ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਕਿਸਾਨਾਂ ਨਾਲ ਸੰਵਾਦ
ਸਹਾਇਕ ਕਿੱਤਿਆਂ, ਫਸਲੀ ਵਿਭਿੰਨਤਾ ਅਤੇ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਦਾ ਦਿੱਤਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 23 ਸਤੰਬਰ 2026 :ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲਾ ਅਤੇ ਕਿਸਾਨ ਸੰਵਾਦ ਕਰਵਾਇਆ ਗਿਆ, ਜਿਸ ਵਿੱਚ ਭਾਰਤ ਸਰਕਾਰ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੌਦਾ ਲਗਾ ਕੇ ਕਿਸਾਨ ਮੇਲੇ ਦੀ ਸ਼ੁਰੂਆਤ ਕੀਤੀ। ਉਹਨਾਂ ਨੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਅਤੇ ਟਿਕਾਊ ਬਣਾਉਣ ਲਈ ਆਧੁਨਿਕ ਤਕਨਾਲੋਜੀ, ਖੋਜ, ਫਸਲੀ ਵਿਭਿੰਨਤਾ ਅਤੇ ਸਹਾਇਕ ਕਿੱਤਿਆਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਕੇਂਦਰੀ ਮੰਤਰੀ ਨੇ ਸਰ੍ਹੋਂ ਤੋਂ ਪੈਦਾ ਹੋਣ ਵਾਲੇ ਸ਼ਹਿਦ ਦੀ ਮੰਡੀਕਰਨ ਦੀ ਸਮੱਸਿਆ ਬਾਰੇ ਹੱਲ ਲੱਭਣ ਲਈ ਖੋਜ ਕਰਨ ਲਈ ਕਿਹਾ। ਉਨ੍ਹਾਂ ਫਲਾਂ ਅਤੇ ਸਬਜ਼ੀਆਂ ਦੀ ਵਰਤੋਂਯੋਗਤਾ ਵਧਾਉਣ, ਮੁੱਲ-ਵਾਧਾ ਅਤੇ ਪ੍ਰੋਸੈਸਿੰਗ ਸਬੰਧੀ ਖੋਜ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਦੱਸੀ। ਉਨ੍ਹਾਂ ਏਕੀਕ੍ਰਿਤ ਖੇਤੀ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਦੇ ਵੱਖ-ਵੱਖ ਸਰੋਤ ਵਿਕਸਿਤ ਕਰਨ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਅਗਾਂਹਵਧੂ ਕਿਸਾਨ ਸ਼੍ਰੀ ਗੁਰਪ੍ਰੀਤ ਸਿੰਘ ਨੇ ਕਾਰਬਨ ਕ੍ਰੈਡਿਟ ਬਾਰੇ ਪ੍ਰਾਪਤ ਕੀਤੇ ਲਾਭ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਅਗਾਂਹਵਧੂ ਕਿਸਾਨ ਸ਼੍ਰੀ ਅਪਰਪਾਲ ਸਿੰਘ ਨੇ ਨੇ ਐਫ.ਪੀ.ਓ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਅਤੇ ਸ਼੍ਰੀਮਤੀ ਜਸਵੀਰ ਕੌਰ ਨੇ ਸਹਿਦ ਦੇ ਮੰਡੀਕਰਨ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਖੁੰਬ ਉਤਪਾਦਕਾਂ ਵੱਲੋਂ ਮਾਰਕੀਟਿੰਗ ਸਬੰਧੀ ਦਰਪੇਸ਼ ਸਮੱਸਿਆਵਾਂ ਵੀ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਅਤੇ ਇਸਦੇ ਨਾਲ ਮਲਕੀਤ ਸਿੰਘ ਅਤੇ ਰਣਬੀਰ ਸਿੰਘ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨਾਲ ਵੀ ਸੰਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਸਹਾਇਕ ਕਿੱਤਿਆਂ ਦੀ ਸ਼ਲਾਘਾ ਕੀਤੀ।
