ਕਿਸਾਨਾਂ ਦਾ ਸਰਕਾਰ ਵਿਰੁੱਧ ਮੋਰਚਾ! ਪੰਧੇਰ ਅਤੇ ਰਾਏ ਨੇ ਲਾਇਆ 'ਧੋਖੇ' ਦਾ ਦੋਸ਼, ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ
Babushahi Network
ਚੰਡੀਗੜ੍ਹ 8 ਜਨਵਰੀ 2026: ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਸਰਵਨ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਵਿਰੁੱਧ ਤਿੱਖੇ ਤੇਵਰ ਦਿਖਾਏ ਹਨ। ਕਿਸਾਨ ਆਗੂਆਂ ਨੇ ਸਰਕਾਰ 'ਤੇ ਵਾਅਦਾ-ਖਿਲਾਫ਼ੀ ਅਤੇ ਕਿਸਾਨਾਂ ਨਾਲ ਧੋਖਾ ਕਰਨ ਦੇ ਗੰਭੀਰ ਦੋਸ਼ ਲਾਏ ਹਨ।
"ਸਰਕਾਰ ਮੀਟਿੰਗਾਂ ਦਾ ਸਮਾਂ ਦੇ ਕੇ ਭੁੱਲੀ"
ਪ੍ਰੈੱਸ ਕਾਨਫਰੰਸ ਦੌਰਾਨ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਤਾਂ ਤੈਅ ਕਰਦੀ ਹੈ, ਪਰ ਬਾਅਦ ਵਿੱਚ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਜਾਂਦੀ ਹੈ। ਉਨ੍ਹਾਂ ਕਿਹਾ, "ਸਰਕਾਰ ਸਾਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਭੁੱਲ ਜਾਂਦੀ ਹੈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।"
ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਪੁਰਾਣੀਆਂ ਮੰਗਾਂ, ਜਿਨ੍ਹਾਂ 'ਤੇ ਸਰਕਾਰ ਨੇ ਸਹਿਮਤੀ ਜਤਾਈ ਸੀ, ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਹੁਣ ਤੱਕ ਹੋਈਆਂ ਗੱਲਬਾਤਾਂ ਦਾ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ। ਜੇਕਰ ਸਰਕਾਰ ਨੇ ਤੁਰੰਤ ਕੋਈ ਠੋਸ ਕਦਮ ਨਾ ਚੁੱਕਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨਗੀਆਂ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਦੀ ਇਸ ਬੇਰੁਖ਼ੀ ਕਾਰਨ ਕਿਸਾਨਾਂ ਕੋਲ ਸੜਕਾਂ 'ਤੇ ਉਤਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਬਚਿਆ। ਕਿਸਾਨ ਆਗੂਆਂ ਨੇ ਹੁਣ ਸਿੱਧੇ ਤੌਰ 'ਤੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ, ਪੰਜਾਬ ਵਿੱਚ ਹਰ ਥਾਂ ਤੇ ਸੀਐੱਮ ਨੂੰ ਸਵਾਲ ਕਰਾਂਗੇ ਅਤੇ 5 ਫਰਵਰੀ ਨੂੰ ਵਿਧਾਇਕਾਂ ਅਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।