ਕੌਮੀ ਕੈਂਸਰ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੈਂਸਰ ਦੀ ਰੋਕਥਾਮ ਲਈ ਸਮੇਂ ਸਿਰ ਜਾਂਚ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ , 10 ਨਵੰਬਰ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਹਤ ਵਿਭਾਗ ਬਠਿੰਡਾ ਵੱਲੋਂ ਨੈਸ਼ਨਲ ਕੈਂਸਰ ਦਿਵਸ ਮੌਕੇ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਲੋਕਾਂ ਨੂੰ ਕੈਂਸਰ ਦੇ ਸ਼ੁਰੂਆਤੀ ਲੱਛਣਾਂ, ਬਚਾਅ ਦੇ ਤਰੀਕਿਆਂ ਅਤੇ ਸਮੇਂ ਸਿਰ ਜਾਂਚ ਕਰਵਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ਸਬੰਧੀ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਕਿਹਾ ਕਿ ਨੈਸ਼ਨਲ ਕੈਂਸਰ ਦਿਵਸ ਹਰ ਸਾਲ 7 ਨਵੰਬਰ ਨੂੰ ਮਨਾਇਆ ਜਾਂਦਾ ਹੈ । ਕੈਂਸਰ ਇੱਕ ਗੰਭੀਰ ਬਿਮਾਰੀ ਹੈ, ਪਰ ਜੇਕਰ ਇਸ ਦੀ ਪਛਾਣ ਸ਼ੁਰੂਆਤੀ ਪੜਾਅ ਵਿੱਚ ਹੋ ਜਾਵੇ ਤਾਂ ਸਮੇਂ ਸਿਰ ਇਲਾਜ ਨਾਲ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਸਰੀਰ ਵਿੱਚ ਹੋਣ ਵਾਲੀਆਂ ਅਸਧਾਰਨ ਤਬਦੀਲੀਆਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਕਿਸੇ ਵੀ ਸ਼ੱਕੀ ਲੱਛਣ ਦੀ ਸੂਰਤ ਵਿੱਚ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਤੋਂ ਪਰਹੇਜ਼ ਕਰਨਾ, ਸਿਹਤਮੰਦ ਖੁਰਾਕ ਲੈਣਾ, ਨਿਯਮਿਤ ਕਸਰਤ ਕਰਨਾ, ਸਰੀਰਕ ਤੌਰ 'ਤੇ ਸਰਗਰਮ ਰਹਿਣਾ ਅਤੇ ਸਮੇਂ-ਸਮੇਂ 'ਤੇ ਸਿਹਤ ਜਾਂਚ ਕਰਵਾਉਣਾ ਕੈਂਸਰ ਦੇ ਖਤਰੇ ਨੂੰ ਘਟਾਉਣ ਵਿੱਚ ਮਦਦਗਾਰ ਹੈ।ਉਹਨਾਂ ਦੱਸਿਆ ਕਿ ਮੂੰਹ ਵਿੱਚ ਨਾ ਭਰਨ ਵਾਲਾ ਜ਼ਖ਼ਮ, ਸਰੀਰ ਵਿੱਚ ਕਿਸੇ ਗੰਢ ਦਾ ਹੋਣਾ, ਲਗਾਤਾਰ ਖੰਘ ਜਾਂ ਆਵਾਜ਼ ਵਿੱਚ ਤਬਦੀਲੀ, ਬਿਨਾਂ ਕਾਰਨ ਭਾਰ ਘਟਣਾ, ਅਸਧਾਰਨ ਖੂਨ ਆਉਣਾ ਅਤੇ ਲੰਬੇ ਸਮੇਂ ਤੱਕ ਰਹਿਣ ਵਾਲੀ ਸਰੀਰਕ ਤਕਲੀਫ਼ ਵਰਗੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੈਂਸਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਗਲਤ ਧਾਰਨਾ ਵਿੱਚ ਨਾ ਆਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਉਪਲਬਧ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈਣ। ਕੈਂਸਰ ਦੀ ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।
- Download Babushahi App
-
-