ਕੇਜਰੀਵਾਲ ਪੰਜਾਬ ਨੂੰ “ਦੂਜਾ ਅਹਿਮਦ ਸ਼ਾਹ ਅਬਦਾਲੀ” ਬਣ ਕੇ ਲੁੱਟ ਰਿਹੈ: ਰਵਨੀਤ ਬਿੱਟੂ
ਪੰਜਾਬ ਵਿੱਚ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਭਗਵੰਤ ਮਾਨ : ਬਿੱਟੂ
ਪੰਜਾਬ ਦੇ ਹਰ ਮਸਲੇ ਦਾ ਹੱਲ ਸਿਰਫ਼ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕਰਨਗੇ
ਚੰਡੀਗੜ੍ਹ, 9 ਮਈ 2026- ਪੰਜਾਬ ਦੇ ਲੋਕਾਂ ਨੇ ਹੁਣ ਅਰਵਿੰਦ ਕੇਜਰੀਵਾਲ ਦੇ ਰੂਪ ਵਿੱਚ “ਦੂਜਾ ਅਹਿਮਦ ਸ਼ਾਹ ਅਬਦਾਲੀ” ਵੇਖ ਲਿਆ ਹੈ, ਜੋ ਸਿਰਫ਼ ਪੰਜਾਬ ਨੂੰ ਲੁੱਟਣ ਲਈ ਇੱਥੇ ਆਇਆ ਹੈ। ਇਹ ਗੱਲ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਰਤੀ ਜਨਤਾ ਪਾਰਟੀ ਆਗੂ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕਰਦੇ ਹੋਏ ਕਹੀ। ਉਹ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿੱਚ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਸੰਬੋਧਨ ਕਰ ਰਹੇ ਸਨ।
ਬਿੱਟੂ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਮੁਗਲਾਂ ਅਤੇ ਹਮਲਾਵਰਾਂ ਦੀ ਹੀ ਯਾਦ ਆਉਂਦੀ ਹੈ, ਕਿਉਂਕਿ ਉਹਨਾਂ ਦੇ ਕੰਮ ਵੀ ਉਹੋ ਜਿਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਅਤੇ ਅਧਿਕਾਰੀ ਲਗਾਤਾਰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਫੜੇ ਜਾ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਨੇ ਪੰਜਾਬ ਨੂੰ “ਏਟੀਐਮ” ਬਣਾਇਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ ਤਾਂ ਉਹ ਆਪਣੇ ਆਪ ਨੂੰ ਇਮਾਨਦਾਰੀ ਦਾ ਪ੍ਰਤੀਕ ਦੱਸਦੇ ਸਨ, ਪਰ ਅੱਜ ਉਹਨਾਂ ਦੇ ਕਈ ਮੰਤਰੀ ਅਤੇ ਨੇਤਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਘਿਰੇ ਹੋਏ ਹਨ। ਬਿੱਟੂ ਨੇ ਦਾਅਵਾ ਕੀਤਾ ਕਿ ਜਿਨ੍ਹਾਂ ਮੰਤਰੀਆਂ ਨੂੰ ਆਪ ਸਰਕਾਰ ਨੇ ਖੁਦ ਹਟਾਇਆ, ਉਹਨਾਂ ਦੀ ਸੂਚੀ ਹੀ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਅੰਦਰ ਭ੍ਰਿਸ਼ਟਾਚਾਰ ਕਿੰਨਾ ਵੱਡਾ ਹੈ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕਤੰਤਰ ਵਿੱਚ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਕਿਸੇ ਇੱਕ ਵਿਅਕਤੀ ਦੀ ਜੇਬ ਵਿੱਚੋਂ ਨਹੀਂ ਨਿਕਲਦੇ, ਸਗੋਂ ਲੋਕਾਂ ਦੀ ਕਚਹਿਰੀ ਉਹਨਾਂ ਨੂੰ ਚੁਣਦੀ ਹੈ। ਉਨ੍ਹਾਂ ਕਿਹਾ ਕਿ ਅਸਾਮ ਅਤੇ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਵਧਦੀ ਤਾਕਤ ਲੋਕਾਂ ਦੇ ਭਰੋਸੇ ਦੀ ਨਿਸ਼ਾਨੀ ਹੈ ਅਤੇ ਕੇਜਰੀਵਾਲ ਨੂੰ ਲੋਕਤੰਤਰ ਦੀ ਮਰਯਾਦਾ ਸਮਝਣੀ ਚਾਹੀਦੀ ਹੈ।
ਬਿੱਟੂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਆਪਣੀ ਹੀ ਪਾਰਟੀ ਦੇ ਆਗੂਆਂ ਅਤੇ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕਰਵਾ ਕੇ ਉਹਨਾਂ ਨੂੰ ਦਬਾਉਣ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਸਮੇਤ ਕਈ ਆਗੂਆਂ ਨੂੰ ਸਿਆਸੀ ਤੌਰ ’ਤੇ ਕਮਜ਼ੋਰ ਕਰਨ ਲਈ ਕੇਸਾਂ ਅਤੇ ਦਬਾਅ ਦੀ ਵਰਤੋਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ “ਕਿੱਕਲੀਆਂ” ਅਤੇ ਨਾਟਕਾਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਲੋਕ ਸਰਕਾਰ ਤੋਂ ਕੰਮ ਦਾ ਹਿਸਾਬ ਮੰਗ ਰਹੇ ਹਨ। ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਿਰਫ਼ ਸਿਆਸੀ ਨਾਟਕਬਾਜ਼ੀ ਅਤੇ ਭਾਸ਼ਣਬਾਜ਼ੀ ਤੋਂ ਬਾਹਰ ਆ ਕੇ ਪੰਜਾਬ ਦੇ ਵਿਕਾਸ ’ਤੇ ਧਿਆਨ ਦੇਣਾ ਚਾਹੀਦਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਨਾਲ ਕੋਈ ਭਾਵਨਾਤਮਕ ਜਾਂ ਸੱਭਿਆਚਾਰਕ ਰਿਸ਼ਤਾ ਨਹੀਂ, ਸਗੋਂ ਸਿਰਫ਼ “ਟਰਾਂਜ਼ੈਕਸ਼ਨ” ਵਾਲਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਅਸਲ ਇੱਜ਼ਤ ਅਤੇ ਸੁਰੱਖਿਆ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮਜ਼ਬੂਤ ਹੋਈ ਹੈ ਅਤੇ ਦੇਸ਼ ਭਰ ਵਿੱਚ ਸਿੱਖ ਭਾਈਚਾਰੇ ਦਾ ਮਾਣ ਵਧਿਆ ਹੈ।
ਬਿੱਟੂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਸਾਰੇ ਮਸਲਿਆਂ — ਚੰਡੀਗੜ੍ਹ, ਪੰਜਾਬ ਦੇ ਪਾਣੀ, ਬੀਬੀਐੰਬੀ ਅਤੇ ਬੰਦੀ ਸਿੱਖਾਂ ਦੇ ਮਸਲੇ — ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਵੇਂ ਧਾਰਾ 370 ਹਟਾਉਣ ਅਤੇ ਦੇਸ਼ ਵਿੱਚ ਆਤੰਕਵਾਦ ਅਤੇ ਨਕਸਲਵਾਦ ’ਤੇ ਕਾਬੂ ਪਾਇਆ ਗਿਆ, ਉਸੇ ਤਰ੍ਹਾਂ ਪੰਜਾਬ ਦੇ ਮਸਲੇ ਵੀ ਭਾਜਪਾ ਦੀ ਅਗਵਾਈ ਵਿੱਚ ਹੱਲ ਹੋਣਗੇ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਰਜਿਸਟਰੀਆਂ ਤੋਂ ਲੈ ਕੇ ਹੋਰ ਸਰਕਾਰੀ ਕੰਮਾਂ ਤੱਕ ਦਲਾਲੀ ਦਾ ਰਾਜ ਕਾਇਮ ਹੋ ਗਿਆ ਹੈ ਅਤੇ ਹਰ ਸ਼ਹਿਰ ਵਿੱਚ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਬੇਨਕਾਬ ਕਰਨ।
ਅੰਤ ਵਿੱਚ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਸਮਰਥਨ ਮਿਲੇਗਾ।
- Download Babushahi App
-
-