾਣਕਾਰੀ ਹੈ। ਸੀਬੀਆਈ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਨਾਮ ਜਾਂਚ ਦੌਰਾਨ ਸਾਹਮਣੇ ਆਏ ਹਨ।
- Download Babushahi App
-
-