ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵੱਲੋਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਜ਼ਿਲ੍ਹੇ ਦੀਆਂ 30 ਗਊਸ਼ਾਲਾਵਾਂ ਨੂੰ ਇੱਕ ਹਫਤੇ ਅੰਦਰ ਮੁਫ਼ਤ ਮਿਲਣਗੇ "ਗਊ ਲਿਫਟਰ": ਉਪ ਚੇਅਰਮੈਨ ਕੀਮਤੀ ਭਗਤ
ਪੰਜਾਬ ਸਰਕਾਰ ਨੇ ਚਾਰੇ ਅਤੇ ਪਸ਼ੂ ਖੁਰਾਕ ਲਈ ਪ੍ਰਤੀ ਗਊ ਰੋਜ਼ਾਨਾ ਸਹਾਇਤਾ ਰਾਸ਼ੀ ਵਧਾ ਕੇ 61 ਰੁਪਏ ਕੀਤੀ
ਗਊ ਟੈਕਸ ਦਾ ਪੈਸਾ ਸਿਰਫ਼ ਤੇ ਸਿਰਫ਼ ਗਊਆਂ ਦੀ ਭਲਾਈ 'ਤੇ ਹੀ ਖ਼ਰਚ ਕਰਨ ਦੀ ਹਦਾਇਤ
ਅਸ਼ੋਕ ਵਰਮਾ
ਮਾਨਸਾ, 16 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ, ਸੂਬੇ ਵਿੱਚ ਲਵਾਰਿਸ ਅਤੇ ਬੇਸਹਾਰਾ ਗਊ ਧੰਨ ਦੀ ਸੇਵਾ-ਸੰਭਾਲ, ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਗਊਸ਼ਾਲਾਵਾਂ ਦੀ ਸਥਿਤੀ ਨੂੰ ਸੁਧਾਰਨ ਲਈ ਕਾਰਜਸ਼ੀਲ, ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਅੱਜ ਬੱਚਤ ਭਵਨ ਵਿਖੇ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਪ ਚੇਅਰਮੈਨ ਕੀਮਤੀ ਭਗਤ ਨੇ ਗਊਸ਼ਾਲਾਵਾਂ ਵਿੱਚ ਰੱਖੇ ਗਏ ਪਸ਼ੂਆਂ ਦੀ ਦੇਖਭਾਲ, ਹਰੇ ਚਾਰੇ, ਟੀਕਾਕਰਨ ਅਤੇ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਲਗਭਗ 30 ਗਊਸ਼ਾਲਾਵਾਂ ਨੂੰ ਮੁਫ਼ਤ ਗਊਧਨ ਲਿਫਟਰ ਦਿੱਤੇ ਜਾਣਗੇ ਜੋ ਕਿ ਅਗਲੇ ਹਫਤੇ ਤੱਕ ਮਾਨਸਾ ਵਿਖੇ ਪੁੱਜ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੀਆਂ ਗਊਸ਼ਾਲਾਵਾਂ ਨੂੰ 3 ਕਰੋੜ ਤੋਂ ਵੱਧ ਰਾਸ਼ੀ ਦੀ ਲਾਗਤ ਨਾਲ 500 ਦੇ ਕਰੀਬ ਲਿਫਟਰ ਦਿੱਤੇ ਜਾਣੇ ਹਨ।
ਉਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਹੋਏ ਹਨ ਪਰ ਫਿਰ ਵੀ ਜੇਕਰ ਕਿਸੇ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ੀ ਦੇ ਕੇਸ ਬਕਾਇਆ ਹਨ, ਉਨ੍ਹਾਂ ਨੂੰ ਤੁਰੰਤ ਤਿਆਰ ਕਰਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰਾਹੀਂ ਕਮਿਸ਼ਨ ਨੂੰ ਭੇਜਿਆ ਜਾਵੇ ਤਾਂ ਕਿ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਚਾਰੇ, ਸੁੱਕੇ ਚਾਰੇ ਤੇ ਹੋਰ ਖੁਰਾਕ ਲਈ ਪ੍ਰਤੀ ਗਊ ਰੋਜ਼ਾਨਾ ਸਹਾਇਤਾ ਰਾਸ਼ੀ ਵਧਾ ਕੇ 61 ਰੁਪਏ ਕਰ ਦਿੱਤੀ ਹੈ, ਜਿਸ ਨਾਲ ਗਊਸ਼ਾਲਾਵਾਂ ਦੀ ਆਰਥਿਕ ਮਜ਼ਬੂਤੀ ਤੇ ਗਊ ਧੰਨ ਦੀ ਬਿਹਤਰ ਦੇਖਭਾਲ ਯਕੀਨੀ ਹੋਵੇਗੀ।
ਉਪ ਚੇਅਰਮੈਨ ਨੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਗਊਆਂ ਨੂੰ ਸੜਕਾਂ ਉਤੇ ਲਵਾਰਿਸ ਛੱਡਣ ਵਾਲੇ ਡੇਅਰੀ ਫਾਰਮਾਂ ਤੇ ਹੋਰ ਵਿਅਕਤੀਆਂ ਖ਼ਿਲਾਫ਼ ਮਿਊਂਸਪਲ ਐਕਟ ਤਹਿਤ ਜੁਰਮਾਨੇ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਨੂੰ ਗਊਧਨ ਦੀ ਸਮੱਗਲਿੰਗ ਦੇ ਮਾਮਲਿਆਂ ’ਚ ਸਖ਼ਤ ਨਿਗਰਾਨੀ ਰੱਖਣ ਅਤੇ ਦੋਸ਼ੀਆਂ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੇ ਵੀ ਆਦੇਸ਼ ਦਿੱਤੇ ਗਏ।
ਉਪ ਚੇਅਰਮੈਨ ਨੇ