ਕੇ.ਵੀ.ਕੇ ਬਠਿੰਡਾ ਦੇ ਤਕਨੀਕੀ ਪਾਰਕ ਦੇ ਦੌਰੇ ਦੌਰਾਨ ਉਨ੍ਹਾਂ ਫਸਲੀ ਵਿਭਿੰਨਤਾ ਅਪਣਾਉਣ ਅਤੇ ਘੱਟ ਮਿਆਦ ਵਿੱਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਸਿਫਾਰਸ਼ੀ ਕਿਸਮਾਂ, ਜਿਵੇਂ ਕਿ ਪੀ.ਆਰ. 126, ਨੂੰ ਤਰਜੀਹ ਦੇਣ ਲਈ ਵੀ ਕਿਹਾ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਵੀ ਪ੍ਰੇਰਿਆ।
ਪ੍ਰੋਗਰਾਮ ਦੇ ਸੁਰੂਆਤ ਦੌਰਾਨ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਪੀ.ਏ.ਯੂ. ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ 18 ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰਾਂ ਰਾਹੀਂ ਕਿਸਾਨਾਂ ਨੂੰ ਨਵੀਆਂ ਅਤੇ ਉਪਯੋਗੀ ਖੇਤੀ ਤਕਨੀਕਾਂ ਦੇ ਨਾਲ-ਨਾਲ ਸਹਾਇਕ ਕਿੱਤਿਆਂ ਸਬੰਧੀ ਸਿਖਲਾਈ ਅਤੇ ਤਕਨੀਕੀ ਸਲਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਪੀ.ਏ.ਯੂ. ਦੇ ਕਿਸਾਨ ਮੇਲਿਆਂ ਦਾ ਹਾੜ੍ਹੀ ਅਤੇ ਸਾਉਣੀ ਦੀਆਂ ਫਸਲਾਂ ਲਈ ਵਿਸ਼ੇਸ਼ ਮੁਹਿੰਮ ਵਜੋਂ ਯੋਗਦਾਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਲਗਭਗ 2.5 ਲੱਖ ਕਿਸਾਨਾਂ ਨੇ ਇਸ ਸਾਲ ਪੀ.ਏ.ਯੂ ਦੇ ਹਾੜ੍ਹੀ ਸੀਜਨ ਦੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ ਹੈ।
ਇਸ ਮੌਕੇ ਅਟਾਰੀ, ਲੁਧਿਆਣਾ ਦੇ ਜ਼ੋਨਲ ਡਾਇਰੈਕਟਰ ਡਾ. ਪਰਵੇਂਦਰ ਸਿਉਰਾਨ ਨੇ ਮਾਣਯੋਗੀ ਕੇਂਦਰੀ ਮੰਤਰੀ ਦਾ ਸਵਾਗਤ ਕਰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਉਨ੍ਹਾਂ ਦੇ ਹੋਰ ਮਜ਼ਬੂਤੀਕਰਨ ਲਈ ਚੱਲ ਰਹੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਜਿਲ੍ਹੇ ਵਿੱਚ ਇੱਕ-ਇੱਕ ਕੇ.ਵੀ.ਕੇ ਸਥਾਪਿਤ ਕੀਤਾ ਜਾ ਰਿਹਾ ਹੈ।ਇਸ ਦੌਰਾਨ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਅਤੇ ਕਿਸਾਨ ਮੇਲੇ ਦੇ ਨੋਡਲ ਅਫਸਰ ਨੇ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਬੀਜਾਂ ਦੀ ਦੁਕਾਨ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਵੱਖ-ਵੱਖ ਬੀਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਥਾਪਿਤ ਵੱਖ-ਵੱਖ ਡੈਮੋਨਸਟ੍ਰੇਸ਼ਨ ਯੂਨਿਟਾਂ ਅਤੇ ਟੈਕਨਾਲੋਜੀ ਪਾਰਕ ਦਾ ਦੌਰਾ ਵੀ ਕਰਵਾਇਆ ਅਤੇ ਉੱਥੇ ਪ੍ਰਦਰਸ਼ਿਤ ਆਧੁਨਿਕ ਖੇਤੀ ਤਕਨੀਕਾਂ ਅਤੇ ਖੇਤੀ ਪ੍ਰਣਾਲੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਉੱਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ, ਡਾ. ਤੇਜਬੀਰ ਸਿੰਘ ਬੁੱਟਰ, ਡਾ. ਰਮਨਦੀਪ ਕੌਰ, ਡਾ. ਗੁਰਲਾਲ ਸਿੰਘ , ਡਾ. ਕਰਮਜੀਤ ਸ਼ਰਮਾ, ਡਾ. ਅਮਰਜੀਤ ਸਿੰਘ ਸੰਧੂ, ਡਾ. ਪ੍ਰਿਤਪਾਲ ਸਿੰਘ, ਡਾ. ਅਜੀਤਪਾਲ ਸਿੰਘ ਧਾਲੀਵਾਲ ਅਤੇ ਡਾ. ਨਵਨੀਤ ਕੌਰ ਆਦਿ ਮੌਜੂਦ ਸਨ।
- Download Babushahi App
-
-