ਗੁਰੂ ਨਾਨਕ ਬਾਣੀ ਦਾ ਭਾਸ਼ਾਈ ਪ੍ਰਸੰਗ ਵਿਸ਼ੇ ’ਤੇ ਸਾਹਿਤਿਕ ਗੋਸ਼ਟੀ ਕਰਵਾਈ ਜਾਵੇਗੀ
• ਸਮੂਹ ਸਾਹਿਤਕਾਰਾਂ, ਵਿਦਵਾਨਾਂ ਅਤੇ ਸ਼ਹਿਰ ਵਾਸੀਆਂ ਨੂੰ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ: 11 ਨਵੰਬਰ 2026 ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਅਗਵਾਈ ਅਤੇ ਨਿਰਦੇਸ਼ਕ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਵਿਚਾਰਧਾਰਾ ਅਤੇ ਇਸ ਦੇ ਭਾਸ਼ਾਈ ਪੱਖਾਂ ਨੂੰ ਕੇਂਦਰ ਵਿੱਚ ਰੱਖਦਿਆਂ ਇੱਕ ਵਿਸ਼ੇਸ਼ ਸਾਹਿਤਿਕ ਗੋਸ਼ਟੀ ਕਰਵਾਈ ਜਾ ਰਹੀ ਹੈ।
ਇਸ ਸਾਹਿਤਿਕ ਗੋਸ਼ਟੀ ਦਾ ਵਿਸ਼ਾ ‘ਗੁਰੂ ਨਾਨਕ ਬਾਣੀ ਦਾ ਭਾਸ਼ਾਈ ਪ੍ਰਸੰਗ’ ਹੋਵੇਗਾ। ਇਸ ਸਾਹਿਤਕ ਗੋਸ਼ਟੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਸਮੋਈ ਸਰਬਸਾਂਝੀਵਾਲਤਾ, ਮਾਨਵਤਾ, ਸਮਾਜਿਕ ਬਰਾਬਰੀ, ਲੋਕ-ਚੇਤਨਾ ਅਤੇ ਭਾਸ਼ਾਈ ਵਿਭਿੰਨਤਾ ਦੇ ਮਹੱਤਵਪੂਰਨ ਪਹਿਲੂਆਂ ਬਾਰੇ ਵਿਦਵਾਨਾਂ ਵੱਲੋਂ ਵਿਚਾਰ-ਚਰਚਾ ਕੀਤੀ ਜਾਵੇਗੀ।
ਇਸ ਮੌਕੇ ਪ੍ਰਸਿੱਧ ਵਿਦਵਾਨ ਡਾ. ਆਸਾ ਸਿੰਘ ਘੁੰਮਣ ਅਤੇ ਪ੍ਰੋ. ਅਵਤਾਰ ਸਿੰਘ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕਰਨਗੇ ਅਤੇ ਆਪਣੇ ਵਿਚਾਰ ਸਾਂਝੇ ਕਰਨਗੇ। ਸਮਾਗਮ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਵੱਲੋਂ ਕੀਤੀ ਜਾਵੇਗੀ, ਜਦਕਿ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਉਣਗੇ।
ਸਾਹਿਤ ਸਭਾ, ਸੁਲਤਾਨਪੁਰ ਲੋਧੀ ਵੱਲੋਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।
ਸਮਾਗਮ ਦਾ ਸਮੁੱਚਾ ਪ੍ਰਬੰਧ ਅਤੇ ਰੂਪ-ਰੇਖਾ ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਉਲੀਕੀ ਗਈ ਹੈ। ਮੰਚ ਸੰਚਾਲਨ ਦੀ ਅਹਿਮ ਭੂਮਿਕਾ ਸ੍ਰੀ ਮੁਖਤਿਆਰ ਸਿੰਘ ਚੰਦੀ ਜੀ ਵੱਲੋਂ ਨਿਭਾਈ ਜਾਵੇਗੀ।
ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਹੋਵੇਗੀ। ਇਸ ਤੋਂ ਇਲਾਵਾ ਵਿਦਿਆਰਥੀ ਵਰਗ ਦੀ ਸਰਗਰਮ ਸ਼ਮੂਲੀਅਤ ਵੀ ਯਕੀਨੀ ਬਣਾਈ ਜਾਵੇਗੀ। ਸਮਾਗਮ ਵਿੱਚ ਸਾਹਿਤਕਾਰਾਂ, ਲੇਖਕਾਂ, ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਨੁਮਾਇੰਦੇ ਵੀ ਸ਼ਿਰਕਤ ਕਰਨਗੇ।
ਇਹ ਗੋਸ਼ਟੀ ਕੇਵਲ ਇੱਕ ਸਾਹਿਤਿਕ ਵਿਚਾਰ-ਚਰਚਾ ਹੀ ਨਹੀਂ, ਸਗੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ, ਵਿਚਾਰਧਾਰਕ ਅਤੇ ਸੱਭਿਆਚਾਰਕ ਮਹੱਤਵ ਨੂੰ ਸਮਝਣ ਅਤੇ ਨਵੀਂ ਪੀੜ੍ਹੀ ਤੱਕ ਇਸ ਦੀ ਅਮੀਰ ਵਿਰਾਸਤ ਪਹੁੰਚਾਉਣ ਦਾ ਇੱਕ ਸਾਰਥਕ ਉਪਰਾਲਾ ਹੋਵੇਗੀ।
ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵੱਲੋਂ ਸਮੂਹ ਸਾਹਿਤਕਾਰਾਂ, ਲੇਖਕਾਂ, ਵਿਦਵਾਨਾਂ, ਅਧਿਆਪਕਾਂ, ਵਿਦਿਆਰਥੀਆਂ, ਸਾਹਿਤ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਨੂੰ ਇਸ ਸਾਹਿਤਿਕ ਗੋਸ਼ਟੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ, ਤਾਂ ਜੋ ਪੰਜਾਬੀ ਮਾਂ-ਬੋਲੀ ਅਤੇ ਗੁਰੂ ਨਾਨਕ ਬਾਣੀ ਦੀ ਅਮੀਰ ਵਿਰਾਸਤ ਨਾਲ ਸਾਂਝ ਨੂੰ ਹੋਰ ਗੂੜ੍ਹਾ ਕੀਤਾ ਜਾ ਸਕੇ।
ਆਓ, ਗੁਰੂ ਨਾਨਕ ਬਾਣੀ ਦੇ ਚਾਨਣ ਵਿੱਚ ਭਾਸ਼ਾ, ਸਾਹਿਤ ਅਤੇ ਮਾਨਵਤਾ ਦੀ ਸਾਂਝ ਨੂੰ ਹੋਰ ਮਜ਼ਬੂਤ ਕਰੀਏ।
ਇਸ ਸਮਾਗਮ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਦੇ ਸਟਾਫ਼ ਵੱਲੋਂ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਾਈ ਜਾਵੇਗੀ।
- Download Babushahi App
-
-