ਕਾਂਗਰਸ 'ਚ ਸਭ ਕੁਝ ਠੀਕ-ਠਾਕ! ਹਾਈਕਮਾਨ ਦਾ ਹਰ ਫ਼ੈਸਲਾ ਸਿਰ ਮੱਥੇ: ਚੰਨੀ ਦਾ ਵੱਡਾ ਬਿਆਨ
ਚੰਡੀਗੜ੍ਹ, 16 ਜੁਲਾਈ 2026- ਪੰਜਾਬ ਦੇ ਸਾਬਕਾ ਮੁੱਖ ਮੰਤਰੀ & MP ਚਰਨਜੀਤ ਸਿੰਘ ਚੰਨੀ ਨੇ ਪਾਰਟੀ ਦੇ ਅੰਦਰੂਨੀ ਹਾਲਾਤ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਦਿੱਲੀ ਵਿੱਚ ਪਾਰਟੀ ਹਾਈਕਮਾਂਡ ਦੇ ਨਾਲ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਜਾਂ ਗੁੱਟਬਾਜ਼ੀ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਪਾਰਟੀ ਅੰਦਰ ਸਭ ਕੁਝ ਬਿਲਕੁਲ ਠੀਕ-ਠਾਕ ਚੱਲ ਰਿਹਾ ਹੈ।
ਬੈਠਕ ਤੋਂ ਬਾਅਦ ਜਿਉਂ ਹੀ ਚਰਨਜੀਤ ਸਿੰਘ ਚੰਨੀ ਬਾਹਰ ਆਏ, ਤਾਂ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ, "ਕਾਂਗਰਸ ਵਿੱਚ ਕੋਈ ਮਤਭੇਦ ਨਹੀਂ ਹੈ। ਪਾਰਟੀ ਹਾਈਕਮਾਨ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਸਾਨੂੰ ਸਿਰ-ਮੱਥੇ ਪ੍ਰਵਾਨ ਹੈ।" ਉਨ੍ਹਾਂ ਨੇ ਹਾਈਕਮਾਨ ਦੀ ਸਰਵਉੱਚਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਲੀਡਰਸ਼ਿਪ ਜੋ ਵੀ ਨਿਰਣਾ ਲਵੇਗੀ, ਅਸੀਂ ਸਾਰੇ ਉਸ ਨੂੰ ਪੂਰੀ ਤਰ੍ਹਾਂ ਸਵੀਕਾਰ ਕਰਾਂਗੇ ਅਤੇ ਪਾਰਟੀ ਦੇ ਹਿੱਤ ਵਿੱਚ ਮਿਲ ਕੇ ਕੰਮ ਕਰਾਂਗੇ।
ਰਾਜਨੀਤਿਕ ਹਲਕਿਆਂ ਵਿੱਚ ਚੱਲ ਰਹੀਆਂ ਕਈ ਤਰ੍ਹਾਂ ਦੀਆਂ ਅਟਕਲਾਂ 'ਤੇ ਵਿਰਾਮ ਲਗਾਉਂਦੇ ਹੋਏ ਚੰਨੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਹ ਜਾਂ ਉਨ੍ਹਾਂ ਦਾ ਕੋਈ ਵੀ ਸਾਥੀ ਅਜਿਹਾ ਕੋਈ ਕਦਮ ਨਹੀਂ ਚੁੱਕੇਗਾ ਜਿਸ ਨਾਲ ਪਾਰਟੀ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ, "ਅਸੀਂ ਕਿਸੇ ਵੀ ਸਥਿਤੀ ਵਿੱਚ ਪਾਰਟੀ ਨੂੰ ਸ਼ਰਮਿੰਦਗੀ ਵਾਲੀ ਸਥਿਤੀ ਵਿੱਚ ਨਹੀਂ ਪਾਉਣਾ ਚਾਹੁੰਦੇ। ਸਾਡਾ ਮੁੱਖ ਮਕਸਦ ਕਾਂਗਰਸ ਨੂੰ ਮਜ਼ਬੂਤ ਕਰਨਾ ਹੈ।"
ਚੰਨੀ ਦੇ ਇਸ ਬਿਆਨ ਨੂੰ ਪਾਰਟੀ ਦੇ ਅੰਦਰੂਨੀ ਵਿਵਾਦਾਂ ਨੂੰ ਸ਼ਾਂਤ ਕਰਨ ਅਤੇ ਵਰਕਰਾਂ ਵਿੱਚ ਇੱਕਜੁੱਟਤਾ ਦਾ ਸੰਦੇਸ਼ ਦੇਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ਇਸ ਬਿਆਨ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਵੱਲੋਂ ਲਗਾਏ ਜਾ ਰਹੇ ਨਿਸ਼ਾਨਿਆਂ 'ਤੇ ਵੀ ਰੋਕ ਲੱਗਣ ਦੀ ਉਮੀਦ ਹੈ।
- Download Babushahi App
-
-