ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ 'ਆਪ' ਵਿੱਚ ਹੋਏ ਸ਼ਾਮਲ
ਮੁਕੇਰੀਆਂ ਦੇ ਕਈ ਕਾਂਗਰਸੀ ਸਰਪੰਚ 'ਆਪ' ਵਿੱਚ ਹੋਏ ਸ਼ਾਮਲ, ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ 'ਆਪ' ਪਰਿਵਾਰ ਵਿੱਚ ਕੀਤਾ ਸਵਾਗਤ
ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 1 ਜੁਲਾਈ
ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ।
'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ 'ਤੇ ਭਰੋਸਾ ਪ੍ਰਗਟਾਇਆ ਅਤੇ ਆਪਣੇ ਸਮਰਥਕਾਂ ਸਮੇਤ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਦੀ ਲੋਕ-ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ 'ਆਪ' ਵੱਲ ਖਿੱਚੇ ਚਲੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ 'ਆਪ' ਪਰਿਵਾਰ ਦਾ ਇਹ ਲਗਾਤਾਰ ਵਾਧਾ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ 'ਤੇ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਆਗੂ ਸੱਚੇ ਮਨ ਨਾਲ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ਖੁਦ ਅੱਗੇ ਆ ਕੇ 'ਆਪ' ਨਾਲ ਜੁੜ ਰਹੇ ਹਨ।
ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਤੀ ਜਾ ਰਹੀ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ 'ਆਪ' ਹੀ ਇੱਕੋ-ਇੱਕ ਅਜਿਹੀ ਸਿਆਸੀ ਧਿਰ ਵਜੋਂ ਉੱਭਰੀ ਹੈ ਜੋ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਜ਼ਮੀਨੀ ਪੱਧਰ ਦੇ ਇਨ੍ਹਾਂ ਤਜਰਬੇਕਾਰ ਆਗੂਆਂ ਦੇ ਆਉਣ ਨਾਲ ਮੁਕੇਰੀਆਂ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।
- Download Babushahi App
-
-