ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਤੇਜ਼
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ, ਸੰਗਤ ਦੀ ਸਹੂਲਤ ਲਈ ਤਿਆਰ ਕੀਤੀ ਰੂਪ-ਰੇਖਾ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ :6 ਅਕਤੂਬਰ 2026 ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕੀ ਪੱਧਰ ’ਤੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਦੌਰਾਨ ਗੁਰਪੁਰਬ ਮੌਕੇ ਆਉਣ ਵਾਲੀ ਸੰਗਤ ਦੀ ਸਹੂਲਤ ਅਤੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਬੈਠਕ ਦੌਰਾਨ ਗੁਰਪੁਰਬ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਸਬੰਧੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਸੰਗਤ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ, ਬਿਜਲੀ, ਸਿਹਤ ਸਹੂਲਤਾਂ, ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗੁਰਪੁਰਬ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਸੁਲਤਾਨਪੁਰ ਲੋਧੀ ਪਹੁੰਚਦੀ ਹੈ। ਇਸ ਲਈ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹਰ ਵਿਭਾਗ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਪਹੁੰਚਣ ਵਾਲੀ ਸੰਗਤ ਲਈ ਸਾਫ਼-ਸੁਥਰਾ, ਸੁਚਾਰੂ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ ਲਈ ਕਿਹਾ।
ਬੈਠਕ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਗੁਰਪੁਰਬ ਤੋਂ ਪਹਿਲਾਂ ਸਾਰੇ ਲੋੜੀਂਦੇ ਕੰਮ ਮੁਕੰਮਲ ਕੀਤੇ ਜਾਣ, ਤਾਂ ਜੋ ਗੁਰਪੁਰਬ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਵਿਭਾਗਾਂ ਨੂੰ ਆਪਣੇ-ਆਪਣੇ ਪੱਧਰ ’ਤੇ ਤਿਆਰੀਆਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਜ਼ਮੀਨੀ ਪੱਧਰ ’ਤੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿੱਚ ਤਿਆਰੀਆਂ ਦਾ ਦੌਰ ਸ਼ੁਰੂ ਹੋਣ ਦੇ ਨਾਲ ਹੀ ਪ੍ਰਸ਼ਾਸਨਿਕ ਅਤੇ ਧਾਰਮਿਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵੀ ਤੇਜ਼ ਹੋ ਗਈ ਹੈ।
- Download Babushahi App
-
-