ਕੁਲਦੀਪ ਧਾਲੀਵਾਲ ਵੱਲੋਂ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਬੂਟਾ ਸਣੇ ਦਾਖਲ ਹੋਣ ਦੀ ਘੋਰ ਨਿੰਦਾ
ਗ੍ਰਿਹ ਮੰਤਰੀ ਤੋਂ ਇਸਤੀਫੇ ਦੀ ਮੰਗ
ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੀ ਚੁੱਪੀ ’ਤੇ ਵੀ ਚੁੱਕੇ ਸਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖ਼ਲ ਦੇਣ ਦੀ ਅਪੀਲ
ਕੁਲਵਿੰਦਰ ਸਿੰਘ
ਅੰਮ੍ਰਿਤਸਰ 11 ਅਕਤੂਬਰ
ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕੇਂਦਰ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਦੋਸ਼ ਲਾਇਆ ਕਿ ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਪੁਲਿਸ ਵੱਲੋਂ ਨੰਗੇ ਸਿਰ ਅਤੇ ਬੂਟਾਂ ਸਮੇਤ ਦਾਖ਼ਲ ਹੋਣਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਸ਼ਰਧਾਲੂਆਂ ਨਾਲ ਕਥਿਤ ਦੁਰਵਿਵਹਾਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਘਟਨਾ ਨੇ 1984 ਦੇ ਆਪਰੇਸ਼ਨ ਬਲੂ ਸਟਾਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਉਨ੍ਹਾਂ ਕਾਂਗਰਸ ਅਤੇ ਭਾਜਪਾ ਦੀ ਤੁਲਨਾ ਕਰਦਿਆਂ ਦੋਸ਼ ਲਾਇਆ ਕਿ ਜਿਸ ਤਰ੍ਹਾਂ ਦੀ ਕਾਰਵਾਈ ਪਹਿਲਾਂ ਕਾਂਗਰਸ ਦੀ ਸਰਕਾਰ ਦੌਰਾਨ ਹੋਈ ਸੀ, ਉਸੇ ਤਰ੍ਹਾਂ ਦੀ ਕਾਰਵਾਈ ਅੱਜ ਭਾਜਪਾ ਵੱਲੋਂ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਵਿੱਚ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਹਿਰਾਸਤ ਵਿੱਚ ਲਏ ਗਏ ਸਾਰੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਆਮ ਆਦਮੀ ਪਾਰਟੀ ਦੇ ਆਗੂ ਨੇ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੁੱਪੀ ’ਤੇ ਵੀ ਸਵਾਲ ਚੁੱਕੇ। ਧਾਲੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਨਾਲ ਅੰਦਰੂਨੀ ਸਾਂਝ ਹੋਣ ਕਾਰਨ ਇਹ ਆਗੂ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਨਹੀਂ ਉਠਾ ਰਹੇ। ਉਨ੍ਹਾਂ ਇਸ ਰਵੱਈਏ ਨੂੰ ਸ਼ਰਮਨਾਕ ਕਰਾਰ ਦਿੱਤਾ। ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਇਸ ਗੰਭੀਰ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।
- Download Babushahi App
-
-