ਕਪੂਰਥਲਾ: DC ਵੱਲੋਂ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 4 ਅਕਤੂਬਰ: ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਸਾਨਾਂ ਨੂੰ ਝੋਨੇ ਦੇ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ 17 ਫ਼ੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਰਧਾਰਤ ਨਮੀ ਦੇ ਮਾਪਦੰਡਾਂ ਦੀ ਪਾਲਣਾ ਨਾਲ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕੰਬਾਈਨ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ ਕਰਨ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ ਅਤੇ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੰਬਾਈਨਾਂ ਜ਼ਬਤ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਝੋਨੇ ਦਾ ਇੱਕ-ਇੱਕ ਦਾਣਾ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਦਾ ਸਿਲਸਿਲਾ ਜਾਰੀ ਰੱਖਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਚੰਗੀ ਤਰ੍ਹਾਂ ਸੁਕਾ ਕੇ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਲਗਭਗ 7.88 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਦੇ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
- Download Babushahi App
-
-