ਕੰਪਿਊਟਰ ਅਧਿਆਪਕ ਸੁਨਾਮ ਵਿਖੇ 4 ਅਕਤੂਬਰ ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 2 ਅਕਤੂਬਰ ,2026- ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬਿਤ ਹੱਕੀ ਮੰਗਾਂ ਨੂੰ ਲੈ ਕੇ 4 ਅਕਤੂਬਰ ਨੂੰ ਸੁਨਾਮ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਸਰਕਾਰ ਲਈ ਵੱਡੀ ਚੁਣੌਤੀ ਬਣ ਸਕਦੀ ਹੈ। ਇਸ ਰੈਲੀ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਕੰਪਿਊਟਰ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਨੂੰ ਲਾਗੂ ਕਰਨ ਦੀ ਬਜਾਏ ਸੁਪਰੀਮ ਕੋਰਟ ਵਿੱਚ ਜਾਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਕਾਰਨ ਅਧਿਆਪਕਾਂ ਵਿੱਚ ਰੋਸ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਬ-ਕਮੇਟੀ ਨਾਲ ਹੋਈਆਂ ਪਿਛਲੀਆਂ ਮੀਟਿੰਗਾਂ ਦੌਰਾਨ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਈਜ਼ਡ ਡੀ.ਏ. ਲਾਗੂ ਕਰਨ, ਡੈੱਥ ਪਾਲਿਸੀ ਲਾਗੂ ਕਰਨ ਸਮੇਤ ਹੋਰ ਹੱਕੀ ਮੰਗਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਸਰਕਾਰ ਵੱਲੋਂ ਮਾਮਲੇ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ।
ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੇ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਸਿੱਖਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਰਵੱਈਆ ਅਧਿਆਪਕ ਵਰਗ ਵਿੱਚ ਨਿਰਾਸ਼ਾ ਪੈਦਾ ਕਰ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਭੁਪਿੰਦਰ ਸਿੰਘ ਭਟੋਆ, ਅਮਰਜੀਤ, ਨਰੇਸ਼ ਕੁਮਾਰ ਰੌੜੀ, ਰਮਨ ਕਿਸਾਣਾ, ਧਰਮਵੀਰ ਚੌਧਰੀ, ਗੌਰਵ ਪਠਾਣੀਆਂ, ਵਾਸੂਦੇਵ ਚੌਧਰੀ, ਸੰਦੀਪ ਦੱਤਾ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰੋਹਿਤ ਗੌਤਮ, ਚੰਦਨ ਸ਼ਰਮਾ, ਪ੍ਰਮੋਦ ਸ਼ਰਮਾ, ਹਰਜਿੰਦਰ ਸਿੰਘ, ਰਾਜਵਿੰਦਰ, ਸੁਰਿੰਦਰ ਕੁਮਾਰ, ਵਰਿੰਦਰ ਕੁਮਾਰ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਰਮਨ ਕੁਮਾਰ, ਰਵੀ ਬਸਰਾ, ਰਜਿੰਦਰ ਬਸਰਾ, ਬਲਰਾਜ ਸਿੰਘ, ਰਾਜ ਕੁਮਾਰ ਭੰਮਰਾ, ਰਾਜਨ ਸ਼ਰਮਾ ਸਮੇਤ ਮਹਿਲਾ ਆਗੂਆਂ ਨੇ ਕਿਹਾ ਕਿ 4 ਅਕਤੂਬਰ ਨੂੰ ਸੁਨਾਮ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਦੀ ਵੱਡੀ ਅਤੇ ਪ੍ਰਭਾਵਸ਼ਾਲੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਲਈ ਦ੍ਰਿੜ੍ਹ ਹਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮਸਲੇ ਨੂੰ ਹੋਰ ਲਟਕਾਉਣ ਦੀ ਬਜਾਏ ਗੱਲਬਾਤ ਰਾਹੀਂ ਜਲਦ ਹੱਲ ਕੀਤਾ ਜਾਵੇ।
- Download Babushahi App
-
-