ਕਪੂਰਥਲਾ 'ਚ ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
6 ਹਮਲਾਵਰਾਂ ਨੇ ਘੇਰ ਕੇ ਕੀਤਾ ਜਾਨਲੇਵਾ ਹਮਲਾ, ਹਸਪਤਾਲ ਵਿੱਚ ਹੋਈ ਮੌਤ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 28 ਜੂਨ: ਕਪੂਰਥਲਾ ਸ਼ਹਿਰ ਵਿੱਚ ਐਤਵਾਰ ਨੂੰ ਦਿਨ-ਦਿਹਾੜੇ ਵਾਪਰੀ ਇੱਕ ਸਨਸਨੀਖੇਜ਼ ਵਾਰਦਾਤ ਨੇ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਸ਼ਹਿਰ ਦੇ ਇੱਕ ਮੁਹੱਲੇ ਵਿੱਚ ਕਰੀਬ 38 ਸਾਲਾ ਜਤਿੰਦਰ ਸਹਿਗਲ ਦਾ 6 ਹਮਲਾਵਰਾਂ ਨੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਜਤਿੰਦਰ ਸਹਿਗਲ ਆਪਣੇ ਘਰ ਤੋਂ ਕਿਸੇ ਕੰਮ ਲਈ ਨਿਕਲਿਆ ਸੀ। ਇਸੇ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ 6 ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਲਗਾਤਾਰ ਵਾਰ ਕੀਤੇ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਜਤਿੰਦਰ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਅਨੁਸਾਰ ਮ੍ਰਿਤਕ ਜਤਿੰਦਰ ਸਹਿਗਲ ਖ਼ਿਲਾਫ਼ ਪਹਿਲਾਂ ਵੀ ਕੁਝ ਅਪਰਾਧਿਕ ਮਾਮਲੇ ਦਰਜ ਸਨ। ਸ਼ੁਰੂਆਤੀ ਜਾਂਚ ਵਿੱਚ ਪੁਲਿਸ ਇਸ ਕਤਲ ਨੂੰ ਗੈਂਗਵਾਰ ਅਤੇ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਸਾਰੇ 6 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਵਾਰਦਾਤ ਵਾਲੀ ਥਾਂ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀਆਂ ਗਤੀਵਿਧੀਆਂ ਅਤੇ ਉਨ੍ਹਾਂ ਦੇ ਫਰਾਰ ਹੋਣ ਦੇ ਰਸਤੇ ਬਾਰੇ ਜਾਣਕਾਰੀ ਮਿਲ ਸਕੇ।
ਦਿਨ-ਦਿਹਾੜੇ ਹੋਏ ਇਸ ਕਤਲ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਖ਼ਬਰ ਮਿਲਦੇ ਹੀ ਵੱਡੀ ਗਿਣਤੀ ਵਿੱਚ ਲੋਕ ਸਰਕਾਰੀ ਹਸਪਤਾਲ ਪਹੁੰਚ ਗਏ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰ ਦਿੱਤਾ ਹੈ ਅਤੇ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-