ਖਾਲਸਾ ਫੇਥ ਫਾਊਂਡੇਸ਼ਨ ਵੱਲੋਂ ਫਰੀ ਕੰਪਿਊਟਰ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਮਨਪ੍ਰੀਤ ਸਿੰਘ
ਰੂਪਨਗਰ, 7 ਅਗਸਤ:
ਖਾਲਸਾ ਫੇਥ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਫਰੀ ਕੰਪਿਊਟਰ ਇੰਸਟੀਟਿਊਟ ਵਿੱਚ ਸੈਸ਼ਨ 2025-26 ਦੇ ਵਿਦਿਆਰਥੀਆਂ ਲਈ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਉੱਘੇ ਸਮਾਜ ਸੇਵੀ ਡਾ. ਆਰ. ਐਸ. ਪਰਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਫਲਤਾਪੂਰਵਕ ਆਪਣਾ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਭੇਟ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਪਰਮਾਰ ਨੇ ਕਿਹਾ ਕਿ ਭਾਰਤ ਦੇ ਨੌਜਵਾਨ ਅੱਜ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਅੱਜ ਵੀ ਬਹੁਤ ਸਾਰੇ ਹੁਨਰਮੰਦ ਵਿਦਿਆਰਥੀ ਆਰਥਿਕ ਤੰਗੀ ਕਾਰਨ ਮਿਆਰੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ। ਅਜਿਹੇ ਸਮੇਂ ਵਿੱਚ ਖਾਲਸਾ ਫੇਥ ਫਾਊਂਡੇਸ਼ਨ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਕੰਪਿਊਟਰ ਸਿਖਲਾਈ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ ਬੇਹੱਦ ਸ਼ਲਾਘਾਯੋਗ ਅਤੇ ਸਮਾਜ ਲਈ ਪ੍ਰੇਰਣਾਦਾਇਕ ਉਪਰਾਲਾ ਹੈ।
ਇਸ ਮੌਕੇ ਖਾਲਸਾ ਫੇਥ ਫਾਊਂਡੇਸ਼ਨ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਕੰਪਿਊਟਰ ਅਤੇ ਸਪੋਕਨ ਇੰਗਲਿਸ਼ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਇੱਕ ਸਾਲਾ ਸਕਿਲ-ਬੇਸਡ ਕੋਰਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੁਜ਼ਗਾਰਮੁਖੀ ਹੁਨਰਾਂ ਨਾਲ ਲੈਸ ਕਰਨਾ ਅਤੇ ਬਿਨਾਂ ਕਿਸੇ ਆਰਥਿਕ ਬੋਝ ਦੇ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਹੈ।
ਗੁਰਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖਿਆ ਹੌਲੀ-ਹੌਲੀ ਇੱਕ ਵਪਾਰ ਦਾ ਰੂਪ ਧਾਰਦੀ ਜਾ ਰਹੀ ਹੈ, ਜਿਸ ਕਾਰਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਚੰਗੀ ਸਿੱਖਿਆ ਹਾਸਲ ਕਰਨੀ ਮੁਸ਼ਕਲ ਬਣਦੀ ਜਾ ਰਹੀ ਹੈ। ਖਾਲਸਾ ਫੇਥ ਫਾਊਂਡੇਸ਼ਨ ਦਾ ਯਤਨ ਹੈ ਕਿ ਸਮਾਜ ਦੇ ਹਰ ਵਰਗ ਤੱਕ ਸਿੱਖਿਆ ਅਤੇ ਹੁਨਰ ਵਿਕਾਸ ਦੇ ਮੌਕੇ ਪਹੁੰਚਾਏ ਜਾਣ, ਤਾਂ ਜੋ ਕੋਈ ਵੀ ਵਿਦਿਆਰਥੀ ਸਿਰਫ਼ ਆਰਥਿਕ ਕਮਜ਼ੋਰੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।
ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੰਸਥਾ ਵੱਲੋਂ ਦਿੱਤੀ ਜਾ ਰਹੀ ਸਿਖਲਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਕਰੀਅਰ ਨੂੰ ਨਵੀਂ ਦਿਸ਼ਾ ਵੀ ਪ੍ਰਦਾਨ ਕਰਦੇ ਹਨ।
ਇਸ ਮੌਕੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭਾਉਵਾਲ, ਜਸਪ੍ਰੀਤ ਸਿੰਘ ਲੋਧੀ ਮਾਜਰਾ, ਡਾ. ਆਰ. ਐਸ. ਪਰਮਾਰ, ਮੈਡਮ ਮਨਜੀਤ ਕੌਰ, ਮੈਡਮ ਸੁਨੀਤਾ ਬਧਵਾਰ, ਰਣਜੀਤ ਕੌਰ, ਸ਼ੈਰੀ ਸਿੰਘ, ਅਨਮੋਲ ਕੌਰ, ਗੁਰਪ੍ਰੀਤ ਸਿੰਘ ਬਾਜ ਖਾਲਸਾ, ਮਨਿੰਦਰ ਸਿੰਘ ਲੋਧੀ ਮਾਜਰਾ, ਜਸਪ੍ਰੀਤ ਸਿੰਘ ਨਾਨਕਪੁਰਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
- Download Babushahi App
-
-