ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ 14 ਅਕਤੂਬਰ ਦੇ ਧਰਨੇ 'ਚ ਸ਼ਾਮਲ ਹੋਣਗੇ ਹਜ਼ਾਰਾਂ ਲੋਕ
ਅਸ਼ੋਕ ਵਰਮਾ
ਬਠਿੰਡਾ,12 ਅਕਤੂਬਰ 2026 :ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ 'ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਬੰਦ ਕਰਕੇ ਯਾਦਗਾਰ ਨੂੰ ਮਾਨਤਾ ਦੇਣ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ 'ਤੇ ਹਮਲਾ ਕਰਨ ਤੇ ਜਾਤੀਸੂਚਕ ਸ਼ਬਦ ਵਰਤਣ ਵਾਲਿਆਂ 'ਤੇ ਕੇਸ ਦਰਜ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਨੂੰ ਲੈਕੇ ਸਾਹਿਤਕਾਰਾਂ, ਲੇਖਕਾਂ, ਤਰਕਸ਼ੀਲਾਂ ਸਮੇਤ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ 14 ਅਕੂਤਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਪਾਲ ਸਿੰਘ ਨੰਗਲ ਅਤੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਨੱਥਾ ਸਿੰਘ ਰੋੜੀਕਪੂਰਾ ਵੱਲੋਂ ਜ਼ਾਰੀ ਕੀਤੇ ਬਿਆਨ ਰਾਹੀਂ ਦਿੱਤੀ ਗਈ।
ਉਹਨਾਂ ਦੱਸਿਆ ਕਿ ਸਪੀਕਰ ਕੁਲਤਾਰ ਸੰਧਵਾਂ ਦੇ ਘਰ ਅੱਗੇ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਲੇਖਕ ਜਥੇਬੰਦੀਆਂ ਤੇ ਸਾਹਿਤ ਸਭਾਵਾਂ ਤੋਂ ਇਲਾਵਾ ਤਰਕਸ਼ੀਲ ਸੁਸਾਇਟੀ ਪੰਜਾਬ, ਜਮਹੂਰੀ ਅਧਿਕਾਰ ਸਭਾ ਪੰਜਾਬ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ,ਸਫਾਈ ਸੇਵਕ ਯੂਨੀਅਨ ਪੰਜਾਬ,ਪੰਜਾਬ ਸਟੂਡੈਂਟ ਯੂਨੀਅਨ , ਨੌਜਵਾਨ ਭਾਰਤ ਸਭਾ ,ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ , ਮਜ਼ਦੂਰ ਮੁਕਤੀ ਮੋਰਚਾ ਪੰਜਾਬ ਤੇ ਪੇਂਡੂ ਮਜ਼ਦੂਰ ਯੂਨੀਅਨ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਕਿਸਾਨ ਆਗੂ ਜਸਪਾਲ ਸਿੰਘ ਨੰਗਲ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ , ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ ,ਸਫਾਈ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸ਼ਰਮਾ, ਮਜ਼ਦੂਰ ਆਗੂ ਅਮਰੀਕ ਸਿੰਘ ਭਾਣਾ ,ਗੋਰਾ ਸਿੰਘ ਪਿਪਲੀ, ਸਤਿਨਾਮ ਸਿੰਘ ਪੱਖੀ ਆਦਿ ਆਗੂਆਂ ਨੇ ਆਖਿਆ ਕਿ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ਨੂੰ ਮਿਟਾਉਣ ਦੇ ਭਗਵੰਤ ਮਾਨ ਸਰਕਾਰ ਦੇ ਮਨਸੂਬਿਆਂ ਨੂੰ ਕਦਾਚਿੱਤ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਦੋਸ਼ ਲਾਇਆ ਕਿ ਪੰਜਾਬ ਦੀ ਆਪ ਸਰਕਾਰ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਵਾਂਗ ਦਲਿਤ ਵਰਗ ਨੂੰ ਚੋਣਵੇਂ ਜਬਰ ਦਾ ਨਿਸ਼ਾਨਾ ਬਣਾ ਰਹੀ ਹੈ।
- Download Babushahi App
-
-