ਕਾਲਕਾ ਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਮੂਹ ਸੰਗਤ ਨੂੰ ਵਧਾਈਆਂ
ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਸਹਿਣਸ਼ੀਲਤਾ ਤੇ ਸਰਬੱਤ ਦੇ ਭਲੇ ਦਾ ਪ੍ਰੇਰਣਾਸਰੋਤ: ਕਾਲਕਾ ਤੇ ਕਾਹਲੋਂ
ਨਵੀਂ ਦਿੱਲੀ 27 ਅਕਤੂਬਰ (ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਨਿਮਰਤਾ, ਸਹਿਣਸ਼ੀਲਤਾ, ਸੇਵਾ ਅਤੇ ਪਰਉਪਕਾਰ ਦੀ ਅਦੁੱਤੀ ਮਿਸਾਲ ਸੋਢੀ ਸੁਲਤਾਨ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਆਪਣੇ ਸਾਂਝੇ ਸੰਦੇਸ਼ ਵਿੱਚ ਕਿਹਾ ਕਿ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਜੀਵਨ ਮਨੁੱਖਤਾ ਨੂੰ ਨਿਮਰਤਾ, ਸਹਿਣਸ਼ੀਲਤਾ, ਆਪਸੀ ਪ੍ਰੇਮ, ਭਾਈਚਾਰਕ ਸਾਂਝ ਅਤੇ ਨਿਸ਼ਕਾਮ ਸੇਵਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਮਨੁੱਖੀ ਮਨ ਨੂੰ ਅਧਿਆਤਮਿਕ ਸ਼ਾਂਤੀ ਬਖ਼ਸ਼ਣ ਦੇ ਨਾਲ-ਨਾਲ ਹਉਮੈ, ਵੈਰ-ਵਿਰੋਧ ਅਤੇ ਸਮਾਜਿਕ ਵੰਡੀਆਂ ਤੋਂ ਉੱਪਰ ਉੱਠ ਕੇ ਸਰਬੱਤ ਦੇ ਭਲੇ ਲਈ ਕਾਰਜਸ਼ੀਲ ਹੋਣ ਦਾ ਸੰਦੇਸ਼ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸਿਰਜੀਆਂ ਗਈਆਂ ਮਹਾਨ ਅਧਿਆਤਮਿਕ ਅਤੇ ਸੇਵਾ-ਭਾਵਨਾ ਨਾਲ ਜੁੜੀਆਂ ਪ੍ਰੰਪਰਾਵਾਂ ਸਿੱਖ ਧਰਮ ਦੀਆਂ ਅਮੁੱਲੀਆਂ ਵਿਰਾਸਤਾਂ ਹਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਵੱਲੋਂ ਵਸਾਇਆ ਸ੍ਰੀ ਅੰਮ੍ਰਿਤਸਰ ਸਾਹਿਬ ਅੱਜ ਵੀ ਸਮੁੱਚੀ ਮਨੁੱਖਤਾ ਲਈ ਅਧਿਆਤਮਿਕਤਾ, ਸੇਵਾ, ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਦਾ ਪ੍ਰਤੀਕ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀ ਸਾਰਥਕਤਾ ਇਸ ਗੱਲ ਵਿੱਚ ਹੈ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਸਮਾਜ ਵਿੱਚ ਪ੍ਰੇਮ, ਸਦਭਾਵਨਾ, ਨਿਮਰਤਾ ਤੇ ਮਨੁੱਖੀ ਏਕਤਾ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੀਏ।
ਦੋਵੇਂ ਆਗੂਆਂ ਨੇ ਅਰਦਾਸ ਕੀਤੀ ਕਿ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਸਮੁੱਚੀ ਮਨੁੱਖਤਾ ’ਤੇ ਆਪਣੀ ਮਿਹਰ ਭਰਿਆ ਹੱਥ ਰੱਖਣ ਅਤੇ ਸਭ ਨੂੰ ਸੇਵਾ, ਸਿਮਰਨ, ਸ਼ਾਂਤੀ ਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਦਾ ਬਲ ਬਖ਼ਸ਼ਣ।
- Download Babushahi App
-
-