ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰੀ ਤਰਜ਼ 'ਤੇ ਦਿੱਤਾ ਜਾਵੇਗਾ ਡੀ.ਏ-ਸਰੂਪ ਚੰਦ ਸਿੰਗਲਾ
ਅਸ਼ੋਕ ਵਰਮਾ
ਬਠਿੰਡਾ, 31 ਅਕਤੂਬਰ 2026 : ਭਾਰਤੀ ਜਨਤਾ ਪਾਰਟੀ (ਭਾਜਪਾ) ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ 3 ਫੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਕਰਮਚਾਰੀਆਂ ਦੀ ਭਲਾਈ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਸੂਬੇ ਦੇ ਕਰਮਚਾਰੀਆਂ ਨੂੰ ਵੀ ਕੇਂਦਰ ਦੀ ਤਰਜ਼ 'ਤੇ ਪੂਰਾ 63 ਫੀਸਦੀ ਡੀ.ਏ. ਦਿੱਤਾ ਜਾਵੇਗਾ। ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨੀਤੀਆਂ ਦੀ ਕਰੜੇ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਕਰਮਚਾਰੀਆਂ ਨੂੰ ਅਜੇ ਤੱਕ 60 ਫੀਸਦੀ ਡੀ.ਏ. ਵੀ ਨਹੀਂ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਉਹ ਆਪਣੇ ਕਰਮਚਾਰੀਆਂ ਨੂੰ ਕੇਂਦਰੀ ਕਰਮਚਾਰੀਆਂ ਦੇ ਬਰਾਬਰ ਡੀ.ਏ. ਦਾ ਭੁਗਤਾਨ ਕਰੇ, ਪਰ ਸਰਕਾਰ ਨੇ ਅਦਾਲਤ ਦੇ ਇਹਨਾਂ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਸਿੰਗਲਾ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਸਿੱਟੇ ਵਜੋਂ ਬੀਤੀ 27 ਅਕਤੂਬਰ ਨੂੰ ਮਾਨਯੋਗ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਇੱਕ ਲੱਖ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਉਸ ਨੂੰ ਅਦਾਲਤ ਵਿੱਚ ਮੁਆਫੀ ਵੀ ਮੰਗਣੀ ਪਈ ਹੈ, ਜੋ ਸੂਬਾ ਸਰਕਾਰ ਦੀ ਪ੍ਰਸ਼ਾਸਕੀ ਨਾਕਾਮੀ ਅਤੇ ਕਰਮਚਾਰੀਆਂ ਪ੍ਰਤੀ ਬੇਰੁਖੀ ਨੂੰ ਉਜਾਗਰ ਕਰਦੀ ਹੈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਕਰਮਚਾਰੀ ਸ਼ਾਸਨ ਅਤੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲਗਭਗ ਅੱਠ ਲੱਖ ਕਰਮਚਾਰੀ ਆਪਣੇ ਹੱਕੀ ਅਧਿਕਾਰਾਂ ਅਤੇ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉੱਤਰ ਕੇ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਇੱਕ ਪਾਸੇ ਜਿੱਥੇ ਕਰਮਚਾਰੀ ਆਰਥਿਕ ਤੰਗੀ ਅਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਆਪਣੀ ਜ਼ਿੱਦ 'ਤੇ ਅੜੀ ਹੋਈ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਕਾਨੂੰਨੀ ਉਲਝਣਾਂ ਅਤੇ ਅਦਾਲਤੀ ਮਾਮਲਿਆਂ ਵਿੱਚ ਕਰਮਚਾਰੀਆਂ ਨੂੰ ਉਲਝਾ ਕੇ ਉਨ੍ਹਾਂ ਨਾਲ ਘੋਰ ਅਨਿਆਂ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਸੂਬੇ ਦੇ ਕਰਮਚਾਰੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੇ ਹੀ ਨਾ ਕੇਵਲ ਕੇਂਦਰ ਦੀ ਤਰਜ਼ 'ਤੇ ਡੀ.ਏ. ਲਾਗੂ ਕੀਤਾ ਜਾਵੇਗਾ, ਸਗੋਂ ਕਰਮਚਾਰੀਆਂ ਦਾ ਜਿੰਨਾ ਵੀ ਬਕਾਇਆ (Arrears) ਬਣਦਾ ਹੈ, ਉਸ ਦਾ ਵੀ ਪੂਰਾ ਭੁਗਤਾਨ ਕੀਤਾ ਜਾਵੇਗਾ।
- Download Babushahi App
-
-