ਨਗਰ ਕੌਂਸਲਾਂ ਵੱਲੋਂ ਇਕੱਠੇ ਕੀਤੇ ਜਾਣ ਵਾਲੇ ਗਊ ਟੈਕਸ ਦੀ ਰਾਸ਼ੀ ਨੂੰ ਸਿੱਧਾ ਗਊਸ਼ਾਲਾਵਾਂ ਦੇ ਵਿਕਾਸ ਅਤੇ ਬੇਸਹਾਰਾ ਪਸ਼ੂਆਂ ਦੇ ਚਾਰੇ ਲਈ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਊ ਟੈਕਸ ਦਾ ਪੈਸਾ ਸਿਰਫ਼ ਤੇ ਸਿਰਫ਼ ਗਊ ਧੰਨ ਦੀ ਭਲਾਈ ਲਈ ਹੀ ਖਰਚ ਕੀਤਾ ਜਾਵੇ।
ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ
ਸੜਕਾਂ 'ਤੇ ਘੁੰਮਦੇ, ਖੇਤਾਂ ਵਿੱਚ ਫ਼ਸਲ ਦਾ ਉਜਾੜਾ ਕਰਨ ਵਾਲੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਾਵਾਰਿਸ ਗਊ ਧਨ ਦੀ ਸੇਵਾ ਸੰਭਾਲ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਕੌਮੀ ਦਿਹਾੜਿਆਂ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।
ਉਪ ਚੇਅਰਮੈਨ ਕੀਮਤੀ ਭਗਤ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਬਲਾਕਾਂ ਦੇ ਪੇਂਡੂ ਖੇਤਰਾਂ ਵਿੱਚ ਨਵੀਆਂ ਗਊਸ਼ਾਲਾਵਾਂ ਬਣਾਉਣ ਲਈ ਢੁਕਵੀਂ ਜ਼ਮੀਨ ਦੀ ਪਛਾਣ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਗਊਸ਼ਾਲਾਵਾਂ ਦੇ ਨਿਰਮਾਣ ਅਤੇ ਵਿਕਾਸ ਲਈ ਲੋੜੀਂਦਾ ਬਜਟ ਪੰਚਾਇਤ ਵਿਭਾਗ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਪਿੰਡਾਂ ਦੇ ਪੱਧਰ 'ਤੇ ਹੀ ਬੇਸਹਾਰਾ ਪਸ਼ੂਆਂ ਦੀ ਸਹੀ ਸਾਂਭ-ਸੰਭਾਲ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਗਊਸ਼ਾਲਾਵਾਂ ਦੇ ਪ੍ਰਤੀਨਿਧਾਂ ਦੀਆਂ ਸਮੱਸਿਆਵਾਂ ਸੁਣਦਿਆਂ ਭਰੋਸਾ ਦਿਵਾਇਆ ਕਿ ਪਸ਼ੂ ਧੰਨ ਲਈ ਹਰੇ ਚਾਰੇ, ਸਾਫ਼ ਪਾਣੀ, ਸ਼ੈੱਡਾਂ ਦੀ ਮੁਰੰਮਤ ਅਤੇ ਪਸ਼ੂਆਂ ਦਾ ਨਿਯਮਤ ਟੀਕਾਕਰਨ ਤੇ ਮੈਡੀਕਲ ਸਹੂਲਤਾਂ, ਵੈਟਰਨਰੀ ਡਾਕਟਰਾਂ ਦੇ ਨਿਯਮਤ ਦੌਰਿਆਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਕੀਮਤੀ ਭਗਤ ਵੱਲੋਂ ਆਮ ਲੋਕਾਂ, ਧਾਰਮਿਕ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਗਊ ਸੇਵਾ ਨਾਲ ਜੁੜਨ ਅਤੇ ਗਊਸ਼ਾਲਾਵਾਂ ਨੂੰ ਆਰਥਿਕ ਜਾਂ ਚਾਰੇ ਦੇ ਰੂਪ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਮੇਂ- ਸਮੇਂ ਉੱਤੇ ਮੀਟਿੰਗ ਕਰਕੇ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਗਊਸ਼ਾਲਾ ਖੋਖਰ ਕਲਾਂ ’ਚ ਗਊਧਨ ਦੀ ਸੰਭਾਲ ਲਈ ਹਰ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ ਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਡੀਐਸਪੀ ਪੁਸ਼ਪਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਰਵੀਕਾਂਤ ਸਮੇਤ ਹੋਰ ਅਧਿਕਾਰੀ ਅਤੇ ਵੱਖ ਵੱਖ ਗਊਸ਼ਾਲਾਵਾਂ ਦੇ ਸੰਚਾਲਕ ਤੇ ਪ੍ਰਤਿਨਿਧ ਹਾਜ਼ਰ ਸਨ।
ਮੀਟਿੰਗ ਉਪਰੰਤ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦਾ ਵੀ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
- Download Babushahi App
-
-