ਕਾਰ ਅਤੇ ਮੋਟਰਸਾਈਕਲ ਦੀ ਟੱਕਰ ਤੋਂ ਬਾਅਦ ਬਾਜ਼ੀਆਂ ਖਾਂਦੀ ਪਲਟੀ ਕਾਰ
ਮੋਟਰਸਾਈਕਲ ਦੇ ਉੱਡੇ ਚੀਥੜੇ, ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ
ਰੋਹਿਤ ਗੁਪਤਾ
ਗੁਰਦਾਸਪੁਰ : ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰਨ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਉੱਥੇ ਹੀ ਸਥਾਨਕ ਲੋਕਾਂ ਨੇ ਦੱਸਿਆ ਕਿ ਟੱਕਰ ਐਨੀ ਜਬਰਦਸਤ ਸੀ ਕਿ ਗੱਡੀ ਦੀਆਂ ਤਿੰਨ ਬਾਜ਼ੀਆਂ ਪਈਆਂ ਹਨ ਜਦਕਿ ਮੋਟਰਸਾਈਕਲ ਪੂਰੀ ਚਕਨਾਚੂਰ ਹੋ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਜਖਮੀ ਹੋਏ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਆਪਣੇ ਹੀਰੋ ਹਾਂਡਾ ਮੋਟਰਸਾਈਕਲ ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਜਾ ਰਿਹਾ ਸੀ ਜਦਕਿ ਪਿਛੋਂ ਆ ਰਹੀ ਤੇਜ਼ ਰਫਤਾਰ ਸਵਿਫਟ ਡਿਜਾਇਰ ਕਾਰ ਵੱਲੋਂ ਟੱਕਰ ਮਾਰਨ ਕਾਰਨ ਮਨਪ੍ਰੀਤ ਸਿੰਘ ਜਖਮੀ ਹੋ ਗਿਆ ਜਦਕਿ ਉਸ ਦੇ ਮੋਟਰਸਾਈਕਲ ਦੇ ਚੀਥੜੇ ਉੱਡ ਗਏ ਹਨ। ਉਹਨਾਂ ਪੁਲਿਸ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਕਾਰ ਚਾਲਕ ਨੌਜਵਾਨ ਖਿਲਾਫ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਤਫਤੀਸ਼ ਕਰਨ ਉਪਰੰਤ ਉਸ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।