ਖੇਲੋ ਇੰਡੀਆ ਅਸਮੀਤਾ ਮਹਿਲਾ ਵੁਸ਼ੂ ਸਿਟੀ ਲੀਗ :ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਜੇਤੂ ਖਿਡਾਰਨਾਂ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 27 ਜੁਲਾਈ 2026 : ਡਿਸਟ੍ਰਿਕਟ ਵੁਸ਼ੂ ਐਸੋਸੀਏਸ਼ਨ ਬਠਿੰਡਾ ਅਤੇ ਵੁਸ਼ੂ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਕਰਵਾਈ ਗਈ ਖੇਲੋ ਇੰਡੀਆ ਅਸਮੀਤਾ ਮਹਿਲਾ ਵੁਸ਼ੂ ਸਿਟੀ ਲੀਗ 2026 ਦਾ ਦੋ ਰੋਜ਼ਾ ਆਯੋਜਨ 25 ਅਤੇ 26 ਜੁਲਾਈ ਨੂੰ ਟੀਚਰਜ਼ ਹੋਮ, ਬਠਿੰਡਾ ਵਿਖੇ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੁਕਾਬਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੀਆਂ ਮਹਿਲਾ ਖਿਡਾਰਨਾਂ ਨੇ ਸਬ-ਜੂਨੀਅਰ, ਜੂਨੀਅਰ, ਯੂਥ ਅਤੇ ਸੀਨੀਅਰ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਭਾਵਨਾ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ।ਸਮਾਪਤੀ ਸਮਾਰੋਹ ਵਿੱਚ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਜੇਤੂ ਖਿਡਾਰਨਾਂ ਨੂੰ ਮੈਡਲ ਅਤੇ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ।
ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਧੀਆਂ ਨੂੰ ਖੇਡਾਂ ਨਾਲ ਜੋੜਨ ਲਈ ਡਿਸਟ੍ਰਿਕਟ ਵੁਸ਼ੂ ਐਸੋਸੀਏਸ਼ਨ ਬਠਿੰਡਾ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਡਿਸਟ੍ਰਿਕਟ ਵੁਸ਼ੂ ਐਸੋਸੀਏਸ਼ਨ ਬਠਿੰਡਾ ਦੇ ਜਰਨਲ ਸਕੱਤਰ ਪਰਦੀਪ ਸ਼ਰਮਾ ਨੇ ਮੁੱਖ ਮਹਿਮਾਨ, ਸਾਰੇ ਸਨਮਾਨਿਤ ਮਹਿਮਾਨਾਂ, ਖਿਡਾਰਣਾਂ, ਕੋਚਾਂ, ਤਕਨੀਕੀ ਅਧਿਕਾਰੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਖੇਲੋ ਇੰਡੀਆ ਅਸਮੀਤਾ ਮਹਿਲਾ ਵੁਸ਼ੂ ਸਿਟੀ ਲੀਗ ਦਾ ਮੁੱਖ ਉਦੇਸ਼ ਮਹਿਲਾ ਖਿਡਾਰਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਲਈ ਤਿਆਰ ਕਰਨਾ ਅਤੇ ਖੇਡਾਂ ਰਾਹੀਂ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਹੈ।
- Download Babushahi App
-
-