ਖੇਤ ਬਚਾਓ ਅਭਿਆਨ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
ਮਨਪ੍ਰੀਤ ਸਿੰਘ
ਰੂਪਨਗਰ, 9 ਜੂਨ:
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਪੜ੍ਹੀ, ਬਲਾਕ ਰੂਪਨਗਰ ਵਿਖੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਦੀ ਸਿਹਤ ਸੁਧਾਰ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1 ਅਤੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸਿਫ਼ਾਰਸ਼ ਅਨੁਸਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜੇਕਰ ਝੋਨਾ-ਕਣਕ ਫ਼ਸਲੀ ਚੱਕਰ ਵਿੱਚ ਫਾਸਫੋਰਸ ਖਾਦ ਦੀ ਸਿਫ਼ਾਰਸ਼ੀ ਮਾਤਰਾ ਵਰਤੀ ਜਾ ਚੁੱਕੀ ਹੋਵੇ ਤਾਂ ਝੋਨੇ ਦੀ ਫਸਲ ਵਿੱਚ ਇਸ ਖਾਦ ਦੀ ਵਰਤੋਂ ਕਰਨ ਦੀ ਲੋੜ ਨਹੀਂ ਰਹਿੰਦੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਵਿੱਚ ਲੋੜ ਅਨੁਸਾਰ ਯੂਰੀਆ ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੰਦਿਆਂ ਦੱਸਿਆ ਕਿ ਦਰਮਿਆਨੀ ਮਿਆਦ ਵਾਲੀਆਂ ਕਿਸਮਾਂ ਵਿੱਚ 7, 21 ਅਤੇ 42 ਦਿਨਾਂ ਬਾਅਦ, ਜਦਕਿ ਘੱਟ ਮਿਆਦ ਵਾਲੀਆਂ ਕਿਸਮਾਂ ਜਿਵੇਂ ਪੀ.ਆਰ.-126 ਵਿੱਚ 7, 21 ਅਤੇ 35 ਦਿਨਾਂ ਬਾਅਦ ਯੂਰੀਆ ਪਾਇਆ ਜਾਵੇ।
ਉਨ੍ਹਾਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਦੀ ਮੱਕੀ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ ਅਤੇ ਮੱਕੀ ਦੇ ਨਵੇਂ ਹਾਈਬ੍ਰਿਡ ਪੀ.ਐੱਮ.ਐੱਚ.-17 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕੰਢੀ ਇਲਾਕਿਆਂ ਲਈ ਢੁੱਕਵੀਂ ਕਿਸਮ ਜੇ.ਸੀ.-12 ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਹੇਠ ਰਕਬਾ ਵਧਾਉਣ ਲਈ 17,500 ਰੁਪਏ ਪ੍ਰਤੀ ਹੈਕਟੇਅਰ ਦੀ ਸਬਸਿਡੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਸਹਾਇਕ ਪ੍ਰੋਫੈਸਰ (ਪੌਦਾ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਵਿੱਚ ਵ੍ਹਾਈਟ-ਬੈਕਡ ਪਲਾਂਟ ਹੌਪਰ (ਡਬਲਯੂ.ਬੀ.ਪੀ.ਐੱਚ.) ਦੀ ਨਿਯਮਤ ਨਿਗਰਾਨੀ ਕਰਨ ਅਤੇ ਲੋੜ ਪੈਣ 'ਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਮੱਕੀ ਦੀ ਫਸਲ ਨੂੰ ਫਾਲ ਆਰਮੀਵਰਮ ਕੀੜੇ ਤੋਂ ਬਚਾਉਣ ਲਈ ਖੇਤਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਹਮਲਾ ਦਿਖਾਈ ਦੇਣ 'ਤੇ ਸਿਫ਼ਾਰਸ਼ੀ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਬਾਰੇ ਜਾਣਕਾਰੀ ਦਿੱਤੀ।
ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਵੱਲ ਪ੍ਰੇਰਿਤ ਕਰਦਿਆਂ ਖੇਤੀ ਵਿਭਿੰਨਤਾ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਸਬਜ਼ੀਆਂ ਅਤੇ ਫਲਦਾਰ ਬੂਟਿਆਂ ਹੇਠ ਰਕਬਾ ਵਧਾਉਣ ਦੇ ਨਾਲ-ਨਾਲ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ।
ਪ੍ਰੋਗਰਾਮ ਦੇ ਅੰਤ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਮੌਕੇ 'ਤੇ ਉਨ੍ਹਾਂ ਦੀਆਂ ਖੇਤੀਬਾੜੀ ਸਬੰਧੀ ਸਮੱਸਿਆਵਾਂ ਦਾ ਹੱਲ ਵੀ ਕੀਤਾ ਗਿਆ।
- Download Babushahi App
-
-