ਗੁਰਦੁਆਰਾ ਬੰਗਲਾ ਸਾਹਿਬ ਵਿੱਚ ਗੁਰਮਤਿ ਸਮਾਗਮ ਸ਼ਰਧਾ ਤੇ ਸਿੱਖੀ ਚੇਤਨਾ ਨਾਲ ਸੰਪੰਨ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 27 ਜਨਵਰੀ
ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਅਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 41ਵਾਂ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਬੜੀ ਸ਼ਰਧਾ, ਆਤਮਿਕ ਉਤਸ਼ਾਹ ਅਤੇ ਗੁਰਮਤਿ ਮਰਿਆਦਾ ਅਨੁਸਾਰ ਕਰਵਾਇਆ ਗਿਆ।
ਇਸ ਗੁਰਮਤਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਦੇ ਨਾਲ-ਨਾਲ ਦੂਰ-ਦੂਰ ਤੋਂ ਆਈਆਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਵਿਚਾਰ, ਕੀਰਤਨ ਅਤੇ ਗੁਰਸਿੱਖ ਰਿਵਾਇਤਾਂ ਨਾਲ ਆਤਮਿਕ ਲਾਭ ਪ੍ਰਾਪਤ ਕੀਤਾ।
ਸਰਦਾਰ ਕਾਲਕਾ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸਿੱਖ ਕੌਮ ਨੂੰ ਆਪਣੇ ਮਹਾਨ ਇਤਿਹਾਸ, ਗੁਰੂ ਸਾਹਿਬਾਨ ਦੀ ਅਟੱਲ ਬਾਣੀ ਅਤੇ ਸ਼ਹੀਦੀ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਨੌਜਵਾਨ ਪੀੜ੍ਹੀ ਵਿੱਚ ਸਿੱਖੀ ਦੇ ਮੂਲ ਸਿਧਾਂਤਾਂ ਪ੍ਰਤੀ ਦ੍ਰਿੜ਼ਤਾ ਅਤੇ ਚੇਤਨਾ ਨੂੰ ਹੋਰ ਮਜ਼ਬੂਤ ਕਰਦੇ ਹਨ।