ਖੰਨਾ ਪੁਲਿਸ ਦਾ 'ਮਿਸ਼ਨ ਪ੍ਰਹਾਰ': 4 ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ 'ਤੇ ਛਾਪੇਮਾਰੀ, 150 ਨੌਜਵਾਨ ਕਰਵਾਏ ਆਜ਼ਾਦ
ਖੰਨਾ, 30 ਜਨਵਰੀ (2026): ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ 'ਮਿਸ਼ਨ ਪ੍ਰਹਾਰ' ਤਹਿਤ ਖੰਨਾ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਐਸ.ਐਸ.ਪੀ. (SSP) ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਚਾਰ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਬੇਹਦ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਪੁਲਿਸ ਅਨੁਸਾਰ, ਇਨ੍ਹਾਂ ਕੇਂਦਰਾਂ ਵਿੱਚ 150 ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਖ਼ਿਲਾਫ਼ ਜ਼ਬਰਦਸਤੀ ਬੰਦ ਕਰਕੇ ਰੱਖਿਆ ਗਿਆ ਸੀ। ਮਰੀਜ਼ਾਂ ਨੂੰ ਅਣਮਨੁੱਖੀ ਹਾਲਾਤਾਂ ਵਿੱਚ ਰੱਖਿਆ ਜਾ ਰਿਹਾ ਸੀ, ਜਿੱਥੇ ਸਿਹਤ ਸਹੂਲਤਾਂ ਜਾਂ ਸਹੀ ਖਾਣ-ਪੀਣ ਦਾ ਕੋਈ ਪ੍ਰਬੰਧ ਨਹੀਂ ਸੀ।
ਪੁਲਿਸ ਨੇ ਕਾਰਵਾਈ ਕਰਦਿਆਂ ਸਾਰੇ ਲੋਕਾਂ ਨੂੰ ਤੁਰੰਤ ਉੱਥੋਂ ਆਜ਼ਾਦ ਕਰਵਾਇਆ। ਇਸ ਮਾਮਲੇ ਵਿੱਚ ਇੱਕ ਹੋਰ ਦੁਖਦਾਈ ਪਹਿਲੂ ਸਾਹਮਣੇ ਆਇਆ ਹੈ। ਦੋਸ਼ ਲਗਾਇਆ ਗਿਆ ਹੈ ਕਿ ਇਨ੍ਹਾਂ ਕੇਂਦਰਾਂ ਦੇ ਸੰਚਾਲਕ ਗੁਰਬਾਣੀ ਨਾਲ ਜੋੜਨ ਦੇ ਨਾਮ 'ਤੇ ਲੋਕਾਂ ਨਾਲ ਧੋਖਾ ਕਰ ਰਹੇ ਸਨ।