ਖੰਨਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਬੰਦ ਹੋਣ ’ਤੇ ਕਾਂਗਰਸ ਨੇ ਸਰਕਾਰਾਂ ਨੂੰ ਘੇਰਿਆ
ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਮੰਡੀ ਪ੍ਰਬੰਧਾਂ ’ਤੇ ਚੁੱਕੇ ਸਵਾਲ, ਮਸਲਾ ਹੱਲ ਨਾ ਹੋਣ ’ਤੇ ਵੱਡੇ ਸੰਘਰਸ਼ ਦੀ ਚਿਤਾਵਨੀ
Ravinder Singh
ਖੰਨਾ 21 Nov 2026: ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਲਖਬੀਰ ਸਿੰਘ ਲੱਖਾ ਅਤੇ ਰਾਜਾ ਗਿੱਲ ਨੇ ਮੰਡੀ ਦਾ ਦੌਰਾ ਕਰਦਿਆਂ ਸਰਕਾਰਾਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ, ਪਰ ਉਨ੍ਹਾਂ ਦੀ ਸਮੱਸਿਆ ਵੱਲ ਸਰਕਾਰਾਂ ਵੱਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਨੇ ਮੰਡੀ ਵਿੱਚ ਖਰੀਦ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਪਰ ਅੱਜ ਉਸ ਨੂੰ ਆਪਣੀ ਹੀ ਫ਼ਸਲ ਵੇਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਸਬੰਧੀ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਯਕੀਨੀ ਬਣਾਈ ਜਾਵੇ। ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
- Download Babushahi App
-
-